ਬਿਉਰੋ ਰਿਪੋਰਟ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਅੱਜ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ (Punjab Prevention of Crimes against Holy Scripture Bill-2025) ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ, ਐਂਡ ਸਟਾਕਿਸਟਸ ਐਂਡ ਰਿਟੇਲਰ ਰੂਲਜ਼-2025 ਨੂੰ ਹਰੀ ਝੰਡੀ ਦੇ ਦਿੱਤੀ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਉਕਤ ਬਿੱਲ ਤੇ ਦੋ ਘੰਟੇ ਚਰਚਾ ਕਰਵਾਉਣ ਦਾ ਸਮਾਂ ਤੈਅ ਕੀਤਾ ਜਦੋਂ ਕਿ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਸ ਬਿੱਲ ਉੱਤੇ 15 ਜੁਲਾਈ ਨੂੰ ਚਰਚਾ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਬਿੱਲ ਹਰ ਵਰਗ ਦੇ ਲੋਕਾਂ ਦੇ ਹਿੱਤਾਂ ਨਾਲ ਜੁੜਿਆ ਹੋਇਆ ਹੈ। ਇਸ ਲਈ ਇਸ ਬਿੱਲ ਨੂੰ ਜਲਦਬਾਜ਼ੀ ਵਿੱਚ ਚਰਚਾ ਕਰਨ ਦੀ ਥਾਂ ਗਹਿਰਾਈ ਨਾਲ ਪੜ੍ਹਨ ਤੋਂ ਬਾਅਦ ਚਰਚਾ ਕਰਵਾਈ ਜਾਣੀ ਚਾਹੀਦੀ ਹੈ। ਹਲਾਂਕਿ ਬੇਅਦਬੀ ਬਾਰੇ ਬਿੱਲ ਉੱਤੇ ਚਰਚਾ ਭਲਕੇ (ਮੰਗਲਵਾਰ) ਲਈ ਮੁਲਤਵੀ ਕਰ ਦਿੱਤੀ ਗਈ। ਇਸ ਦੇ ਨਾਲ ਹੀ ਸਪੀਕਰ ਨੇ ਸਦਨ ਭਲਕੇ ਸਵੇਰੇ 10 ਵਜੇ ਤੱਕ ਲਈ ਉਠਾ ਦਿੱਤਾ।
ਬੇਅਦਬੀ ਕਰਨ ਵਾਲੇ ਨੂੰ ਉਮਰ ਕੈਦ
ਇਸ ਬਿੱਲ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ, ਭਾਗਵਦ ਗੀਤਾ, ਪਵਿੱਤਰ ਬਾਈਬਲ, ਕੁਰਾਨ ਸ਼ਰੀਫ਼ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਲਈ ਉਮਰ ਕੈਦ ਸਮੇਤ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਇਸ ਕਾਨੂੰਨ ਦੇ ਲਾਗੂ ਹੋ ਜਾਣ ਨਾਲ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ, ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਹੋਰ ਤਾਕਤ ਮਿਲੇਗੀ। ਇਸ ਕਦਮ ਨਾਲ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾ ਕੇ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਨੂੰ ਹੋਰ ਬਲ ਮਿਲੇਗਾ।
ਇਸ ਬਿੱਲ ਦਾ ਉਦੇਸ਼ ਸਾਰੇ ਧਰਮਾਂ ਅਤੇ ਫਿਰਕਿਆਂ ਨਾਲ ਜੁੜੇ ਬੇਅਦਬੀ ਦੇ ਮਾਮਲਿਆਂ ਵਿੱਚ ਸਜ਼ਾ ਦੀ ਵਿਵਸਥਾ ਕਰਕੇ ਇਸ ਕਾਨੂੰਨੀ ਖਲਾਅ ਨੂੰ ਭਰਨਾ ਹੈ। ਇਸ ਤਜਵੀਜ਼ਤ ਕਾਨੂੰਨ ਤਹਿਤ ਬੇਅਦਬੀ ਦਾ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਅਪਰਾਧ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਵੀ ਤਿੰਨ ਤੋਂ ਪੰਜ ਸਾਲ ਦੀ ਕੈਦ ਤੱਕ ਦੀ ਸਜ਼ਾ ਸਾਹਮਣਾ ਕਰਨਾ ਪੈ ਸਕਦਾ ਹੈ ਜਦਕਿ ਅਪਰਾਧ ਲਈ ਉਕਸਾਉਣ ਵਾਲਿਆਂ ਨੂੰ ਅਪਰਾਧ ਦੇ ਮੁਤਾਬਕ ਸਜ਼ਾ ਮਿਲੇਗੀ।