Punjab

ਟੈਕਸ ਡਿਫ਼ਾਲਟਰ ਪ੍ਰਾਈਵੇਟ ਕੰਪਨੀਆਂ ਨੂੰ ਹਾਈਕੋਰਟ ਦਾ ਵੱਡਾ ਝਟਕਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਟੈਕਸ ਡਿਫ਼ਾਲਟਰ ਪ੍ਰਾਈਵੇਟ ਕੰਪਨੀਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪ੍ਰਾਈਵੇਟ ਬੱਸ ਆਪ੍ਰੇਟਰ ਨਿਊ ਦੀਪ ਬੱਸ ਕੰਪਨੀ ਵੱਲੋਂ ਰਿਜਨਲ ਟਰਾਂਸਪੋਰਟ ਅਥਾਰਿਟੀ ਫ਼ਰੀਦਕੋਟ ਦੇ ਫ਼ੈਸਲੇ ਵਿਰੁੱਧ ਪਾਈ ਗਈ ਪਟੀਸ਼ਨ ਨੂੰ ਰੱਦ ਕਰਦਿਆਂ ਕੋਈ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਬੱਸ ਆਪ੍ਰੇਟਰ ਕੰਪਨੀ ਨੇ ਅਦਾਲਤ ਵਿੱਚ ਆਪਣਾ ਪੱਖ ਰੱਖਦਿਆਂ ਮੰਨਿਆ ਸੀ ਕਿ ਉਸ ਨੇ ਜਨਵਰੀ ਤੋਂ ਅਕਤੂਬਰ 2021 ਤੱਕ ਮੋਟਰ ਵਹੀਕਲ ਟੈਕਸ ਦਾ ਬਕਾਇਆ ਜਮ੍ਹਾ ਨਹੀਂ ਕਰਵਾਇਆ। ਟੈਕਸ ਜਮ੍ਹਾ ਨਾ ਕਰਵਾ ਸਕਣ ਲਈ ਕੰਪਨੀ ਨੇ ਕੋਰੋਨਾ ਦੇ ਸਮੇਂ ਦੌਰਾਨ ਲੱਗੀਆਂ ਬੰਦਸ਼ਾਂ ਕਰਕੇ ਘੱਟ ਸਵਾਰੀਆਂ ਹੋਣ, ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਕਾਰਨ ਘਾਟਾ ਪੈਣ ਅਤੇ ਦੂਜੀ ਸਿਆਸੀ ਧਿਰ ਨਾਲ ਸਬੰਧਤ ਹੋਣ ਕਾਰਨ ਕਿੜ ਕੱਢਣ ਆਦਿ ਦੀਆਂ ਦਲੀਲਾਂ ਦਿੱਤੀਆਂ ਪਰ ਅਦਾਲਤ ਨੇ ਟੈਕਸ ਭਰਨ ਦੇ ਸਮੇਂ ਵਿੱਚ ਰਾਹਤ ਦੇਣ ਤੋਂ ਕੋਈ ਵੀ ਢਿੱਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ।