‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਬਾਲਾ ਵਿੱਚ ਪੁਲਿਸ ਨੇ ਧਰਨਾ ਦੇ ਰਹੇ ਕਿਸਾਨਾਂ ਨੂੰ ਚੁੱਕ ਦਿੱਤਾ ਹੈ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਖਿੱਚ-ਧੂਹ ਹੋਈ, ਜਿਸ ਤੋਂ ਬਾਅਦ ਪੁਲਿਸ ਕਿਸਾਨਾਂ ਨੂੰ ਧਰਨੇ ਤੋਂ ਧੂਹ ਕੇ ਲੈ ਗਈ। ਪੁਲਿਸ ਨੇ ਕੱਲ੍ਹ ਕੁੱਝ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਸੀ, ਜਿਨ੍ਹਾਂ ਨੂੰ ਛੁਡਾਉਣ ਲਈ ਅੱਜ ਸਵੇਰੇ ਤੋਂ ਹੀ ਕਿਸਾਨਾਂ ਵੱਲੋਂ ਅੰਬਾਲਾ-ਦਿੱਲੀ ਹਾਈਵੇਅ ਜਾਮ ਕੀਤਾ ਗਿਆ। ਜਿਨ੍ਹਾਂ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਉਹ ਕੱਲ੍ਹ ਦੇਰ ਸ਼ਾਮ ਪੰਚਕੂਲਾ ਵਿੱਚ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਦਾ ਵਿਰੋਧ ਕਰ ਰਹੇ ਸਨ। ਪੁਲਿਸ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਪੁੱਛ-ਪੜਤਾਲ ਕਰਨ ਲਈ ਉਠਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਰਸਤਾ ਸਾਫ਼ ਕੀਤਾ ਗਿਆ ਹੈ। ਫਿਲਹਾਲ ਕਿਸਾਨ ਪੁਲਿਸ ਦੀ ਹਿਰਾਸਤ ਵਿੱਚ ਹਨ ਅਤੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਧਰਨਾ ਲਗਾਤਾਰ ਜਾਰੀ ਰਹੇਗਾ। ਪੁਲਿਸ ਵੱਲੋਂ ਕਿਸਾਨਾਂ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਲੋਕ ਕਿਸਾਨਾਂ ਦੀ ਹਮਾਇਤ ਵਿੱਚ ਉੱਤਰ ਆਏ ਹਨ। ਸਥਾਨਕ ਲੋਕ ਥਾਣੇ ਪਹੁੰਚ ਗਏ ਅਤੇ ਕਿਸਾਨਾਂ ਦੀ ਰਿਹਾਈ ਦੀ ਮੰਗ ਕੀਤੀ। ਅੰਬਾਲਾ ਵਿੱਚ 200 ਤੋਂ ਜ਼ਿਆਦਾ ਕਿਸਾਨਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਨੂੰ CIA STAFF ਸੈਕਟਰ-10 ਦੇ ਥਾਣੇ ਵਿੱਚ ਲਿਜਾਇਆ ਗਿਆ ਹੈ।