ਪੰਜਾਬ ਵਿੱਚ ਚੋਣਾਂ ਦੇ ਦਿਨ ਨਜ਼ਦੀਕ ਹਨ ਤੇ ਉੱਧਰ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਦੇ ਠੇਕਾ ਮੁਲਾਜ਼ਮਾਂ ਨੇ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਇਹ ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਨਾਲ ਨਾਰਾਜ਼ ਚੱਲ ਰਹੇ ਹਨ ਕਿਉਂਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ। ਸੋ ਮੁਲਾਜ਼ਮਾਂ ਨੇ 16 ਮਈ ਨੂੰ ਟਰਾਂਸਪੋਰਟ ਮੰਤਰੀ ਤੇ ਖਡੂਰ ਸਾਹਿਬ ਤੋਂ ‘ਆਪ’ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੇ ਹਲਕੇ ਵਿੱਚ ਰੋਸ ਮਾਰਚ ਕਰਨ ਦਾ ਫੈਸਲਾ ਕੀਤਾ ਹੈ।
ਇਸ ਦੇ ਨਾਲ ਹੀ ਉਹ 21 ਮਈ ਨੂੰ ਜਗਰਾਉਂ ਵਿੱਚ ਵੱਖ-ਵੱਖ ਟਰੇਡ ਯੂਨੀਅਨਾਂ ਵੱਲੋਂ ਕਰਵਾਈ ਜਾ ਰਹੀ ਮਹਾਪੰਚਾਇਤ ਵਿੱਚ ਵੀ ਸ਼ਿਰਕਤ ਕਰਨਗੇ। ਇਸ ਦੇ ਲਈ ਸੂਬੇ ਦੇ ਸਾਰੇ ਡਿਪੂਆਂ ਦੇ ਕਰਮਚਾਰੀ ਸ਼ਾਮਲ ਹੋਣਗੇ। ਮੁਲਾਜ਼ਮ ਮਾਰਚ ਵਿੱਚ ਕਿਵੇਂ ਸ਼ਾਮਲ ਹੋਣਗੇ ਅਤੇ ਸੰਘਰਸ਼ ਕਿਵੇਂ ਅੱਗੇ ਵਧੇਗਾ, ਇਹ ਤੈਅ ਕਰਨ ਲਈ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।
ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਹੈ। ਪਰ ਹੁਣ ਸਰਕਾਰ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਦੀ ਗੱਲ ਨਹੀਂ ਸੁਣ ਰਹੀ। ਪ੍ਰਾਈਵੇਟ ਬੱਸ ਮਾਫੀਆ ਨੂੰ ਰੋਕਣ ਦੀ ਬਜਾਏ ਉਨ੍ਹਾਂ ਨੂੰ ਸ਼ਹਿ ਦਿੱਤੀ ਜਾ ਰਹੀ ਹੈ।
ਇਨ੍ਹਾਂ ਮੁਲਾਜ਼ਮਾਂ ਮੁਤਾਬਕ ਬੱਸਾਂ ਦੀ ਸਮਾਂ ਸਾਰਣੀ ਵਿੱਚ ਵੱਡੇ ਪੱਧਰ ’ਤੇ ਧਾਂਦਲੀ ਕੀਤੀ ਜਾ ਰਹੀ ਹੈ। ਪੱਕਾ ਰੁਜ਼ਗਾਰ ਦੇਣ ਦੀ ਬਜਾਏ ਆਊਟਸੋਰਸਿੰਗ ਰਾਹੀਂ ਭਰਤੀ ਦਾ ਕੰਮ ਚੱਲ ਰਿਹਾ ਹੈ। ਹੁਣ ਇੱਕ ਠੇਕੇਦਾਰ ਦੀ ਥਾਂ ਦੋ ਠੇਕੇਦਾਰ ਰੱਖੇ ਜਾ ਰਹੇ ਹਨ। ਵਿਭਾਗਾਂ ਦਾ ਨਿੱਜੀਕਰਨ ਕਰਨ ਲਈ PRTC ਵਿੱਚ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਈਆਂ ਜਾ ਰਹੀਆਂ ਹਨ।