Punjab

ਹੁਣ ਇਨ੍ਹਾਂ ਥਾਂਵਾਂ ‘ਤੇ ਪ੍ਰਦ ਰਸ਼ਨ ਕਰਨੇ ਪੈ ਸਕਦੇ ਨੇ ਮਹਿੰਗੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਚਹੇਤੀ ਸਿਵਲ ਮਹਿਲਾ ਅਫ਼ਸਰ ਅਤੇ ਮੁਹਾਲੀ ਦੀ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਮੁਲਾਜ਼ਮਾਂ ‘ਤੇ ਸ਼ਹਿਰ ਵਿੱਚ ਰੈਲੀਆਂ ਕਰਨ ਦੇ ਪਾਬੰਦੀ ਲਾ ਦਿੱਤੀ ਹੈ। ਉਹਨਾਂ ਨੇ ਜਾਰੀ ਕੀਤੇ ਹੁਕਮ ਵਿੱਚ ਸ਼ਹਿਰ ਦੀ ਹੱਦ ਅੰਦਰ ਪੈਂਦੀਆਂ ਪਾਣੀ ਵਾਲੀਆਂ ਟੈਂਕੀਆਂ, ਟਿਯੂਬਵੈਲਾਂ, ਟੈਲੀਫੌਨ ਟਾਵਰਾ, ਸਰਕਾਰੀ/ਨਿੱਜੀ ਇਮਾਰਤਾਂ ‘ਤੇ ਚੜ੍ਹਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ, ਸੜਕਾਂ ਆਦਿ ਜਾਮ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਾ ਦਿੱਤੀ ਹੈ। ਇਹ ਹੁਕਮ 12 ਫਰਵਰੀ 2022 ਤੱਕ ਲਾਗੂ ਰਹਿਣਗੇ।

ਮੁਹਾਲੀ ਦੇ ਸੀਨੀਅਰ ਪੁਲਿਸ ਅਫਸਰ ਅਤੇ ਕਾਰਜਕਾਰੀ ਇੰਜਨਿਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਡਵੀਜ਼ਨ ਨੰਬਰ 3 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਦੇ ਇਹ ਧਿਆਨ ਵਿੱਚ ਲਿਆਂਦਾ ਸੀ ਕਿ ਵੱਖ-ਵੱਖ ਕਰਮਚਾਰੀ ਯੂਨੀਅਨਾਂ, ਬੇਰੁਜ਼ਗਾਰ ਆਦਿ ਯੂਨੀਅਨ/ਫੈਡਰੇਸ਼ਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਪਾਣੀ ਵਾਲੀਆਂ ਟੈਂਕੀਆਂ, ਟੈਲੀਫੌਨ ਟਾਵਰਾਂ ਅਤੇ ਹੋਰ ਸਰਕਾਰੀ/ਨਿੱਜੀ ਇਮਾਰਤਾਂ ਉੱਤੇ ਚੜ੍ਹਕੇ ਅਤੇ ਸੜਕਾਂ ਆਦਿ ਤੇ ਜਾਮ ਲਗਾਕੇ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ। ਸਬੰਧਤ ਪ਼ਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਵੀ ਖਤਰੇ ਵਿੱਚ ਪਾਉਂਦੇ ਹਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਵੀ ਹੋ ਸਕਦੀ ਹੈ। ਪੱਤਰ ਵਿੱਚ ਧਰਨੇ ਪ੍ਰਦਰਸ਼ਨਾਂ ਕਾਰਨ ਆਮ ਲੋਕਾਂ ਨੂੰ ਹੋਣ ਵਾਲੀ ਦਿੱਕਤ ਦਾ ਵੀ ਹਵਾਲਾ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਈਸ਼ਾ ਕਾਲੀਆ ਨੇ ਮੁਲਾਜ਼ਮਾਂ ਉੱਤੇ ਪਾਬੰਦੀ ਦੇ ਹੁਕਮ ਜਾਰੀ ਕਰ ਦਿੱਤੇ ਹਨ।