ਬਿਊਰੋ ਰਿਪੋਰਟ (ਚੰਡੀਗੜ੍ਹ, 21 ਨਵੰਬਰ 2025): ਪੰਜਾਬ ਯੂਨੀਵਰਸਿਟੀ (PU) ਚੰਡੀਗੜ੍ਹ ਦੇ ਰਜਿਸਟਰਾਰ ਵਾਈ.ਪੀ. ਸਿੰਘ ਅਤੇ ਵਾਈਸ ਚਾਂਸਲਰ (VC) ਦੇ ਸਕੱਤਰ ਅੱਜ ਦਿੱਲੀ ਲਈ ਰਵਾਨਾ ਹੋ ਗਏ ਹਨ। ਉਹ ਉੱਥੇ ਕੇਂਦਰੀ ਸਿੱਖਿਆ ਮੰਤਰੀ ਨਾਲ ਇੱਕ ਅਹਿਮ ਬੈਠਕ ਕਰਨਗੇ।
ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਹਾਲਾਤਾਂ ਅਤੇ ਸੈਨੇਟ ਚੋਣਾਂ ਸਬੰਧੀ ਬਾਕੀ ਰਹਿੰਦੀ ਕਾਰਵਾਈ ਬਾਰੇ ਗੱਲਬਾਤ ਕੀਤੀ ਜਾਵੇਗੀ। ਇਸ ਦੀ ਜਾਣਕਾਰੀ ਰਜਿਸਟਰਾਰ ਵਾਈ.ਪੀ. ਸਿੰਘ ਨੇ ਇੱਕ ਵੀਡੀਓ ਬਿਆਨ ਜਾਰੀ ਕਰਕੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਪਹਿਲਾਂ ਤੋਂ ਹੀ ਤੈਅ ਸੀ ਅਤੇ ਇਸ ਸਬੰਧੀ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਰਜਿਸਟਰਾਰ ਨੇ ਪ੍ਰਦਰਸ਼ਨਕਾਰੀਆਂ ਨੂੰ ਯੂਨੀਵਰਸਿਟੀ ਵਿੱਚ ਸ਼ਾਂਤੀਪੂਰਨ ਮਾਹੌਲ ਅਤੇ ਧੀਰਜ ਬਣਾਏ ਰੱਖਣ ਦੀ ਅਪੀਲ ਕੀਤੀ ਹੈ।
26 ਨਵੰਬਰ ਨੂੰ ਯੂਨੀਵਰਸਿਟੀ ਬੰਦ ਕਰਨ ਦਾ ਐਲਾਨ
ਇਸ ਦੌਰਾਨ, ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਨੇ 26 ਨਵੰਬਰ 2025 ਨੂੰ ਮੁੜ ਪੰਜਾਬ ਯੂਨੀਵਰਸਿਟੀ ਨੂੰ ਬੰਦ ਕਰਕੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
- ਮੋਰਚੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਨੇ ਸੈਨੇਟ ਚੋਣਾਂ ਦੀ ਤਾਰੀਖ਼ ਦਾ ਐਲਾਨ ਕਰਨ ਲਈ 25 ਨਵੰਬਰ ਤੱਕ ਦਾ ਸਮਾਂ ਮੰਗਿਆ ਸੀ।
- ਜੇਕਰ ਇਸ ਸਮੇਂ ਤੱਕ ਚੋਣਾਂ ਦਾ ਐਲਾਨ ਨਹੀਂ ਹੁੰਦਾ, ਤਾਂ 26 ਨਵੰਬਰ 2025 ਨੂੰ ਯੂਨੀਵਰਸਿਟੀ ਦੀਆਂ ਸਾਰੀਆਂ ਕਲਾਸਾਂ ਬੰਦ ਕਰਨ ਦੇ ਨਾਲ-ਨਾਲ ਅਕਾਦਮਿਕ ਬਲਾਕ ਵਿੱਚ ਵੀ ਕੰਮ ਬੰਦ ਕੀਤਾ ਜਾਵੇਗਾ।
- ਮੋਰਚੇ ਨੇ ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ (BJP) ਦੇ ਸੂਬਾ ਦਫ਼ਤਰ ਸਮੇਤ ਜ਼ਿਲ੍ਹਾ ਦਫ਼ਤਰਾਂ ਦਾ ਵੀ ਘਿਰਾਓ ਕਰਨ ਦਾ ਪ੍ਰੋਗਰਾਮ ਦੇਣ ਦਾ ਐਲਾਨ ਕੀਤਾ ਹੈ, ਜਿਸ ਦੀ ਤਾਰੀਖ਼ ਜਲਦੀ ਹੀ ਜਾਰੀ ਕੀਤੀ ਜਾਵੇਗੀ।

