International Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਜ਼ਰਾਇਲੀ ਕੰਪਨੀ ਮੈਕੋਰੋਟ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ

ਪੰਜਾਬ ਵਿੱਚ ਨਵੇਂ ਪ੍ਰੋਜੈਕਟ ਲਾਉਣ ਦੀ ਕਹੀ ਗੱਲ

ਖਾਲਸ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਜ਼ਰਾਇਲੀ ਕੰਪਨੀ ਮੈਕੋਰੋਟ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਹੈ ਤੇ ਇਸ ਕੰਪਨੀ ਨਾਲ ਮਿਲ ਕੇ ਪੰਜਾਬ ਵਿੱਚ ਨਵੇਂ ਪ੍ਰੋਜੈਕਟ ਲਾਉਣ ਦੀ ਗੱਲ ਕਹੀ ਹੈ। ਆਪਣੇ ਟਵਿੱਟਰ ਅਕਾਊਂਟ ਤੋਂ ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਉਹਨਾਂ ਦੱਸਿਆ ਹੈ ਕਿ ਪੰਜਾਬ ਵਿੱਚ ਪਾਣੀ ਦੀ ਸਮੱਸਿਆ ਬਹੁਤ ਵੱਧ ਗਈ ਹੈ ਤੇ ਪੰਜ ਦਰਿਆਵਾਂ ਵਾਲੀ ਇਸ ਧਰਤੀ ਉੱਤੇ ਲੋਕਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਨਾ ਮਿਲਣਾ ਇੱਕ ਬਹੁਤ ਵੱਡੀ ਤ੍ਰਾਸਦੀ ਹੈ।

ਇਸ ਸਬੰਧ ਵਿੱਚ ਅੱਜ ਉਹਨਾਂ ਨੇ ਇਜ਼ਰਾਇਲ ਦੀ ਉਪਰੋਕਤ ਕੰਪਨੀ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਹੈ ਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਪਾਣੀ ਸਾਫ ਕਰਨ ਸਬੰਧੀ ਨਵੇਂ ਪ੍ਰੋਜੈਕਟ ਲਗਾਏ ਜਾਣ ਦੀ ਵੀ ਹਾਮੀ ਭਰੀ ਹੈ। ਉਹਨਾਂ ਇਹ ਵੀ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ।

ਇਹ ਮੀਟਿੰਗ ਹੋਰ ਵੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਪੰਜਾਬ ਦੇ ਸਿਰਫ ਦਰਿਆਵਾਂ ਦਾ ਪਾਣੀ ਹੀ ਗੰਧਲਾ ਨਹੀਂ ਹੋਇਆ ਹੈ ਸਗੋਂ ਧਰਤੀ ਹੇਠਲਾ ਪਾਣੀ ਵੀ ਪ੍ਰਦੂਸ਼ਿਤ ਹੋ ਚੁੱਕਾ ਹੈ। ਇਸ ਸਬੰਧ ਵਿੱਚ ਸੂਬਾ ਸਰਕਾਰ ਦੇ ਮੰਤਰੀਆਂ ਨੇ ਵੀ ਪਿਛਲੇ ਦਿਨੀਂ ਲੁਧਿਆਣੇ ਵਿੱਚ ਬੁੱਢੇ ਨਾਲੇ ਦਾ ਦੌਰਾ ਕੀਤਾ ਸੀ।