The Khalas Tv Blog India ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ! ਵਿਦਿਆਰਥੀ ਜਥੇਬੰਦੀ ‘ਸੱਥ’ ਨੇ ਐਲਾਨਿਆ ਉਮੀਦਵਾਰ
India Punjab

ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ! ਵਿਦਿਆਰਥੀ ਜਥੇਬੰਦੀ ‘ਸੱਥ’ ਨੇ ਐਲਾਨਿਆ ਉਮੀਦਵਾਰ

ਬਿਊਰੋ ਰਿਪੋਰਟ (ਚੰਡੀਗੜ੍ਹ, 11 ਫਰਵਰੀ 2026): ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀਆਂ 20 ਸਤੰਬਰ 2026 ਨੂੰ ਹੋਣ ਵਾਲੀਆਂ ਸੈਨੇਟ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਸਿਲਸਿਲੇ ਵਿੱਚ ਅੱਜ ਵਿਦਿਆਰਥੀ ਜਥੇਬੰਦੀ ‘ਸੱਥ’ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੇ ਰਸਮੀ ਤੌਰ ’ਤੇ ਆਪਣੇ ਉਮੀਦਵਾਰ ਦੇ ਨਾਮ ਦਾ ਐਲਾਨ ਕੀਤਾ। ਸੱਥ ਵੱਲੋਂ ਐਡਵੋਕੇਟ ਜੋਧ ਸਿੰਘ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। 

ਪ੍ਰੈਸ ਕਾਨਫਰੰਸ ਦੌਰਾਨ ਸੱਥ ਦੇ ਆਗੂਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਮੌਜੂਦਾ ਵਿਦਿਆਰਥੀ ਸਿਆਸਤ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦੇ ਅਸਲ ਅਤੇ ਬੁਨਿਆਦੀ ਮਸਲਿਆਂ ਨੂੰ ਲਗਾਤਾਰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੈਨੇਟ ਦੇ ਮੰਚ ’ਤੇ ਵਿਦਿਆਰਥੀਆਂ ਦੀ ਗੱਲ ਪ੍ਰਭਾਵਸ਼ਾਲੀ ਢੰਗ ਨਾਲ ਚੁੱਕਣ ਲਈ ਜਥੇਬੰਦੀ ਇਸ ਵਾਰ ਪੂਰੀ ਮਜ਼ਬੂਤੀ ਨਾਲ ਚੋਣ ਲੜੇਗੀ।

ਜਥੇਬੰਦੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਿਆਸਤ ਦਾ ਕੇਂਦਰ ਵਿਦਿਆਰਥੀ ਭਲਾਈ ਅਤੇ ਯੂਨੀਵਰਸਿਟੀ ਦੀ ਖ਼ੁਦਮੁਖਤਿਆਰੀ ਨੂੰ ਬਚਾਉਣਾ ਹੈ। ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀ ਵੱਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਜਾਵੇਗਾ।

Exit mobile version