‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਪੁਲਿਸ ਲਾਠੀਚਾਰਜ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਹਾਈਕੋਰਟ ਵਿੱਚ ਦਾਖ਼ਲ ਪਟੀਸ਼ਨ ਰਾਹੀਂ ਇਸ ਮਾਮਲੇ ਵਿੱਚ ਨਿਰਪੱਖ ਜਾਂਚ ਕਰਵਾਉਣ ਅਤੇ ਕਥਿਤ ਦੋਸ਼ੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਕਰਨਾਲ ਦੇ ਕੁੱਝ ਵਿਅਕਤੀਆਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਖਲ ਕਰਕੇ ਮਾਮਲੇ ਦੀ ਹਾਈਕੋਰਟ ਦੇ ਸੇਵਾਮੁਕਤ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਜੇਕਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਨਾਂਅ ਸਾਹਮਣੇ ਆਉਂਦਾ ਹੈ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇ।
ਮਾਮਲੇ ਵਿੱਚ ਡੀਜੀਪੀ ਹਰਿਆਣਾ ਤੋਂ ਇਲਾਵਾ ਕਰਨਾਲ ਦੇ ਐਸਪੀ, ਡੀਐਸਪੀ, ਐਸਡੀਐਮ ਅਤੇ ਸੀਆਈਏ ਸਟਾਫ ਇੰਸਪੈਕਟਰ ਹਰਜਿੰਦਰ ਸਿੰਘ ਨੂੰ ਵੀ ਪਾਰਟੀ ਬਣਾਇਆ ਗਿਆ ਹੈ। ਪਟੀਸ਼ਨ ਵਿੱਚ ਹਰਿਆਣਾ ਪੁਲਿਸ ਵੱਲੋਂ ਲਾਠੀਚਾਰਜ ਵਿੱਚ ਜ਼ਖ਼ਮੀ ਹੋਏ ਕਿਸਾਨਾਂ ਲਈ ਮੁਆਵਜ਼ਾ ਵੀ ਮੰਗਿਆ ਗਿਆ ਹੈ। ਹਾਈਕੋਰਟ ਤੋਂ ਇਹ ਵੀ ਮੰਗ ਕੀਤੀ ਗਈ ਹੈ ਕਿ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਬਾਂਸ ਦੀ ਲੱਕੜ ਨਾਲ ਬਣੀ ਲਾਠੀ ‘ਤੇ ਪਾਬੰਦੀ ਲਾਈ ਜਾਵੇ ਅਤੇ ਪਾਲੀਕਾਰਬੋਨੇਟ ਲਾਠੀ ਦੀ ਵਰਤੋਂ ਕਰਨ ਲਈ ਕਿਹਾ ਜਾਵੇ।