‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਬੀਜੇਪੀ ਦਫਤਰਾਂ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਭਾਜਪਾ ਲੀਡਰਾਂ ਦੇ ਘਰਾਂ ਅੱਗੇ ਵੀ ਧਰਨਾ ਦੇਣਾ ਸ਼ੁਰੂ ਕਰ ਦਿੱਤਾ ਹੈ। ਅੱਜ ਕਿਸਾਨਾਂ ਵੱਲੋਂ ਕ੍ਰਾਂਤੀ ਦਿਵਸ ਮਨਾਇਆ ਜਾ ਰਿਹਾ ਹੈ ਕਿਉਂਕਿ ਪਿਛਲੇ ਸਾਲ ਅੱਜ ਦੇ ਦਿਨ ਹੀ ਖੇਤੀ ਆਰਡੀਨੈਂਸ ਪੇਸ਼ ਕੀਤੇ ਗਏ ਸਨ।
ਦਿੱਲੀ ਦੇ ਸਿੰਘੂ ਬਾਰਡਰ ‘ਤੇ ਕਿਸਾਨਾਂ ਵੱਲੋਂ ਅੱਜ ਕ੍ਰਾਂਤੀ ਦਿਵਸ ਮਨਾਇਆ ਜਾ ਰਿਹਾ ਹੈ। ਕਿਸਾਨਾਂ ਵੱਲੋਂ ਹੱਥਾਂ ਵਿੱਚ ਕਿਸਾਨੀ ਝੰਡੇ ਫੜ੍ਹ ਕੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾ ਰਹੀਆਂ ਹਨ।
ਅੰਮ੍ਰਿਤਸਰ ਵਿੱਚ ਵੀ ਕਿਸਾਨਾਂ ਵੱਲੋਂ ਬੀਜੇਪੀ ਦਫਤਰ ਦਾ ਘਿਰਾਉ ਕੀਤਾ ਗਿਆ ਹੈ। ਇਸ ਮੌਕੇ ਬੀਜੇਪੀ ਦਫਤਰ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ। ਪੁਲਿਸ ਨੇ ਬੀਜੇਪੀ ਦਫਤਰ ਦੇ ਬਾਹਰ ਸਖਤ ਬੈਰੀਕੇਡਿੰਗ ਕੀਤੀ ਹੋਈ ਹੈ। ਪਰ ਕਿਸਾਨ ਵੀ ਬੀਜੇਪੀ ਦਫਤਰ ਦੇ ਬਾਹਰ ਟੈਂਟ ਲਗਾ ਕੇ ਬੈਠੇ ਹੋਏ ਹਨ। ਕਿਸਾਨਾਂ ਵੱਲੋਂ ਦਫਤਰ ਦੇ ਬਾਹਰ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ।
ਅੰਮ੍ਰਿਤਸਰ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਭਾਜਪਾ ਦੇ ਸੰਸਦ ਮੈਂਬਰ ਸਵੇਤ ਮਲਿਕ ਦੀ ਰਿਹਾਇਸ਼ ਦੇ ਸਾਹਮਣੇ ਖੇਤੀ ਕਨੂੰਨਾਂ ਦੀਆਂ ਕਾਪੀਆਂ ਸਾੜੀਆਂ।
ਚੰਡੀਗੜ੍ਹ ਦੇ ਸੈਕਟਰ 18 ਵਿੱਚ ਵੀ ਕਿਸਾਨਾਂ ਵੱਲੋਂ ਚੰਡੀਗੜ੍ਹ ਦੇ ਬੀਜੇਪੀ ਪ੍ਰਧਾਨ ਸੰਜੇ ਟੰਡਨ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਘਰ ਦੇ ਬਾਹਰ ਸਖਤ ਬੈਰੀਕੇਡਿੰਗ ਕੀਤੀ ਗਈ ਹੈ। ਕਿਸਾਨਾਂ ਵੱਲੋਂ ਘਰ ਦੇ ਬਾਹਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਮੌਕੇ ਬੀਬੀਆਂ ਵੀ ਪ੍ਰਦਰਸ਼ਨ ਵਿੱਚ ਸ਼ਾਮਿਲ ਹਨ।
ਮੁਹਾਲੀ ਵਿੱਚ ਕਿਸਾਨਾਂ ਨੇ ਸੈਕਟਰ-70 ਵਿੱਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਕੋਠੀ ਦਾ ਘਿਰਾਓ ਕੀਤਾ। ਸੋਮ ਪ੍ਰਕਾਸ਼ ਦੀ ਕੋਠੀ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਹੈ।
ਕਿਸਾਨਾਂ ਵੱਲੋਂ ਕਰਨਾਲ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਪੁਤਲਾ ਫੂਕਿਆ ਗਿਆ ਹੈ। ਇਸਦੇ ਨਾਲ ਹੀ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ।
ਪਟਿਆਲਾ ਵਿੱਚ ਵੀ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਖਿਲਾਫ ਰੋਸ ਮਾਰਚ ਕੀਤਾ ਗਿਆ।
ਬਠਿੰਡਾ ਵਿੱਚ ਵੀ ਕਿਸਾਨਾਂ ਨੇ ਸਿਆਸੀ ਲੀਡਰਾਂ ਦੇ ਖਿਲਾਫ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਅਤੇ ਨਾਅਰੇਬਾਜ਼ੀ ਕੀਤੀ।