ਹਰਿਆਣਾ (Haryana) ਵਿੱਚ ਇਸ ਸਾਲ ਦੇ ਅੰਤ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਭਾਜਪਾ ਸਿੱਖ ਵੋਟ ਬੈਂਕ ਨੂੰ ਆਪਣੇ ਵੱਲ ਖਿੱਚਣ ਦੀ ਜ਼ੋਰਦਾਰ ਕੋਸ਼ਿਸ਼ ਕਰ ਰਹੀ ਹੈ। ਇਹ ਚਰਚਾ ਪੂਰੇ ਜ਼ੋਰ ਨਾਲ ਚੱਲ ਰਹੀ ਹੈ ਕਿ ਉਹ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੂੰ ਹਰਿਆਣਾ ਤੋਂ ਰਾਜ ਸਭਾ ਵਿੱਚ ਭੇਜ ਸਕਦੀ ਹੈ। ਦੱਸ ਦੇਈਏ ਕਿ ਰੋਹਤਕ ਤੋਂ ਦਪਿੰਦਰ ਹੁੱਡਾ ਦੇ ਸੰਸਦ ਮੈਂਬਰ ਚੁਣੇ ਜਾਣ ਕਰਕੇ ਇਹ ਸੀਟ ਖਾਲੀ ਹੋਈ ਹੈ। ਇਸ ਦੇ ਨਾਲ ਇਹ ਵੀ ਚਰਚਾ ਜ਼ੋਰਾਂ ‘ਤੇ ਹੈ ਕਿ ਭਾਜਪਾ ਸਾਬਕਾ ਮੰਤਰੀ ਮਨੀਸ਼ ਗਰੋਵਰ ਨੂੰ ਆਪਣਾ ਉਮੀਦਵਾਰ ਬਣਾ ਸਕਦੀ ਹੈ। ਇਹ ਸਮਾਂ ਦੱਸੇਗਾ ਕਿ ਭਾਜਪਾ ਦ ਉਮੀਦਵਾਰ ਕੌਣ ਹੋਵੇਗਾ
ਹਰਿਆਣਾ ਵਿੱਚ ਸਿੱਖ ਵੋਟਾਂ ਭਾਰੀ ਗਿਣਤੀ ਵਿੱਚ ਹਨ। ਇਸੇ ਦੇ ਚਲਦੇ ਹੀ ਸਿੱਖ ਅਤੇ ਪੰਜਾਬੀ ਭਾਈਚਾਰੇ ਦੇ ਲੋਕਾਂ ਨੇ ਰਾਜਨੀਤੀ ਵਿੱਚ ਆਪਣੇ ਹਿੱਸੇ ਦੀ ਮੰਗ ਕੀਤੀ ਸੀ। ਪੰਜਾਬ ਦੀ ਸਰਹੱਦ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਸਿੱਖ ਅਤੇ ਪੰਜਾਬੀ ਭਾਈਚਾਰਿਆਂ ਦੀਆਂ ਵੱਡੀ ਗਿਣਤੀ ਵਿੱਚ ਵੋਟਾਂ ਹਨ। ਇਸ ਕਰਕੇ ਜੇਕਰ ਭਾਜਪਾ ਬਿੱਟੂ ਨੂੰ ਰਾਜ ਸਭਾ ਵਿੱਚ ਭੇਜਦੀ ਹੈ ਤਾਂ ਉਹ ਸਿੱਖ ਵੋਟਾਂ ਸਮੇਤ ਪੰਜਾਬੀ ਵੋਟਾਂ ਨੂੰ ਆਪਣੇ ਵੱਲ ਖਿੱਚ ਸਕਦੀ ਹੈ।
ਰਵਨੀਤ ਸਿੰਘ ਬਿੱਟੂ ਨੇ ਲੁਧਿਆਣਾ ਤੋ ਲੋਕ ਸਭਾ ਚੋਣ ਲੜੀ ਸੀ ਪਰ ਉਹ ਕਾਮਯਾਬ ਨਹੀਂ ਹੋ ਸਕੇ ਸਨ। ਇਸ ਦੇ ਬਾਵਜੂਦ ਵੀ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਵਿੱਚ ਉਨ੍ਹਾਂ ਨੂੰ ਕੇਂਦਰੀ ਰਾਜ ਮੰਤਰੀ ਬਣਾਇਆ ਗਿਆ ਹੈ। ਜੇਕਰ ਉਹ 6 ਮਹੀਨਿਆਂ ਵਿੱਚ ਰਾਜ ਸਭਾ ਦੇ ਮੈਂਬਰ ਨਹੀਂ ਬਣਦੇ ਤਾਂ ਉਨ੍ਹਾਂ ਨੂੰ ਆਪਣਾ ਮੰਤਰੀ ਦੇ ਅਹੁਦਾ ਛੱਡਣਾ ਪੈ ਸਕਦਾ ਹੈ।