ਅਬੋਹਰ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅਬੋਹਰ ‘ਚ ਭਾਜਪਾ ਦੀ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਦੀ ਅਚਾਨਕ ਸਿਹਤ ਵਿਗੜ ਗਈ ।
ਦੇਰ ਰਾਤ ਫਾਜ਼ਿਲਕਾ ਦੇ ਅਬੋਹਰ ‘ਚ ਰੈਲੀ ਨੂੰ ਸੰਬੋਧਨ ਕਰਦਿਆਂ ਆਪਣਾ ਭਾਸ਼ਣ ਖਤਮ ਕਰਦੇ ਹੀ ਉਨ੍ਹਾਂ ਨੂੰ ਚੱਕਰ ਆ ਗਏ। ਉਨ੍ਹਾਂ ਨੂੰ ਸਟੇਜ ‘ਤੇ ਹੀ ਮੁੱਢਲੀ ਸਹਾਇਤਾ ਦਿੱਤੀ ਗਈ। ਬਿਨਾਂ ਸਮਾਂ ਬਰਬਾਦ ਕੀਤੇ ਤੁਰੰਤ ਉਸ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਹੁਣ ਉਸ ਦੀ ਹਾਲਤ ਵਿਚ ਸੁਧਾਰ ਹੋ ਰਿਹਾ ਹੈ।
ਸੁਨੀਲ ਜਾਖੜ ਭਾਜਪਾ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਅਬੋਹਰ ਪਹੁੰਚੇ ਸਨ। ਉਹ ਰਾਤ ਨੂੰ ਵਰਕਰਾਂ ਦੀ ਮੀਟਿੰਗ ਦੌਰਾਨ ਮੰਚ ਤੋਂ ਸਮੂਹ ਭਾਜਪਾ ਵਰਕਰਾਂ ਤੇ ਆਗੂਆਂ ਨੂੰ ਸੰਬੋਧਨ ਕਰ ਰਹੇ ਸਨ। ਆਪਣਾ ਭਾਸ਼ਣ ਖਤਮ ਕਰਨ ਤੋਂ ਬਾਅਦ ਉਨ੍ਹਾਂ ਨੇ ‘ਭਾਰਤ ਮਾਤਾ ਕੀ ਜੈ’ ਦਾ ਨਾਅਰਾ ਲਗਾਇਆ ਹੀ ਸੀ ਕਿ ਉਨ੍ਹਾਂ ਨੂੰ ਚੱਕਰ ਆ ਗਏ ਅਤੇ ਉਸ ਨੇ ਭਾਸ਼ਣ ਦੇਣ ਲਈ ਸਟੇਜ ‘ਤੇ ਰੱਖੇ ਡਾਇਸ ਨੂੰ ਫੜ ਕੇ ਆਪਣੇ ਆਪ ਨੂੰ ਸੰਭਾਲ ਲਿਆ।
ਵਿਗੜਦੀ ਹਾਲਤ ਨੂੰ ਦੇਖਦਿਆਂ ਸੁਨੀਲ ਜਾਖੜ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਭਾਜਪਾ ਆਗੂਆਂ ਨੇ ਦੱਸਿਆ ਕਿ ਰਾਤ ਸਮੇਂ ਗਰਮੀ ਬਹੁਤ ਜ਼ਿਆਦਾ ਸੀ ਅਤੇ ਵਰਕਰਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਗੁੰਮਸ ਵੀ ਜ਼ਿਆਦਾ ਸੀ, ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ ਪਰ ਹੁਣ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸੁਨੀਲ ਜਾਖੜ ਲਗਾਤਾਰ ਪੰਜਾਬ ਦੌਰੇ ‘ਤੇ ਹਨ। ਉਹ ਹਰ ਰੋਜ਼ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਆਯੋਜਿਤ ਵਰਕਰ ਮੀਟਿੰਗਾਂ ‘ਚ ਪਹੁੰਚ ਰਹੇ ਹਨ, ਤਾਂ ਜੋ ਆਉਣ ਵਾਲੀਆਂ ਲੋਕ ਸਭਾ 2024, ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਵਰਕਰਾਂ ਨੂੰ ਇਕੱਠਾ ਕਰਕੇ ਮਜ਼ਬੂਤ ਕੀਤਾ ਜਾ ਸਕੇ।