India Punjab

ਕੇਜ਼ਰੀਵਾਲ ਦੀ ਸੀਬੀਆਈ ਅੱਗੇ ਪੇਸ਼ੀ,ਦਿੱਲੀ ਪਹੁੰਚ ਰਹੇ ਆਪ ਦੇ ਮੰਤਰੀਆਂ,ਵਿਧਾਇਕਾਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਦਿੱਲੀ : ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਦੀ ਸੀਬੀਆਈ ਅੱਗੇ ਪੇਸ਼ੀ ਨੂੰ ਲੈ ਕੇ ਅੱਜ ਦਿੱਲੀ ਵਿੱਚ ਮਾਹੌਲ ਗਰਮਾਇਆ ਹੋਇਆ ਹੈ।ਇਸ ਦੌਰਾਨ ਪੰਜਾਬ ਦੇ ਮੰਤਰੀਆਂ ਨੇ ਵੀ ਆਪ ਸੁਪਰੀਮੋ ਦਾ ਸਾਥ ਦੇਣ ਲਈ ਦਿੱਲੀ ਵੱਲ ਨੂੰ ਚਾਲੇ ਪਾ ਦਿੱਤੇ ਪਰ ਉਹਨਾਂ ਨੂੰ ਦਿੱਲੀ ਪੁਲਿਸ ਵੱਲੋਂ ਸਿੰਘੂ ਬਾਰਡਰ ‘ਤੇ ਰਾਹ ਵਿੱਚ ਹੀ ਰੋਕ ਲਿਆ ਗਿਆ ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ ਤੇ ਇਹ ਰੋਸ ਪ੍ਰਗਟਾਇਆ ਹੈ ਕਿ ਦੇਸ਼ ਦੀ ਰਾਜਧਾਨੀ ਵਿੱਚ ਉਹਨਾਂ ਨੂੰ ਜਾਣ ਕਿਉਂ ਨਹੀਂ ਦਿੱਤਾ ਜਾ ਰਿਹਾ ਹੈ? ਦਿੱਲੀ ਪੁਲਿਸ ਵੱਲੋਂ ਉਹਨਾਂ ਦੀ ਕਾਰ ਨੂੰ ਰੋਕੇ ਜਾਣ ਦਾ ਇਲਜ਼ਾਮ ਉਹਨਾਂ ਲਗਾਇਆ ਹੈ।

ਇਸ ਤੋਂ ਇਲਾਵਾ ਪੰਜਾਬ ਕੈਬਨਿਟ ਮੰਤਰੀਆਂ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ,ਜਿਹਨਾਂ ਵਿੱਚ ਪੰਜਾਬ ਦੇ ਸਿਹਤ ਮੰਤਰੀ ਡਾ.ਬਲਬੀਰ ਸਿੰਘ,ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ,ਰੋਪੜ ਹਲਕੇ ਤੋਂ ਵਿਧਾਇਕ ਦਿਨੇਸ਼ ਚੱਢਾ,ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ,ਵਿਧਾਇਕ ਕੁਲਦੀਪ ਰੰਧਾਵਾ ਸ਼ਾਮਲ ਹਨ।

https://twitter.com/AAPPunjab/status/1647478018124972040?s=20

ਡਾ. ਬਲਬੀਰ ਸਿੰਘ ਨੇ ਆਪਣੇ ਟਵੀਟਰ ‘ਤੇ ਇਹ ਜਾਣਕਾਰੀ ਵੀ ਸਾਂਝੀ ਕੀਤੀ ਹੈ ਕਿ ਸ਼ਾਂਤਮਈ ਢੰਗ ਨਾਲ ਦਿੱਲੀ ਵੱਲ ਜਾ ਰਹੇ ਵਿਧਾਇਕਾਂ, ਮੰਤਰੀਆਂ, ਵਲੰਟੀਅਰਾਂ ਨੂੰ ਰੋਕਿਆ ਗਿਆ ਹੈ ਤੇ ਗੈਰ-ਕਾਨੂੰਨੀ ਤੌਰ ‘ਤੇ ਨਜ਼ਰਬੰਦ ਕੀਤਾ ਗਿਆ ਹੈ।

ਪੁਲਿਸ ਵੱਲੋਂ ਨਿਹੱਥੇ ਸ਼ਾਂਤਮਈ ਲੋਕਾਂ ‘ਤੇ ਬੇਰਹਿਮੀ ਨਾਲ ਲਾਠੀਚਾਰਜ ਕੀਤੇ ਜਾਣ ਦੀ ਗੱਲ ਵੀ ਉਹਨਾਂ ਨੇ ਕੀਤੀ ਹੈ ਤੇ ਕਿਹਾ ਹੈ ਕਿ ਇਸ ਦੌਰਾਨ ਇੱਕ ਜ਼ਖ਼ਮੀ ਦੀ ਜਾਨ ਬਚਾਉਣ ਲਈ CPR ਦੇਣਾ ਪਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣਾ ਪਿਆ।  ਡਾ. ਬਲਬੀਰ ਸਿੰਘ ਨੇ ਇਸ ਨੂੰ ਮੋਦੀ ਹਕੂਮਤ ਦਾ ਆਵਾਜ਼ ਕੁਚਲਣ ਲਈ ਵਹਿਸ਼ੀਆਨਾ ਹਮਲਾ ਕਰਾਰ ਦਿੱਤਾ ਹੈ।

ਸਿਰਫ ਦਿੱਲੀ ਹੀ ਨਹੀਂ,ਰੋਸ ਪ੍ਰਦਰਸ਼ਨ ਪੰਜਾਬ ਵਿੱਚ ਵੀ ਹੋ ਰਹੇ ਹਨ। ਅੰਮ੍ਰਿਤਸਰ ਵਿੱਚ ਵੀ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਅੱਗੇ ਪੇਸ਼ੀ ਨੂੰ ਲੈ ਕੇ
ਆਪ ਵਰਕਰ ਸੜਕਾਂ ‘ਤੇ ਉਤਰੇ ਹਨ।

https://twitter.com/AAPPunjab/status/1647486124938645510?s=20

ਦੱਸਣਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਨੀਤੀ ਮਾਮਲੇ ਵਿੱਚ ਅੱਜ ਕੇਂਦਰੀ ਜਾਂਚ ਬਿਊਰੋ (CBI) ਸਾਹਮਣੇ ਪੇਸ਼ ਹੋਏ ਹਨ । ਜਿਸ ਦੇ ਮੱਦੇਨਜ਼ਰ ਸੀਬੀਆਈ ਹੈੱਡਕੁਆਰਟਰ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਚੱਲਦਿਆਂ ਅਰਧ ਸੈਨਿਕ ਬਲਾਂ ਸਮੇਤ 1,000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਚਾਰ ਤੋਂ ਵੱਧ ਲੋਕ ਇਕੱਠੇ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਇਸ ਖੇਤਰ ਵਿੱਚ ਫੌਜਦਾਰੀ ਜਾਬਤਾ (ਸੀਆਰਪੀਸੀ) ਦੀ ਧਾਰਾ 144 ਲਾਗੂ ਕੀਤੀ ਗਈ ਹੈ।

ਕੇਜਰੀਵਾਲ ਨੇ ਸੀਬੀਆਈ ਦਫ਼ਤਰ ਜਾਣ ਤੋਂ ਪਹਿਲਾਂ ਮੀਡੀਆ ਨੂੰ ਸੰਬੋਧਨ ਵੀ ਕੀਤਾ ਸੀ ਤੇ ਕਿਹਾ ਸੀ ਕਿ ਕੁਝ ਦੇਸ਼ ਵਿਰੋਧੀ ਤਾਕਤਾਂ ਸਕੂਲ ਅਤੇ ਹਸਪਤਾਲ ਨਹੀਂ ਚਾਹੁੰਦੀਆਂ। ਇਸ ਲਈ ਉਹਨਾਂ ਦੇ ਨਾਲ ਇਸ ਤਰਾਂ ਦਾ ਸਲੂਕ ਕੀਤਾ ਜਾ ਰਿਹਾ ਹੈ।ਇਸ ਦੌਰਾਨ ਉਹਨਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ ਮੌਜੂਦ ਸਨ।