Punjab

ਪੇਪਰਾਂ ‘ਤੇ ਭਾਰੀ ਕਰੋਨਾ-ਪੰਜਾਬ ਬੋਰਡ ਨੇ 10ਵੀਂ ਤੇ 12ਵੀਂ ਦੇ ਪੱਕੇ ਪੇਪਰਾਂ ਨੂੰ ਲੈ ਕੇ ਸੁਣਾਇਆ ਵੱਡਾ ਫੈਸਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀਆਂ ਹਨ। ਪੰਜਾਬ ਬੋਰਡ ਵੱਲੋਂ ਇਸ ਸਬੰਧੀ ਇੱਕ ਚਿੱਠੀ ਜਾਰੀ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਪ੍ਰੀਖਿਆਵਾਂ ਦੀ ਅਗਲੀ ਤਰੀਕ ਦੀ ਜਾਣਕਾਰੀ ਪ੍ਰੀਖਿਆਵਾਂ ਸ਼ੁਰੂ ਹੋਣ ਤੋਂ ਲਗਭਗ 10 ਦਿਨ ਪਹਿਲਾਂ ਬੋਰਡ ਦੀ ਵੈੱਬਸਾਈਟ ‘ਤੇ ਮੁਹੱਈਆ ਕਰਵਾਈ ਜਾਵੇਗੀ। ਇਹ ਪ੍ਰੀਖਿਆਵਾਂ 20 ਅਪ੍ਰੈਲ ਤੋਂ ਹੋਣੀਆਂ ਸੀ ਅਤੇ ਪੰਜਾਬ ਸਰਕਾਰ ਨੇ 30 ਅਪ੍ਰੈਲ ਤੱਕ ਸਕੂਲ ਬੰਦ ਕਰਨ ਦਾ ਫੈਸਲਾ ਲਿਆ ਸੀ।

ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਬੱਚਿਆਂ ਨੂੰ ਕਰੋਨਾ ਮਹਾਂਮਾਰੀ ਤੋਂ ਸੁਰੱਖਿਅਤ ਰੱਖਣ ਲਈ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਫੈਸਲੇ ਨਾਲ ਬੱਚਿਆਂ ਨੂੰ ਵਧੀਆ ਮੌਕਾ ਮਿਲੇਗਾ, ਉਹ ਆਪਣੇ ਪੇਪਰਾਂ ਦੀ ਤਿਆਰੀ ਹੋਰ ਵਧੇਰੇ ਕਰ ਸਕਦੇ ਹਨ।

ਕੇਂਦਰ ਸਰਕਾਰ ਨੇ ਵੀ ਸੀਬੀਐੱਸਈ ਬੋਰਡ ਦੇ ਪੇਪਰਾਂ ਨੂੰ ਰੱਦ ਕਰ ਦਿੱਤਾ ਹੈ। CBSE ਦੀਆਂ 10ਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੂੰ ਪੱਤਰ ਲਿਖ ਕੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ ਸੀ। ਕੈਪਟਨ ਨੇ ਕਰੋਨਾ ਕਾਰਨ ਵਿਗੜਦੇ ਹਾਲਾਤਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਸੀ ਕਿ, ‘‘ਅਜਿਹੇ ਹਾਲਾਤਾਂ ਵਿੱਚ ਤੁਰੰਤ ਪ੍ਰਭਾਵ ਤੋਂ ਦਸਵੀਂ ਤੇ ਬਾਰ੍ਹਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫ਼ੈਸਲਾ ਲੈਣਾ ਹੀ ਠੀਕ ਹੋਵੇਗਾ।