The Khalas Tv Blog India PT ਊਸ਼ਾ ਦਾ U-TURN, ਪਹਿਲਾਂ ਨਸੀਹਤ ਹੁਣ ਭਰੋਸਾ
India

PT ਊਸ਼ਾ ਦਾ U-TURN, ਪਹਿਲਾਂ ਨਸੀਹਤ ਹੁਣ ਭਰੋਸਾ

PT Usha's U-TURN first admonition now trust

ਦਿੱਲੀ : ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਪੀਟੀ ਊਸ਼ਾ ਅੱਜ ਰਾਸ਼ਟਰੀ ਰਾਜਧਾਨੀ ਦੇ ਜੰਤਰ-ਮੰਤਰ ‘ਤੇ ਪਹੁੰਚੀ, ਜਿਥੇ ਭਲਵਾਨ 11 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਸਾਬਕਾ ਕੌਮਾਂਤਰੀ ਅਥਲੀਟ ਪੀਟੀ ਊਸ਼ਾ ਨੇ ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਉਨ੍ਹਾਂ ਭਲਵਾਨਾਂ ਨੂੰ ਸਮਰਥਨ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਊਸ਼ਾ ਨੇ 27 ਅਪਰੈਲ ਨੂੰ ਕਿਹਾ ਸੀ ਕਿ ਪਹਿਲਵਾਨਾਂ ਨੂੰ ਪ੍ਰਦਰਸ਼ਨ ਕਰਨ ਦੀ ਥਾਂ ਉਨ੍ਹਾਂ ਨਾਲ ਸੰਪਰਕ ਕਰਨਾ ਚਾਹੀਦਾ ਸੀ। ਪ੍ਰਦਰਸ਼ਨ ਕਾਰਨ ਦੇਸ਼ ਦਾ ਅਕਸ ਖਰਾਬ ਹੋ ਰਿਹਾ ਹੈ। ਪ੍ਰਦਰਸ਼ਨਕਾਰੀ ਭਲਵਾਨ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਹਟਾਉਣ ਦੀ ਮੰਗ ਕਰ ਰਹੇ ਹਨ, ਬ੍ਰਿਜ ਭੂਸ਼ਨ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ।

ਸੁਪਰੀਮ ਕੋਰਟ ਨੇ ਮਹਿਲਾ ਪਹਿਲਵਾਨਾਂ ਦੇ ਵਕੀਲ ਨੂੰ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਨ ਸ਼ਰਣ ਵਿਰੁੱਧ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਸਬੰਧ ਵਿੱਚ ਸੀਲਬੰਦ ਹੋਰ ਸਮੱਗਰੀ ਜਮ੍ਹਾਂ ਕਰਾਉਣ ਦੀ ਇਜਾਜ਼ਤ ਦਿੱਤੀ ਹੈ। ਇਸ ਨੇ ਉਸ ਨੂੰ ਇਹ ਸੀਲਬੰਦ ਸਮੱਗਰੀ ਦਿੱਲੀ ਪੁਲੀਸ ਨੂੰ ਵੀ ਦੇਣ ਲਈ ਕਿਹਾ ਹੈ। ਮਹਿਲਾ ਪਹਿਲਵਾਨਾਂ ਦੇ ਵਕੀਲ ਨੇ ਦੋਸ਼ ਲਾਇਆ ਕਿ ਦਿੱਲੀ ਪੁਲੀਸ ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਦੋਸ਼ਾਂ ਦੀ ਬਿਲਕੁਲ ਵੀ ਜਾਂਚ ਨਹੀਂ ਕਰ ਰਹੀ।

ਸੁਪਰੀਮ ਕੋਰਟ ਦੇ ਆਦੇਸ਼ ਉੱਤੇ ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਖਿਲਾਫ਼ ਬਲਾਤਕਾਰ ਦੇ ਮਾਮਲੇ ਵਿੱਚ ਦੋ ਐੱਫ਼ਆਈਆਰ ਦਰਜ ਕੀਤੀਆਂ ਹਨ। ਇਨ੍ਹਾਂ ਵਿੱਚ ਇੱਕ ਐੱਫਆਈਆਰ ਨਾਬਾਲਗ ਮਹਿਲਾ ਪਹਿਲਵਾਨ ਦੇ ਸ਼ੋਸ਼ਣ ਨਾਲ ਸਬੰਧਿਤ ਹੈ। ਬ੍ਰਿਜ ਭੂਸ਼ਣ ਨੇ ਆਪਣੇ ਖਿਲਾਫ਼ ਲੱਗੇ ਸਾਰੇ ਦੋਸ਼ਾਂ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਦਿਆਂ ਖਾਰਜ ਕਰ ਦਿੱਤਾ ਹੈ।

ਪ੍ਰਦਰਸ਼ਨਕਾਰੀ ਪਹਿਲਵਾਨ ਬ੍ਰਿਜ ਭੂਸ਼ਣ ਦੇ ਅਸਤੀਫ਼ੇ ਅਤੇ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ। ਉੱਥੇ ਹੀ ਬ੍ਰਿਜ ਭੂਸ਼ਣ ਦਾ ਕਹਿਣਾ ਹੈ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਜਾਂ ਬੀਜੇਪੀ ਪ੍ਰਧਾਨ ਜੇਪੀ ਨੱਡਾ ਦੇ ਕਹਿਣ ਉੱਤੇ ਹੀ ਅਸਤੀਫ਼ਾ ਦੇਣਗੇ। ਕਈ ਰਾਜਨੀਤਿਕ ਦਲਾਂ ਨੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਦਾ ਸਮਰਥਨ ਵੀ ਕੀਤਾ ਹੈ।

ਕੁਝ ਦਿਨ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਪਹਿਲਵਾਨਾਂ ਕੋਲ ਜੰਤਰ ਮੰਤਰ ਪਹੁੰਚੇ ਸਨ। ਉਨ੍ਹਾਂ ਨੇ ਖਿਡਾਰੀਆਂ ਨੂੰ ਹਰ ਤਰਾਂ ਨਾਲ ਸਮਰਥਨ ਦੇਣ ਦੀ ਗੱਲ ਕੀਤੀ ਸੀ ਅਤੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਹੁਣ ਤੱਕ ਗ੍ਰਿਫ਼ਤਾਰੀ ਨਾ ਹੋਣ ‘ਤੇ ਸਵਾਲ ਚੁੱਕੇ ਸਨ। ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਜੇਕਰ ਜਲਦ ਹੀ ਇੰਨ੍ਹਾਂ ਪਹਿਲਵਾਨਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਆਪਣੀ ਜਾਨ ਦੀ ਬਾਜ਼ੀ ਲਗਾ ਦੇਣਗੇ।

ਸਿੱਧੂ ਨੇ ਕਿਹਾ ਸੀ ਕਿ ਮਾਮਲੇ ਦੀ ਜਾਂਚ ਕਰ ਰਹੀ ਕਮੇਟੀ ਸਿਰਫ ਇਸ ਮਾਮਲੇ ਨੂੰ ਠੰਡਾ ਕਰਨ ਲਈ ਬਣਾਈ ਗਈ ਹੈ। ਉਨਾਂ ਨੇ ਕਿਹਾ ਕਿ ਅੱਜ ਤੱਕ ਕਿੰਨੀਆਂ ਕੁ ਕਮੇਟੀਆਂ ਨੇ ਮੁਲਜ਼ਮਾਂ ਨੂੰ ਸਜ਼ਾ ਦਿੱਤੀ ਹੈ। ਹਾਲੇ ਤੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ। ਸਿੱਧੂ ਨੇ ਸਵਾਲ ਕਰਦਿਆਂ ਕਿਹਾ ਕਿ ਕੀ ਕਾਨੂੰਨ ਉੱਚੇ ਲੋਕਾਂ ਲਈ ਦੋਹਰੇ ਮਾਪਦੰਡ ਰੱਖੇਗਾ। ਉਨਾਂ ਨੇ ਕਿਹਾ ਸੀ ਕਿ ਇਹ ਲੜਾਈ ਇਨ੍ਹਾਂ ਪਹਿਲਵਾਨਾਂ ਦੇ ਇਕੱਲਿਆਂ ਦੀ ਨਹੀਂ ਹੈ, ਇਹ ਲੜਾਈ ਸਾਰੇ ਦੇਸ਼ ਦੀਆਂ ਔਰਤਾਂ ਦੀ ਹੈ, ਇਸ ਲਈ ਸਾਰਿਆਂ ਨੂੰ ਕੁਸ਼ਤੀ ਖਿਡਾਰੀਆਂ ਦਾ ਸਾਥ ਦੇ ਕੇ ਉਨ੍ਹਾਂ ਨੂੰ ਇਨਸਾਫ ਦਿਵਾਉਣ ਚਾਹੀਦਾ ਹੈ।

ਕੁਝ ਦਿਨ ਪਹਿਲਾਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਪਹਿਲਵਾਨਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੀ ਸੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਪ੍ਰਦਰਸ਼ਨਕਾਰੀ ਪਹਿਲਵਾਨਾਂ ਦੇ ਨਾਲ ਮੁਲਾਕਾਤ ਕੀਤੀ ਸੀ।

Exit mobile version