Punjab

ਰਾਸ਼ਟਰਪਤੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਤੋਂ ਕੀਤਾ ਇਨਕਾਰ

‘ਦ ਖ਼ਾਲਸ ਬਿਊਰੋ :- ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਖੇਤੀ ਸੋਧ ਬਿੱਲਾਂ ਦੇ ਮਾਮਲੇ ’ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਸਾਰੇ ਵਿਧਾਇਕਾਂ ਨਾਲ ਮਿਲ ਕੇ 4 ਨਵੰਬਰ ਨੂੰ ਰਾਸ਼ਟਰਪਤੀ ਨੂੰ ਮਿਲਣਾ ਸੀ। ਕੈਪਟਨ ਨੇ 29 ਅਕਤੂਬਰ ਨੂੰ ਸਾਰੇ ਵਿਧਾਇਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਰਾਸ਼ਟਰਪਤੀ ਨੂੰ ਮਿਲਣ ਵਾਸਤੇ ਉਨ੍ਹਾਂ ਨਾਲ ਦਿੱਲੀ ਚੱਲਣ।

ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਰਾਸ਼ਟਰਪਤੀ ਤੱਕ ਮੁੜ ਪਹੁੰਚ ਕਰ ਰਹੀ ਹੈ। ਰਾਸ਼ਟਰਪਤੀ ਭਵਨ ਨੇ ਅੱਜ ਮੁੱਖ ਮੰਤਰੀ ਨੂੰ ਪੱਤਰ ਭੇਜ ਕੇ ਮੁਲਾਕਾਤ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਲਿਖਤੀ ਰੂਪ ਵਿੱਚ ਰਾਸ਼ਟਰਪਤੀ ਨੂੰ ਮਿਲਣ ਦਾ ਸਮਾਂ ਮੰਗਿਆ ਸੀ। ਰਾਸ਼ਟਰਪਤੀ ਸਕੱਤਰੇਤ ਵੱਲੋਂ ਇਹ ਦਲੀਲ ਦਿੱਤੀ ਗਈ ਹੈ ਕਿ ਪੰਜਾਬ ਵਿਧਾਨ ਸਭਾ ਨੇ ਜੋ ਖੇਤੀ ਸੋਧ ਬਿੱਲ ਪਾਸ ਕੀਤੇ ਹਨ, ਉਹ ਅਜੇ ਸੂਬੇ ਦੇ ਰਾਜਪਾਲ ਕੋਲ ਹੀ ਪੈਂਡਿੰਗ ਪਏ ਹਨ, ਜਿਸ ਕਰਕੇ ਰਾਸ਼ਟਰਪਤੀ ਨੂੰ ਮਿਲਣ ਦੀ ਕੋਈ ਤੁਕ ਨਹੀਂ ਰਹਿ ਜਾਂਦੀ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 20 ਅਕਤੂਬਰ ਨੂੰ ਖੇਤੀ ਸੋਧ ਬਿੱਲ ਪਾਸ ਕਰਨ ਮਗਰੋਂ ਸਾਰੇ ਵਿਧਾਇਕਾਂ ਨੂੰ ਨਾਲ ਲੈ ਕੇ ਇਹ ਬਿੱਲ ਰਾਜਪਾਲ ਵੀ ਪੀ ਸਿੰਘ ਬਦਨੌਰ ਦੇ ਹਵਾਲੇ ਕੀਤੇ ਸਨ। ਉਸੇ ਦਿਨ ਹੀ ਮੁੱਖ ਮੰਤਰੀ ਨੇ ਖੁਲਾਸਾ ਕੀਤਾ ਸੀ ਕਿ ਉਹ 2 ਤੋਂ 5 ਨਵੰਬਰ ਦੇ ਵਿਚਕਾਰ ਰਾਸ਼ਟਰਪਤੀ ਨੂੰ ਮਿਲਣ ਲਈ ਸਮਾਂ ਲੈ ਰਹੇ ਹਨ। ਮੁੱਖ ਮੰਤਰੀ ਦੀ ਅਗਵਾਈ ਵਾਲੇ ਵਫ਼ਦ ਨੇ ਰਾਸ਼ਟਰਪਤੀ ਨੂੰ ਯਾਦ ਪੱਤਰ ਦੇ ਕੇ ਇਹੋ ਮੰਗ ਕਰਨੀ ਸੀ ਕਿ ਪੈਂਡਿੰਗ ਖੇਤੀ ਸੋਧ ਬਿੱਲਾਂ ਦਾ ਛੇਤੀ ਨਿਪਟਾਰਾ ਕੀਤਾ ਜਾਵੇ।

ਰਾਸ਼ਟਰਪਤੀ ਦੇ ਇਨਕਾਰ ਮਗਰੋਂ ਮੁੱਖ ਮੰਤਰੀ ਵੱਲੋਂ ਹੁਣ ਨਵੇਂ ਸਿਰਿਓਂ ਦਿੱਲੀ ਜਾਣ ਦਾ ਪ੍ਰੋਗਰਾਮ ਬਣਾਇਆ ਜਾਵੇਗਾ। ਮੁੱਖ ਮੰਤਰੀ ਆਪਣੇ ਸਾਥੀਆਂ ਸਮੇਤ ਦਿੱਲੀ ਦੇ ਰਾਜਘਾਟ ’ਤੇ ਬੈਠ ਸਕਦੇ ਹਨ।

ਕੇਂਦਰ ਨੇ ਕੀਤਾ ਛੋਟੀ ਸੋਚ ਦਾ ਪ੍ਰਗਟਾਵਾ: ਜਾਖੜ

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦਿਆਂ ਛੋਟੀ ਸੋਚ ਦਾ ਪ੍ਰਗਟਾਵਾ ਕਰ ਰਹੀ ਹੈ। ਕੇਂਦਰ ਦਾ ਇਹ ਅੜੀਅਲ ਰਵੱਈਆ ਲੋਕ ਰਾਜ ਵਿੱਚ ਸ਼ੋਭਾ ਨਹੀਂ ਦਿੰਦਾ ਅਤੇ ਇਹ ਮਾਰੂ ਸਾਬਿਤ ਹੋ ਸਕਦਾ ਹੈ।

Comments are closed.