‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਇਸ ਮੀਟਿੰਗ ਵਿੱਚ ਸਾਰੇ ਮੰਤਰੀ ਮੌਜੂਦ ਰਹੇ। ਚੋਣਾਂ ਤੋਂ ਪਹਿਲਾਂ ਥੋੜ੍ਹੇ-ਥੋੜ੍ਹੇ ਵਕਫ਼ੇ ਨਾਲ ਸੱਦੀਆਂ ਜਾ ਰਹੀਆਂ ਪੰਜਾਬ ਕੈਬਨਿਟ ਦੀਆਂ ਮੀਟਿੰਗਾਂ ਵਿੱਚ ਵੋਟਰਾਂ ਨੂੰ ਭਰਮਾਉਣ ਲਈ ਫੈਸਲੇ ਲਏ ਜਾ ਰਹੇ ਹਨ। ਅੱਜ ਦੀ ਮੀਟਿੰਗ ਵਿੱਚ ਸੂਬੇ ਦੀਆਂ ਵੱਖ-ਵੱਖ ਤਹਿਸੀਲਾਂ ਵਿੱਚ ਸਥਾਪਤ ਕੀਤੇ 18 ਨਵੇਂ ਸਰਕਾਰੀ ਕਾਲਜਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਇਨ੍ਹਾਂ ਕਾਲਜਾਂ ਵਿੱਚ 160 ਅਸਿਸਟੈਂਟ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਗਈ। ਇਸ ਭਰਤੀ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਘੇਰੇ ਵਿੱਚੋਂ ਕੱਢਦਿਆਂ ਵਿਭਾਗੀ ਚੋਣ ਕਮੇਟੀ ਰਾਹੀਂ ਭਰਨ ਦਾ ਫੈਸਲਾ ਕੀਤਾ ਗਿਆ।
ਨਵਾਂਸ਼ਹਿਰ ਦੇ ਕਸਬਾ ਬਲਾਚੌਰ ‘ਚ ਟੈਕਨੀਕਲ ਸਕਿਲ ਯੂਨੀਵਰਸਿਟੀ ਖੋਲ੍ਹਣ ਨੂੰ ਮਨਜ਼ੂਰੀ ਦਿੱਤੀ ਗਈ ਹੈ।ਪੰਜਾਬ ਸਰਕਾਰ ਨੇ ਝੋਨੇ ਦੀ ਖਰੀਦ ਨੀਤੀ 2021-22 ਨੂੰ ਦਿੱਤੀ ਮਨਜ਼ੂਰੀ, ਸਰਕਾਰੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ।9 ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਲਈ 117 ਅਸਾਮੀਆਂ ਦੀ ਸਿਰਜਣਾ ਨੂੰ ਮਨਜ਼ੂਰੀ ਦਿੱਤੀ ਗਈ ਹੈ। ਜਿਨਸੀ ਸੋਸ਼ਣ ਤੋਂ ਬੱਚਿਆਂ ਦੀ ਸੁਰੱਖਿਆ (ਪੌਸਕੋ) ਐਕਟ ਅਤੇ ਬਲਾਤਕਾਰ ਕੇਸਾਂ ਵਿੱਚ ਲੰਬਿਤ ਮਾਮਲਿਆਂ ਨੂੰ ਘਟਾਉਣ ਦੀ ਦਿਸ਼ਾ ਵਿੱਚ ਕੈਬਨਿਟ ਨੇ 9 ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਅਤੇ ਇਨ੍ਹਾਂ ਵਿੱਚ 117 ਅਸਾਮੀਆਂ ਦੀ ਸਿਰਜਣਾ ਨੂੰ ਮਨਜ਼ੂਰੀ ਦੇ ਦਿੱਤੀ।
ਇਹ 9 ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਮਾਨਸਾ, ਮੋਗਾ, ਪਟਿਆਲਾ ਤੇ ਐਸ.ਏ.ਐਸ. ਨਗਰ ਵਿਖੇ ਸਥਾਪਤ ਕੀਤੀਆਂ ਜਾਣਗੀਆਂ। ਇਨ੍ਹਾਂ ਅਦਾਲਤਾਂ ਲਈ ਸਿਰਜਣਾ ਕੀਤੀਆਂ 117 ਅਸਾਮੀਆਂ ਵਿੱਚ 9 ਵਧੀਕ ਜ਼ਿਲਾ ਤੇ ਸੈਸ਼ਨ ਜੱਜ ਅਤੇ ਜੱਜਮੈਂਟ ਰਾਈਟਰ (ਸੀਨੀਅਰ ਗਰੇਡ), ਰੀਡਰ ਗਰੇਡ-1, ਸਟੈਨੋਗ੍ਰਾਫਰ ਗਰੇਡ-2, ਟਰਾਂਸਲੇਟਰ, ਅਹਲਮਦ, ਕਾਪੀ ਕਲਰਕ ਤੇ ਅਸ਼ਰ ਦੀਆਂ 9-9 ਅਸਾਮੀਆਂ ਤੇ 18 ਸੇਵਾਦਾਰ ਸ਼ਾਮਲ ਹਨ। ਬਾਕੀ 27 ਅਸਾਮੀਆਂ ਵਿੱਚ ਡਿਪਟੀ ਜ਼ਿਲਾ ਅਟਾਰਨੀ, ਜੂਨੀਅਰ ਸਕੇਲ ਸਟੈਨੋਗ੍ਰਾਫਰ ਤੇ ਸੇਵਾਦਾਰ ਦੀਆਂ 9-9 ਅਸਾਮੀਆਂ ਸ਼ਾਮਲ ਹਨ।
ਕੈਬਿਨਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਜਵਾਈ ਦੀ ਨੌਕਰੀ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਪੰਜਾਬ ਕੈਬਿਨਟ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ। ਗੁਰਪ੍ਰੀਤ ਕਾਂਗੜ ਦੇ ਜਵਾਈ ਨੂੰ ਤਰਸ ਦੇ ਅਧਾਰ ‘ਤੇ ਨੌਕਰੀ ਦਿੱਤੀ ਗਈ ਹੈ। 2011 ਦੇ ਵਿਚ ਗੁਰਪ੍ਰੀਤ ਕਾਂਗੜ ਦੇ ਜਵਾਈ ਗੁਰਸ਼ੇਰ ਸਿੰਘ ਦੇ ਪਿਤਾ ਦੀ ਮੌਤ ਹੋਣ ਤੋਂ ਬਾਅਦ ਨੌਕਰੀ ਲਈ ਅਪਲਾਈ ਕੀਤਾ ਗਿਆ ਸੀ। ਗੁਰਸ਼ੇਰ ਦੇ ਪਿਤਾ ਕੁਲਜੀਤ ਈ ਟੀ ਓ ਤੈਨਾਤ ਸਨ ਅਤੇ 2011 ਵਿੱਚ ਗੁਰਸ਼ੇਰ ਦੇ ਪਿਤਾ ਦੀ ਮੌਤ ਹੋਈ ਸੀ। 2016 ਵਿੱਚ ਗੁਰਸ਼ੇਰ ਸਿੰਘ ਦਾ ਵਿਆਹ ਗੁਰਪ੍ਰੀਤ ਕਾਂਗੜ ਦੀ ਧੀ ਨਾਲ ਹੋਇਆ ਸੀ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੇ ਯੂਨੀਵਰਸਲ ਹੈਲਥਕੇਅਰ ਪੋਲ ਵਾਅਦੇ ਨੂੰ ਪੂਰਾ ਕਰਨ ਲਈ 15 ਲੱਖ ਪਰਿਵਾਰਾਂ ਲਈ ਮੁਫਤ ਬੀਮਾ ਕਵਰ ਕਰਨ ਦਾ ਐਲਾਨ ਕੀਤਾ ਜੋ ਪਹਿਲਾਂ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਦੇ ਦਾਇਰੇ ਵਿੱਚ ਸ਼ਾਮਲ ਨਹੀਂ ਸਨ।