The Khalas Tv Blog India ਪੰਜਾਬ ਦੇ 4 ਮੁੱਦਿਆਂ ਨੂੰ ਲੈਕੇ ਖੇਤੀਬਾੜੀ ਮੰਤਰੀ ਖੁੱਡਿਆਂ ਦੀ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ !
India Punjab

ਪੰਜਾਬ ਦੇ 4 ਮੁੱਦਿਆਂ ਨੂੰ ਲੈਕੇ ਖੇਤੀਬਾੜੀ ਮੰਤਰੀ ਖੁੱਡਿਆਂ ਦੀ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ !

ਬਿਉਰੋ ਰਿਪੋਰਟ – ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਮਿਲੇ। ਇਸ ਦੌਰਾਨ ਉਨ੍ਹਾਂ ਨੇ ਨਰਮੇ ਦੀ ਫ਼ਸਲ ‘ਤੇ ਕੀਟਾਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਦਾ ਮੁੱਦਾ ਚੁੱਕਿਆ ਹੈ। ਖੁੱਡੀਆਂ ਨੇ ਖੁਸ਼ੀ ਜ਼ਾਹਿਰ ਕਰਦੇ ਹੋਏ ਕਿਹਾ ਕੇਂਦਰੀ ਖੇਤੀਬਾੜੀ ਮੰਤਰੀ ਨੇ ਉਨ੍ਹਾਂ ਦੀ ਮੁਸ਼ਕਿਲਾਂ ਨੂੰ ਸਮਝਿਆ ਅਤੇ ਨੈਕਸਟ ਜਨਰੇਸ਼ਨ ਬੀ.ਜੀ.-3 ਨਰਮੇ ਦੇ ਬੀਜਾਂ ਸਬੰਧੀ ਖੋਜ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਹਾਮੀ ਭਰੀ ਹੈ।

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕਿਹਾ ਨਰਮੇ ਨੂੰ ਕੀਟਾਂ ਦੇ ਹਮਲੇ ਤੋਂ ਬਚਾਉਣ ਲਈ ਬੀ.ਜੀ.-2 ਕਪਾਹ ਦੇ ਬੀਜਾਂ ਨੂੰ ਉੱਨਤ ਬੀਜਾਂ ਨਾਲ ਬਦਲਣ ਦੀ ਲੋੜ ਹੈ। ਇਸ ਦੌਰਾਨ ਗੁਰਮੀਤ ਸਿੰਘ ਖੁੱਡੀਆਂ ਨੇ ਸਟੇਟ ਐਗਰੀਕਲਚਰਲ ਸਟੈਟਿਸਟਿਕਸ ਅਥਾਰਟੀ ਨੂੰ ਪ੍ਰਵਾਨਗੀ ਦੇਣ ਲਈ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਦਾ ਧੰਨਵਾਦ ਕੀਤਾ। ਇਹ ਅਥਾਰਟੀ ਸੂਬੇ ਵਿੱਚ ਖੇਤੀਬਾੜੀ ਖੇਤਰ ਵਿੱਚ ਯੋਜਨਾਬੰਦੀ, ਨਿਗਰਾਨੀ, ਮੁਲਾਂਕਣ, ਖੋਜ ਅਤੇ ਵਿਕਾਸ ਲਈ ਵਰਦਾਨ ਸਾਬਤ ਹੋਵੇਗੀ।

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਕੀਮ ਨੂੰ ਲਾਗੂ ਕਰਨ, ਆਰ.ਕੇ.ਵੀ.ਵਾਈ. ਤਹਿਤ ਫੰਡ ਜਾਰੀ ਕਰਨ, ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਰਿਆਇਤਾਂ ਅਤੇ ਖਾਦਾਂ ਦੀ ਨਿਰੰਤਰ ਸਪਲਾਈ ਅਤੇ ਕਣਕ ਦੇ ਬੀਜ ਨੂੰ ਬਦਲਣ ਸਬੰਧੀ ਸਕੀਮ ‘ਤੇ ਸਬਸਿਡੀ ਸਮੇਤ ਖੇਤੀਬਾੜੀ ਸੈਕਟਰ ਵਿੱਚ ਸੂਬੇ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵੀ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ।

ਸੀ.ਆਰ.ਐਮ. ਸਕੀਮ ਬਾਰੇ ਸੂਬੇ ਦੀ ਵੱਡੀ ਚਿੰਤਾ ਨੂੰ ਉਜਾਗਰ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵਿੱਤੀ ਸਾਲ 2023-24 ਦੌਰਾਨ ਸੀ.ਆਰ.ਐਮ.ਸਕੀਮ ਅਧੀਨ ਫੰਡ ਮੁਹੱਈਆਂ ਕਰਵਾਉਣ ਸਬੰਧੀ ਹਿੱਸੇ ਨੂੰ 60:40 ਕਰ ਦਿੱਤਾ ਗਿਆ ਹੈ। ਪਹਿਲਾਂ ਇਸ ਵਿੱਚ ਕੇਂਦਰ ਦਾ 100 ਫ਼ੀਸਦੀ ਹਿੱਸਾ ਹੁੰਦਾ ਸੀ। ਉਨ੍ਹਾਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੌਮੀ ਖੁਰਾਕ ਸੁਰੱਖਿਆ ਵਿੱਚ ਪੰਜਾਬ ਦੇ ਯੋਗਦਾਨ ਨੂੰ ਧਿਆਨ ਵਿੱਚ ਰੱਖਦਿਆਂ ਸੀ.ਆਰ.ਐਮ. ਸਕੀਮ ਵਿੱਚ ਕੇਂਦਰ ਦੇ 100 ਫ਼ੀਸਦੀ ਹਿੱਸੇ ਨੂੰ ਬਹਾਲ ਕਰਨ।

ਉਨ੍ਹਾਂ ਪਰਾਲੀ ਦੇ ਪ੍ਰਬੰਧਨ ‘ਤੇ ਹੋਣ ਵਾਲੇ ਵਾਧੂ ਖਰਚੇ ਦੇ ਬਦਲੇ ਕਿਸਾਨਾਂ ਨੂੰ ਮੁਆਵਜ਼ੇ ਵਜੋਂ ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਦੇਣ ਦੀ ਵੀ ਮੰਗ ਕੀਤੀ। ਪੰਜਾਬ ਦੇ ਮੰਤਰੀ ਨੇ ਕਿਹਾ ਹਾੜ੍ਹੀ ਦੀ ਫ਼ਸਲ ਦੀ ਬਿਜਾਈ ਦੇ ਸੀਜ਼ਨ ਦੌਰਾਨ ਆਮ ਤੌਰ ‘ਤੇ ਫਾਸਫੇਟਿਕ ਖਾਦ ਦੀ ਘਾਟ ਹੁੰਦੀ ਹੈ ਅਤੇ ਉਨ੍ਹਾਂ ਨੇ ਇਸ ਸੀਜ਼ਨ ਦੌਰਾਨ ਫਾਸਫੇਟਿਕ ਖਾਦ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦੇਣ ਦੀ ਅਪੀਲ ਵੀ ਕੀਤੀ।

ਇਹ ਵੀ ਪੜ੍ਹੋ –  ਕਰੂਸੇਡ ਸ਼ਬਦ ਦਾ ਇਸਾਈ ਧਰਮ ਨਾਲ ਕੀ ਸਬੰਧ ਹੈ? ਪੰਜਾਬ ’ਚ ਇਸ ਜ਼ਹਿਰੀਲੇ ਸ਼ਬਦ ਬਾਰੇ ਪੋਪ ਨੇ ਜਥੇਦਾਰ ਸਾਹਿਬ ਨੂੰ ਕੀ ਸੁਨੇਹਾ ਭੇਜਿਆ?

 

Exit mobile version