‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡਿੰਗ ਕੀਤੀ ਗਈ ਸੀ ਅਤੇ ਜਦੋਂ ਕਿਸਾਨਾਂ ਨੇ ਬੈਰੀਕੇਡਿੰਗ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਲਾਠੀਚਾਰਜ ਕਰਨਾ ਸ਼ੁਰੂ ਕਰ ਦਿੱਤਾ। ਅੱਜ ਕਿਸਾਨਾਂ ਵੱਲੋਂ ਕ੍ਰਾਂਤੀ ਦਿਹਾੜਾ ਮਨਾਇਆ ਜਾ ਰਿਹਾ ਹੈ, ਜਿਸਦੇ ਤਹਿਤ ਕਿਸਾਨਾਂ ਵੱਲੋਂ ਅੱਜ ਸਾਰੇ ਬੀਜੇਪੀ ਲੀਡਰਾਂ ਦੇ ਦਫਤਰਾਂ, ਘਰਾਂ ਦਾ ਘਿਰਾਉ ਕੀਤਾ ਜਾ ਰਿਹਾ ਹੈ।
ਆਂਧਰਾ ਪ੍ਰਦੇਸ਼, ਹਰਿਆਣਾ, ਉੱਤਰ ਪ੍ਰਦੇਸ਼, ਓਡੀਸ਼ਾ ਵਿੱਚ ਵੀ ਕਿਸਾਨਾਂ ਨੇ ਤਿੰਨੇ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਕ੍ਰਾਂਤੀ ਦਿਵਸ ਮਨਾਇਆ।
ਕਰਨਾਟਕਾ ਵਿੱਚ ਵੀ ਕਿਸਾਨਾਂ ਨੇ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਕ੍ਰਾਂਤੀ ਦਿਵਸ ਮਨਾਇਆ। ਕਿਸਾਨਾਂ ਨੇ ਬੀਜੇਪੀ ਲੀਡਰਾਂ ਦੇ ਘਰਾਂ ਦਾ ਘਿਰਾਉ ਵੀ ਕੀਤਾ।
ਤੇਲੰਗਨਾ ਦੇ ਅਦੀਲਾਬਾਦ ਵਿੱਚ ਵੀ ਕਿਸਾਨਾਂ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਕੇ ਕ੍ਰਾਂਤੀ ਦਿਵਸ ਮਨਾਇਆ।
ਹਰਿਆਣਾ ਦੇ ਪਾਣੀਪਤ ਵਿੱਚ ਪੁਲਿਸ ਅਤੇ ਕਿਸਾਨ ਆਹਮਣੇ-ਸਾਹਮਣੇ ਹੋ ਗਏ। ਕਿਸਾਨਾਂ ਅਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਹੋਈ ਹੈ। ਕਿਸਾਨਾਂ ਨੇ ਬੀਜੇਪੀ ਲੀਡਰ ਸੰਜੇ ਭਾਟੀਆ ਦੇ ਘਰ ਦਾ ਘਿਰਾਉ ਕੀਤਾ ਸੀ। ਕਿਸਾਨਾਂ ਨੇ ਇੱਥੇ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ।
ਹਰਿਆਣਾ ਦੇ ਜੀਂਦ ਵਿੱਚ ਵੀ ਕਿਸਾਨਾਂ ਨੇ ਬੀਜੇਪੀ ਲੀਡਰਾਂ ਦੇ ਘਰਾਂ ਦਾ ਘਿਰਾਉ ਕੀਤਾ। ਕਿਸਾਨਾਂ ਨੇ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ। ਹਾਲਾਂਕਿ, ਉੱਥੇ ਵੱਡੀ ਗਿਣਤੀ ਵਿੱਚ ਪੁਲਿਸ ਨੂੰ ਤਾਇਨਾਤ ਕੀਤਾ ਗਿਆ ਹੈ ਜਦਕਿ ਕਿਸਾਨ ਕਹਿ ਰਹੇ ਹਨ ਕਿ ਉਹ ਸ਼ਾਂਤਮਈ ਪ੍ਰਦਰਸ਼ਨ ਕਰਨਗੇ ਅਤੇ ਵਾਪਸ ਚਲੇ ਜਾਣਗੇ।
ਬਿਹਾਰ ਵਿੱਚ ਵੀ ਕਿਸਾਨਾਂ ਨੇ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਕ੍ਰਾਂਤੀ ਦਿਵਸ ਮਨਾਇਆ।
ਜ਼ਿਲ੍ਹਾ ਮਾਨਸਾ, ਬਰਨਾਲਾ ਜ਼ਿਲ੍ਹੇ ਵਿੱਚ ਵੀ ਕਿਸਾਨਾਂ ਨੇ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ।
ਦਿੱਲੀ ਦੇ ਸਿੰਘੂ ਬਾਰਡਰ ‘ਤੇ ਕਿਸਾਨਾਂ ਵੱਲੋਂ ਅੱਜ ਕ੍ਰਾਂਤੀ ਦਿਵਸ ਮਨਾਇਆ ਗਿਆ। ਕਿਸਾਨਾਂ ਵੱਲੋਂ ਹੱਥਾਂ ਵਿੱਚ ਕਿਸਾਨੀ ਝੰਡੇ ਫੜ੍ਹ ਕੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ।
ਅੰਮ੍ਰਿਤਸਰ ਵਿੱਚ ਵੀ ਕਿਸਾਨਾਂ ਵੱਲੋਂ ਬੀਜੇਪੀ ਦਫਤਰ ਦਾ ਘਿਰਾਉ ਕੀਤਾ ਗਿਆ ਹੈ। ਇਸ ਮੌਕੇ ਬੀਜੇਪੀ ਦਫਤਰ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ। ਪੁਲਿਸ ਨੇ ਬੀਜੇਪੀ ਦਫਤਰ ਦੇ ਬਾਹਰ ਸਖਤ ਬੈਰੀਕੇਡਿੰਗ ਕੀਤੀ ਸੀ। ਕਿਸਾਨਾਂ ਵੱਲੋਂ ਦਫਤਰ ਦੇ ਬਾਹਰ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ।
ਅੰਮ੍ਰਿਤਸਰ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਭਾਜਪਾ ਦੇ ਸੰਸਦ ਮੈਂਬਰ ਸਵੇਤ ਮਲਿਕ ਦੀ ਰਿਹਾਇਸ਼ ਦੇ ਸਾਹਮਣੇ ਖੇਤੀ ਕਨੂੰਨਾਂ ਦੀਆਂ ਕਾਪੀਆਂ ਸਾੜੀਆਂ।ਚੰਡੀਗੜ੍ਹ ਦੇ ਸੈਕਟਰ 18 ਵਿੱਚ ਵੀ ਕਿਸਾਨਾਂ ਵੱਲੋਂ ਚੰਡੀਗੜ੍ਹ ਦੇ ਬੀਜੇਪੀ ਪ੍ਰਧਾਨ ਸੰਜੇ ਟੰਡਨ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਪੁਲਿਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਘਰ ਦੇ ਬਾਹਰ ਸਖਤ ਬੈਰੀਕੇਡਿੰਗ ਕੀਤੀ ਗਈ।
ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਅੱਜ ਬੀਜੇਪੀ ਲੀਡਰਾਂ ਦੇ ਦਫਤਰਾਂ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਭਾਜਪਾ ਲੀਡਰਾਂ ਦੇ ਘਰਾਂ ਅੱਗੇ ਵੀ ਧਰਨਾ ਦਿੱਤਾ। ਅੱਜ ਕਿਸਾਨਾਂ ਵੱਲੋਂ ਕ੍ਰਾਂਤੀ ਦਿਵਸ ਮਨਾਇਆ ਗਿਆ ਹੈ ਕਿਉਂਕਿ ਪਿਛਲੇ ਸਾਲ ਅੱਜ ਦੇ ਦਿਨ ਹੀ ਖੇਤੀ ਆਰਡੀਨੈਂਸ ਪੇਸ਼ ਕੀਤੇ ਗਏ ਸਨ।