‘ਦ ਖ਼ਾਲਸ ਬਿਓਰੋ : ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ਼ 9 ਦਿਨਾਂ ਤੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਅੱਜ ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਖਤਮ ਹੋ ਗਈ ਹੈ। ਮੁਲਾਜ਼ਮਾਂ ਦੀ ਹੜਤਾਲ ਖਤਮ ਹੋਣ ਤੋਂ ਬਾਅਦ ਆਮ ਲੋਕਾਂ ਨੂੰ ਸੁੱਖ ਦਾ ਸਾਹ ਆਇਆ ਹੈ ਅਤੇ ਪਿੰਡਾਂ ਨੂੰ ਵੀ ਸਰਕਾਰੀ ਬੱਸਾਂ ਦੀ ਸੇਵਾ ਸ਼ੁਰੂ ਹੋ ਗਈ ਹੈ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮੁਲਾਜ਼ਮਾਂ ਦੀਆਂ ਕੁੱਝ ਮੰਗਾਂ ਮੰਨ ਕੇ ਹੜਤਾਲ ਖਤਮ ਕਰਨ ਲਈ ਰਾਜ਼ੀ ਕਰ ਲਿਆ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕਰੀਬ 8 ਹਜ਼ਾਰ ਮੁਲਾਜ਼ਮ ਪੱਕੇ ਰੁਜ਼ਗਾਰ ਦੀ ਮੰਗ ਲਈ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਅਤੇ 9 ਦਿਨ ਪਹਿਲਾਂ ਇਨ੍ਹਾਂ ਮੁਲਾਜ਼ਮਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ‘ਤੇ ਵਾਅਦਾ-ਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਸੀ, ਜਿਸ ਕਰਕੇ ਕਰੀਬ 4 ਹਜ਼ਾਰ ਸਰਕਾਰੀ ਬੱਸਾਂ ਦਾ ਚੱਕਾ ਪੂਰੀ ਤਰ੍ਹਾਂ ਜਾਮ ਰਿਹਾ ਅਤੇ ਸਵਾਰੀਆਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਬਠਿੰਡਾ ਡਿਪੂ ਦੇ ਪ੍ਰਧਾਨ ਸੰਦੀਪ ਸਿੰਘ, ਗੁਰਦੀਪ ਸਿੰਘ, ਰਾਮ ਸਿੰਘ ,ਪਾਲਾ ਸਿੰਘ, ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਅਧੀਨ ਭਰਤੀ ਕਰੀਬ 2 ਹਜ਼ਾਰ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਿੰਗ ਰਾਹੀਂ ਭਰਤੀ ਕਰੀਬ 6 ਹਜ਼ਾਰ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਲੈਣ ਦੇ ਭਰੋਸੇ ਤਹਿਤ ਹੜਤਾਲ ਖ਼ਤਮ ਕੀਤੀ ਗਈ ਹੈ, ਕਿਉਂਕਿ ਕਰੀਬ 2 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਪੂਰੀ ਹੋ ਗਈ ਹੈ, ਜਦੋਂਕਿ ਆਊਟਸੋਰਸਿਜ਼ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਲੈਣ ਕਰਕੇ ਪੱਕੇ ਹੋਣ ਦਾ ਰਾਹ ਖੁੱਲ੍ਹ ਗਿਆ ਹੈ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜ ਮੈਂਬਰੀ ਕਮੇਟੀ ਨਾਲ ਮੁੱਖ ਮੰਤਰੀ ਚੰਨੀ ਅਤੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੀ ਹੋਈ ਮੀਟਿੰਗ ਵਿੱਚ ਨਵੀਂਆਂ ਬੱਸਾਂ ਦਾ ਫਲੀਟ ਪਾਉਣ, ਪੂਰੀਆਂ ਸਹੂਲਤਾਂ ਮੁਹੱਈਆ ਕਰਵਾਉਣ, ਖਾਲੀ ਅਸਾਮੀਆਂ ਭਰਨ ਸਮੇਤ ਬਾਕੀ ਮੰਗਾਂ ‘ਤੇ ਵੀ ਸਹਿਮਤੀ ਬਣੀ ਹੈ, ਜਿਸ ਕਰਕੇ ਪੂਰੇ ਪੰਜਾਬ ਵਿੱਚ ਹੁਣ ਹੜਤਾਲ ਖ਼ਤਮ ਹੋ ਗਈ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੇ ਹੱਕ ਬਹਾਲ ਕਰਕੇ ਰੈਗੂਲਰ ਰੁਜ਼ਗਾਰ ਨਾ ਦਿੱਤਾ ਤਾਂ ਸੰਘਰਸ਼ ਫਿਰ ਸ਼ੁਰੂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੰਗਾਂ ਮੰਨਣੀਆਂ ਠੇਕਾ ਮੁਲਾਜ਼ਮਾਂ ਦੇ ਏਕੇ ਦੀ ਵੱਡੀ ਜਿੱਤ ਹੈ।