Punjab

ਪੰਜਾਬ ਭਾਜਪਾ ਨੇ ਅਕਾਲੀ ਦਲ ਨਾਲ ਗਠਜੋੜ ਤੋਂ ਕੀਤਾ ਇਨਕਾਰ, ਕਿਹਾ ਪਾਰਟੀ ਇਕੱਲਿਆਂ ਲੜੇਗੀ ਚੋਣ

ਚੰਡੀਗੜ੍ਹ : ਪਾਰਟੀ ਦੀ ਸੂਬਾ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਾਫ਼ ਕੀਤਾ ਹੈ ਕਿ  ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਗਠਜੋੜ ਦੀ ਕੋਈ ਵੀ  ਸੰਭਾਵਨਾ ਨਹੀਂ ਹੈ ਅਤੇ ਪਾਰਟੀਪੰਜਾਬ ਦੀਆਂ ਸਾਰੀਆਂ ਚੋਣਾਂ ਆਪਣੇ ਦਮ ‘ਤੇ ਲੜੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਲੀਡਰਸ਼ਿਪ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਸ਼ਰਧਾਂਜਲੀ ਨੂੰ ਸਿਆਸਤ ਨਾਲ ਨਾ ਜੋੜਿਆ ਜਾਵੇ।

ਅਸ਼ਵਨੀ ਸ਼ਰਮਾ ਨੇ ਆਪਣੇ ਬਿਆਨ ਵਿੱਚ ਕਿਹਾ, “ਭਾਜਪਾ ਸਾਰੀਆਂ ਚੋਣਾਂ ਆਪਣੇ ਦਮ ‘ਤੇ ਲੜੇਗੀ ਅਤੇ ਭਾਰੀ ਬਹੁਮਤ ਨਾਲ ਜਿੱਤੇਗੀ ਅਤੇ (ਇਹ) ਕਿਸੇ ਵੀ ਕੀਮਤ ‘ਤੇ ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ।” ਉਨ੍ਹਾਂ ਕਿਹਾ ਕਿ ਮਰਹੂਮ ਸਾਬਕਾ ਮੁੱਖ ਮੰਤਰੀ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਆਏ ਪ੍ਰਧਾਨ ਮੰਤਰੀ ਅਤੇ ਭਾਜਪਾ ਲੀਡਰਸ਼ਿਪ ਅਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਲਿਖੇ ਲੇਖ ਨੂੰ ਸਿਆਸਤ ਨਾਲ ਨਾ ਜੋੜਿਆ ਜਾਵੇ। ਸ਼ਰਮਾ ਨੇ ਬਿਆਨ ਵਿੱਚ ਕਿਹਾ, “ਇਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਤੋਂ ਇਲਾਵਾ ਹੋਰ ਕੁਝ ਨਹੀਂ ਸੀ।

ਪ੍ਰਧਾਨ ਮੰਤਰੀ ਮੋਦੀ ਪੰਜ ਵਾਰ ਦੇ ਸਾਬਕਾ ਮੁੱਖ ਮੰਤਰੀ ਦੇ ਦੇਹਾਂਤ ਤੋਂ ਬਾਅਦ ਬਾਦਲ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਪੁੱਜੇ ਸਨ। ਭਾਜਪਾ ਪ੍ਰਧਾਨ ਜੇਪੀ ਨੱਡਾ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਸੀਨੀਅਰ ਆਗੂ ਤਰੁਣ ਚੁੱਘ ਅਤੇ ਪਾਰਟੀ ਦੇ ਹੋਰ ਆਗੂ ਵੀਰਵਾਰ ਨੂੰ ਸ੍ਰੀ ਬਾਦਲ ਦੇ ਪਿੰਡ ਮੁਕਤਸਰ ਵਿਖੇ ਸ਼ਰਧਾਂਜਲੀ ਦੇਣ ਪੁੱਜੇ ਸਨ।