‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਵਿੱਚ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਨਿਊ ਮੋਤੀ ਬਾਗ ਪੈਲੇਸ ਦੇ ਘਿਰਾਓ ਲਈ ਜਾ ਰਹੇ ਬੇਰੁਜ਼ਗਾਰ ਅਧਿਆਪਕਾਂ ਉੱਤੇ ਅੱਜ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਹੈ। ਕੁੱਝ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਵੀ ਲੈ ਲਿਆ, ਜਿਨ੍ਹਾਂ ’ਚ ਕੁੱਝ ਬੇਰੁਜ਼ਗਾਰ ਔਰਤਾਂ ਵੀ ਸ਼ਾਮਿਲ ਹਨ।
ਬੇਰੁਜ਼ਗਾਰ ਅਧਿਆਪਕ ਆਪਣੇ ਰੁਜ਼ਗਾਰ ਪ੍ਰਾਪਤੀ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਆਪਣੇ ਸੰਘਰਸ਼ ਦੀ ਕੜੀ ਵਜੋਂ ਅਧਿਆਪਕਾਂ ਨੇ ਅੱਜ ਮੋਤੀ ਬਾਗ ਪੈਲੇਸ ਦੇ ਘਿਰਾਓ ਦਾ ਪ੍ਰੋਗਰਾਮ ਰੱਖਿਆ ਹੋਇਆ ਸੀ। ਬੇਰੁਜ਼ਗਾਰ ਅਧਿਆਪਕ ਜਿਵੇਂ ਹੀ ਠੀਕਰੀਵਾਲਾ ਚੌਂਕ ਤੋਂ ਪੈਲੇਸ ਵੱਲ ਵਧੇ ਤਾਂ ਰਸਤੇ ਵਿੱਚ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਲਾਠੀਚਾਰਜ ਸ਼ੁਰੂ ਕਰ ਦਿੱਤਾ। ਪੁਲੀਸ ਨੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਕਈ ਕਾਰਕੁੰਨਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਪੁਲਿਸ ਦੇ ਲਾਠੀਚਾਰਜ ਤੋਂ ਬਾਅਦ ਦੋ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਉੱਥੇ ਮੌਜੂਦ ਲੋਕਾਂ ਨੇ ਇਨ੍ਹਾਂ ਅਧਿਆਪਕਾਂ ਨੂੰ ਨਹਿਰ ‘ਚੋਂ ਬਾਹਰ ਕੱਢਿਆ। ਪ੍ਰਦਰਸ਼ਨਕਾਰੀ ਪਟਿਆਲਾ-ਸੰਗਰੂਰ ਹਾਈਵੇਅ ‘ਤੇ ਧਰਨਾ ਲਾ ਕੇ ਬੈਠ ਗਏ ਹਨ।
ਪ੍ਰਦਰਸ਼ਨ ਵਿੱਚ ਬੇਰੁਜ਼ਗਾਰ ਬੀਐੱਡ ਟੈੱਟ ਪਾਸ ਯੂਨੀਅਨ, ਬੇਰੁਜ਼ਗਾਰ ਪੀਟੀਆਈ ਯੂਨੀਅਨ ,ਬੇਰੁਜ਼ਗਾਰ ਡੀਪੀਈ ਯੂਨੀਅਨ ਅਤੇ ਬੇਰੁਜ਼ਗਾਰ ਆਰਟ ਐਂਡ ਕਰਾਫਟ ਯੂਨੀਅਨ ਦੇ ਕਾਰਕੁੰਨ ਸ਼ਾਮਲ ਸਨ।