‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਭਾਰਤ ਸਰਕਾਰ ਦਾ ਕਰੋਨਾ ਦੌਰਾਨ ਅੰਤਰਰਾਸ਼ਟਰੀ ਸਿੱਖ ਯਾਤਰੀਆਂ ਨੂੰ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨ-ਦੀਦਾਰੇ ਕਰਨ ਲਈ ਵੀਜ਼ੇ ਦੇਣ ਲਈ ਭਾਰਤ ਸਰਕਾਰ ਦਾ ਧੰਨਵਾਦ ਕੀਤਾ। ਸਤਵੰਤ ਸਿੰਘ ਨੇ ਸਿੱਖ ਸ਼ਰਧਾਲੂਆਂ ਦੇ ਪਾਕਿਸਤਾਨ ਦੌਰੇ ਨੂੰ ਸੰਭਵ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਨੇ ਸਮੂਹ ਸਿੱਖ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਸਿੱਖ ਨੌਜਵਾਨਾਂ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਲਈ ਪ੍ਰੇਰਿਆ ਜਾਵੇ। ਸਤਵੰਤ ਸਿੰਘ ਨੇ ਭਾਰਤ ਸਰਕਾਰ ਨੂੰ ਸ਼੍ਰੀ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਵੀ ਅਪੀਲ ਕੀਤੀ।
ਸਤਵੰਤ ਸਿੰਘ ਨੇ ਕਿਹਾ ਕਿ ‘ਜਦੋਂ ਭਾਰਤ ਤੋਂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਆਇਆ ਹੋਇਆ ਸੀ ਤਾਂ ਭਾਰਤ ਵਿੱਚ ਬਹੁਤ ਅਫਵਾਹਾਂ ਫੈਲਾਈਆਂ ਗਈਆਂ ਸਨ ਕਿ ਪਾਕਿਸਤਾਨ ਵਿੱਚ ਸਿੱਖ ਸ਼ਰਧਾਲੂਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਪਰ ਅਸੀਂ ਭਾਰਤੀ ਸਿੱਖ ਸ਼ਰਧਾਲੂਆਂ ਦਾ ਬਹੁਤ ਨਿੱਘਾ ਸਵਾਗਤ ਕੀਤਾ ਹੈ। ਅਸੀਂ ਸੰਗਤਾਂ ਨੂੰ ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਡੇਰਾ ਸਾਹਿਬ ਲੈ ਕੇ ਗਏ। ਪਾਕਿਸਤਾਨ ਸਰਕਾਰ ਨੇ ਸਿੱਖ ਯਾਤਰੀਆਂ ਲਈ ਪਹਿਲੀ ਵਾਰ ਕਰਤਾਰਪੁਰ ਸਾਹਿਬ ਵਿਖੇ ਰਾਤ ਨੂੰ ਰੁਕਣ ਦਾ ਇੰਤਜ਼ਾਮ ਕੀਤਾ। ਸਾਡੀ ਮੰਗ ‘ਤੇ ਪਾਕਿਸਤਾਨ ਸਰਕਾਰ ਨੇ ਡਾਇਸਪੋਰਾ ਸਿੱਖਾਂ ਨੂੰ ਨਗਰ ਕੀਰਤਨ ਰਾਹੀਂ ਜ਼ੀਰੋ ਲਾਈਨ ਤੱਕ ਜਾਣ ਦੀ ਇਜਾਜ਼ਤ ਵੀ ਦਿੱਤੀ ਸੀ’।