‘ਦ ਖ਼ਾਲਸ ਬਿਊਰੋ :- ਪੰਜਾਬ ਹੋਮਗਾਰਡ ਪੁਲਿਸ ਵਿੱਚ ਸਾਲ 2007 ਤੋਂ 2021 ਤੱਕ ਡਿਊਟੀ ਦੌਰਾਨ ਮਰਨ ਵਾਲੇ ਜਵਾਨਾਂ ਦੇ ਇੱਕ ਇੱਕ ਪਰਿਵਾਰਕ ਮੈਂਬਰ ਨੂੰ ਤਰਸ ਦੇ ਆਧਾਰ ਉੱਤੇ ਸਰਕਾਰੀ ਨੌਕਰੀ ਦਿੱਤੀ ਗਈ ਹੈ ਪਰ ਹਾਲੇ ਵੀ ਕਈ ਪਰਿਵਾਰ ਅਜਿਹੇ ਹਨ ਜੋ ਇਹਨਾਂ ਨੌਕਰੀਆਂ ਤੋਂ ਵਾਂਝੇ ਰਹਿ ਗਏ ਹਨ। ਇਹ ਉਹ ਪਰਿਵਾਰ ਹਨ,ਜਿਹਨਾਂ ਦੇ ਪਰਿਵਾਰ ਦੇ ਨੌਕਰੀ ਕਰ ਰਹੇ ਮੈਂਬਰਾਂ ਦੀ ਸਾਲ 2001 ਤੋਂ ਲੈ ਕੇ 2006 ਤੱਕ ਪੰਜਾਬ ਹੋਮ ਗਾਰਡ ਦੀ ਡਿਊਟੀ ਕਰਦੇ ਹੋਏ ਮੌਤ ਹੋਈ ਹੈ। ਨੌਕਰੀ ਦੀ ਮੰਗ ਕਰ ਰਹੇ ਪਰਿਵਾਰਕ ਮੈਂਬਰ ਪਿਛਲੀ ਸਰਕਾਰ ਦੇ ਸਮੇਂ ਤੋਂ ਹੀ ਧਰਨਾ ਪ੍ਰਦਰਸ਼ਨ ਕਰਦੇ ਆ ਰਹੇ ਹਨ ਪਰ ਉਹਨਾਂ ਦੀ ਕੋਈ ਸੁਣਵਾਈ ਨਹੀਂ ਹੋਈ ਹੈ। ਇਹਨਾਂ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਨੌਕਰੀ ਨਾ ਮਿਲਣ ਕਰਕੇ ਉਹਨਾਂ ਦੇ ਪਰਿਵਾਰਾਂ ਨੂੰ ਕਈ ਮੁਸ਼ਕਿਲਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੰਜਾਬ ਦੇ ਹੋਮਗਾਰਡ ਮਹਿਕਮੇ ਵਿੱਚ ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਰਮੀਆਂ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸਾਨੂੰ ਪਹਿਲੀਆਂ ਸਰਕਾਰਾਂ ਵੱਲੋਂ ਲਗਾਤਾਰ ਅਣਗੌਲਿਆ ਗਿਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਤਰਸ ਦੇ ਆਧਾਰ ਉੱਤੇ ਜਲਦ ਤੋਂ ਜਲਦ ਨੌਕਰੀ ਦੇਣ ਦੀ ਮੰਗ ਕੀਤੀ। ਪ੍ਰਦਰਸ਼ਨ ਕਰ ਰਹੇ ਪਰਿਵਾਰਕ ਮੈਂਬਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਮੁਲਾਕਾਤ ਨਾ ਹੋ ਪਾਉਣ ਦਾ ਦੁੱਖ ਵੀ ਪ੍ਰਗਟ ਕੀਤਾ। ਉਨ੍ਹਾਂ ਨੇ ਕਿਹਾ ਕਿ ਸਾਡੇ ਪੁਰਖੇ ਅੱਤਵਾਦ ਦੇ ਸਮੇਂ ਦੌਰਾਨ ਡਿਊਟੀਆਂ ਨਿਭਾਉਂਦੇ ਰਹੇ ਹਨ ਪਰ ਹੁਣ ਉਨ੍ਹਾਂ ਦੇ ਪਰਿਵਾਰਾਂ ਦੀ ਕੋਈ ਸਾਰ ਨਹੀਂ ਲੈ ਰਿਹਾ। ਹਾਲਾਂਕਿ, ਉਨ੍ਹਾਂ ਨੇ ਦਾਅਵਾ ਕੀਤਾ ਕਿ ਸਰਕਾਰ ਨੇ ਉਨ੍ਹਾਂ ਨੂੰ ਮੁਸ਼ਕਿਲਾਂ ਹੱਲ ਕਰਨ ਦੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ।