‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਵਿੱਦਿਅਕ ਅਦਾਰੇ ਬੰਦ ਕਰਨ ਦੇ ਸੂਬਾ ਸਰਕਾਰ ਦੇ ਫ਼ੈਸਲੇ ਦੇ ਖ਼ਿਲਾਫ਼ ਪੰਜਾਬ ਕਿਸਾਨ ਯੂਨੀਅਨ ਦੇ ਯੂਥ ਵਿੰਗ ਨੇ ਰੋਸ ਮਾਨਸਾ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ। ਇਸ ਦੌਰਾਨ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਵੀ ਨਾਰੇਬਾਜ਼ੀ ਕੀਤੀ ਗਈ।
ਯੂਥ ਵਿੰਗ ਦੇ ਸੁਖਦੀਪ ਸੁੱਖੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮਾਨਸਾ ਸ਼ਹਿਰ ਵਿੱਚੋਂ ਵੱਡੀ ਗਿਣਤੀ ਨੌਜਵਾਨ ਦਿੱਲੀ ਵੱਲ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਜੇ ਪੰਜਾਬ ਸਰਕਾਰ ਵੱਲੋਂ 10 ਅਪਰੈਲ ਨੂੰ ਸਕੂਲ-ਕਾਲਜ ਨਹੀਂ ਖੋਲ੍ਹੇ ਗਏ ਤਾਂ ਪਿੰਡਾਂ ਦੀਆਂ ਪੰਚਾਇਤਾਂ ਤੇ ਜਥੇਬੰਦੀਆਂ ਦੇ ਸਹਿਯੋਗ ਨਾਲ ਸਕੂਲ ਖੋਲ੍ਹਣ ਲਈ ਸੰਘਰਸ਼ ਹੋਰ ਤੇਜ਼ ਕੀਤੀ ਜਾਵੇਗਾ।
ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਗੁਰਜੰਟ ਸਿੰਘ ਮਾਨਸਾ ਨੇ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਲੋਕਾਂ ਦੇ ਖਿਲਾਫ ਨੀਤੀਆਂ ਘੜ ਰਹੀ ਹੈ, ਉੱਥੇ ਹੀ ਪੰਜਾਬ ਸਰਕਾਰ ਵੀ ਸਕੂਲਾਂ ਨੂੰ ਬੰਦ ਕਰਕੇ ਬੱਚਿਆਂ ਦਾ ਭਵਿੱਖ ਖਰਾਬ ਕਰ ਰਹੀ ਹੈ। ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਰੁਜ਼ਗਾਰ ਕਰ ਰਹੇ ਲੋਕਾਂ ਦੇ ਰੁਜ਼ਗਾਰ ਖੋਹੇ ਜਾ ਰਹੇ ਹਨ।
ਬਰਨਾਲਾ ਵਿੱਚ ਪ੍ਰਾਈਵੇਟ ਅਨਏਡਿਡ ਸਕੂਲ ਐਸੋਸੀਏਸ਼ਨ (ਪੂਸਾ) ਨੇ ਸੂਬਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ 12 ਅਪਰੈਲ ਨੂੰ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿੱਖਿਆ ਵਿਭਾਗ ਜਾਂ ਪ੍ਰਸ਼ਾਸਨ ਸਕੂਲਾਂ ਖ਼ਿਲਾਫ਼ ਕੋਈ ਕਾਰਵਾਈ ਕਰਦਾ ਹੈ ਤਾਂ ਅਦਾਲਤ ਦਾ ਸਹਾਰਾ ਲਿਆ ਜਾਵੇਗਾ।