‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਰੋਡਵੇਜ਼ ਮੁਲਾਜ਼ਮਾਂ ਦਾ ਅੱਜ ਤੀਸਰੇ ਦਿਨ ਵੀ ਪ੍ਰਦਰਸ਼ਨ ਜਾਰੀ ਹੈ। ਹੜਤਾਲ ਦੇ ਚੱਲਦਿਆਂ ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਹੈ। ਮੁਲਾਜ਼ਮਾਂ ਵੱਲੋਂ ਅੱਜ ਸਵੇਰੇ 10 ਵਜੇ ਤੋਂ ਸਾਰੇ ਬੱਸ ਅੱਡੇ ਜਾਮ ਕੀਤੇ ਗਏ ਹਨ, ਜੋ ਦੁਪਹਿਰ 2 ਵਜੇ ਤੱਕ ਬੰਦ ਰਹਿਣਗੇ। ਕੱਲ੍ਹ ਸਰਕਾਰ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਅੱਜ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਬੱਸ ਅੱਡਿਆਂ ਨੂੰ ਜਾਮ ਕਰਨ ਦਾ ਸੱਦਾ ਦਿੱਤਾ ਗਿਆ ਹੈ। ਯੂਨੀਅਨ ਵੱਲੋਂ ਪਹਿਲਾਂ 8 ਤੋਂ 12 ਵਜੇ ਤੱਕ ਬੱਸ ਅੱਡੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਸੀ, ਪਰ ਡਿਊਟੀ ਉੱਤੇ ਜਾਣ ਵਾਲੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਸਮੇਂ ਵਿੱਚ ਤਬਦੀਲੀ ਕੀਤੀ ਗਈ। ਯੂਨੀਅਨ ਵੱਲੋਂ 10 ਵਜੇ ਬੱਸ ਅੱਡੇ ਬੰਦ ਕਰ ਦਿੱਤੇ ਗਏ, ਜੋ 2 ਵਜੇ ਤੱਕ ਬੰਦ ਰਹਿਣਗੇ। ਪਟਿਆਲਾ, ਜਲੰਧਰ, ਲੁਧਿਆਣਾ, ਬਠਿੰਡਾ ਸਮੇਤ ਪੰਜਾਬ ਭਰ ਵਿੱਚ ਬੱਸ ਅੱਡਿਆਂ ਨੂੰ ਬੰਦ ਕੀਤਾ ਗਿਆ ਹੈ।
ਕੰਟਰੈਕਟ ਮੁਲਾਜ਼ਮ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹ ਪਿਛਲੇ ਕਈ-ਕਈ ਸਾਲਾਂ ਤੋਂ ਬਹੁਤ ਘੱਟ ਤਨਖਾਹਾਂ ਉੱਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੱਲ੍ਹ ਸਰਕਾਰ ਨਾਲ ਹੋਈ ਮੀਟਿੰਗ ਵਿੱਚ ਸਰਕਾਰ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਠੇਕੇ ਉਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਉਹ ਆਪਣੇ ਮੁਲਾਜ਼ਮ ਹੀ ਨਹੀਂ ਮੰਨਦੇ। ਲੀਡਰਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਘਰਸ਼ ਉਦੋਂ ਤੱਕ ਜਾਮ ਰਹੇਗਾ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ।