Punjab

ਨ ਸ਼ੇ ਖਿਲਾਫ਼ ਪੰਜਾਬ ਪੁਲਿਸ ਦੀ ਸਰਜੀਕਲ ਸਟਰਾਇਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪੁਲਿਸ ਨੇ ਇਕ ਮਹੀਨੇ ਵਿਚ 2205 ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਤੋਂ ਇਲਾਵਾ ਇਕ ਮਹੀਨੇ ਵਿਚ 147 ਕਿੱਲੋ ਦੇ ਕਰੀਬ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਆਈਜੀ ਸੁਖਚੈਨ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਨੇ ਡਰੱਗ ਸਮਗਲਰਾਂ ਵਿਰੁੱਧ ਕੁੜਿੱਕੀ ਸ਼ਖਤ ਕਰ ਦਿੱਤੀ ਹੈ ਅਤੇ ਛੇਤੀ ਹੀ ਪੰਜਾਬ ਵਿੱਚੋ ਨਸ਼ਾ ਤਸਕਰਾਂ ਦਾ ਸਫ਼ਾਇਆ ਕਰ ਦਿੱਤਾ ਜਾਵੇਗਾ। ਉਨ੍ਹਾਂ ਦਸਿਆ ਕਿ ਕਿ ਇਸੇ ਮਾਮਲੇ ਵਿਚ 6 ਪੁਲਿਸ ਅਫ਼ਸਰਾਂ ਵਿਰੁੱਧ ਵੀ ਕਾਰਵਾਈ ਕੀਤੀ ਗਈ ਹੈ ਅਤੇ ਇਕ ਹਫ਼ਤੇ ਵਿਚ 329 ਪਰਚੇ ਨਸ਼ਾ ਤਸਕਰਾਂ ਵਿਰੁੱਧ ਦਰਜ ਕੀਤੇ ਗਏ ਹਨ। 

ਪੁਲਿਸ ਵੱਲੋਂ ਕੁੱਲ 1730 ਐਫ.ਆਈ.ਆਰਜ਼. ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 145 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ। ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਨੇ ਪਿਛਲੇ ਮਹੀਨੇ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 48.95 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਪੁਲਿਸ ਨੇ ਪਿਛਲੇ ਮਹੀਨੇ 99 ਭਗੌੜਿਆਂ ਅਤੇ ਐਨਡੀਪੀਐਸ ਕੇਸਾਂ ਵਿੱਚ ਲੋੜੀਂਦੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਾਰੇ ਪੁਲਿਸ ਜ਼ਿਲ੍ਹਿਆਂ ਦੀ ਹਫਤਾਵਾਰੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਅਤੇ ਡਰੱਗ ਮਨੀ ਦੀ ਬਰਾਮਦਗੀ, ਕੇਸ ਦਰਜ ਕਰਨ, ਨਸ਼ਿਆਂ ਦੇ ਤਸਕਰਾਂ ਅਤੇ ਭਗੌੜੇ ਅਪਰਾਧੀਆਂ ਦੀਆਂ ਗ੍ਰਿਫਤਾਰੀਆਂ ਦੇ ਆਧਾਰ ‘ਤੇ ਤਿੰਨ ਚੋਟੀ ਦੇ ਜ਼ਿਲ੍ਹਿਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹਨਾਂ ਤਿੰਨੋਂ ਸਿਖਰਲੇ ਜ਼ਿਲ੍ਹਿਆਂ ਨੂੰ ਮੁੱਖ ਮੰਤਰੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ।

ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਕਰਕੇ ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਅਤੇ ਨਸ਼ਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।