‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫੌਜ ਦੀ ਚਿੱਠੀ ਉੱਤੇ ਤੁਰੰਤ ਨੋਟਿਸ ਲੈਂਦਿਆਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਰਮੀ ਅਥਾਰਟੀਆਂ ਨੂੰ ਪੂਰਾ ਸਹਿਯੋਗ ਦੇਣ ਦੇ ਹੁਕਮ ਦਿੱਤੇ ਹਨ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਅਗਨੀਵੀਰਾਂ ਦੀ ਭਰਤੀ ਲਈ ਕਿਸੇ ਵੀ ਢਿੱਲ ਨੂੰ ਗੰਭੀਰਤਾ ਨਾਲ ਦੇਖਿਆ ਜਾਵੇਗਾ। ਸੂਬੇ ਵਿੱਚੋਂ ਵੱਧ ਤੋਂ ਵੱਧ ਉਮੀਦਵਾਰਾਂ ਨੂੰ ਫੌਜ ਵਿੱਚ ਭਰਤੀ ਕਰਨ ਦੀ ਹਰ ਕੋਸ਼ਿਸ਼ ਕੀਤੀ ਜਾਵੇਗੀ।

ਦਰਅਸਲ, ਫੌਜ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਅਗਨੀਪੱਥ ਸਕੀਮ ਤਹਿਤ ਭਰਤੀ ਪ੍ਰਕਿਰਿਆ ਨੂੰ ਸਥਾਨਕ ਪ੍ਰਸ਼ਾਸਨ ਵੱਲੋਂ ਸਹਿਯੋਗ ਨਾ ਮਿਲਣ ਦੀ ਸ਼ਿਕਾਇਤ ਕੀਤੀ ਸੀ। ਫੌਜ ਦਾ ਕਹਿਣਾ ਸੀ ਕਿ ਜੇਕਰ ਅਜਿਹਾ ਹੀ ਰਿਹਾ ਤਾਂ ਭਰਤੀ ਪ੍ਰਕਿਰਿਆ ਨੂੰ ਜਾਂ ਤਾਂ ਰੋਕਣਾ ਪਵੇਗਾ ਜਾਂ ਫਿਰ ਗੁਆਂਢੀ ਰਾਜਾਂ ਵਿੱਚ ਤਬਦੀਲ ਕਰਨਾ ਪਵੇਗਾ। ਭਾਰਤੀ ਫੌਜ ਦੀ ਅਗਨੀਪਥ ਸਕੀਮ ਤਹਿਤ ਜਲੰਧਰ ਵਿੱਚ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੀ ਯੋਜਨਾ ਹੈ। ਫੌਜ ਦਾ ਕਹਿਣਾ ਹੈ ਕਿ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਦੀ ਘਾਟ ਕਾਰਨ ਉਨ੍ਹਾਂ ਨੂੰ ਕਈ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਚਿੱਠੀ ਵਿੱਚ ਕੀਤੀਆਂ ਗਈਆਂ ਸਨ ਇਹ ਮੰਗਾਂ

  • ਮੇਜਰ ਜਨਰਲ ਸ਼ਰਦ ਬਿਕਰਮ ਸਿੰਘ ਨੇ ਪੰਜਾਬ ਸਰਕਾਰ ਨੂੰ ਦੱਸਿਆ ਕਿ ਜਲੰਧਰ ਦਾ ਸਥਾਨਕ ਪ੍ਰਸ਼ਾਸਨ ਭਰਤੀ ਪ੍ਰਕਿਰਿਆ ਵਿੱਚ ਸਹਿਯੋਗ ਨਹੀਂ ਕਰ ਰਿਹਾ ਹੈ।
  • ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਬੰਧੀ ਸੂਬਾ ਸਰਕਾਰ ਵੱਲੋਂ ਕੋਈ ਸਪੱਸ਼ਟ ਹਦਾਇਤਾਂ ਨਹੀਂ ਹਨ ਅਤੇ ਫੰਡਾਂ ਦੀ ਘਾਟ ਹੈ।
  • ਫੌਜ ਵੱਲੋਂ ਪੰਜਾਬ ਸਰਕਾਰ ਨੂੰ ਲਿਖੇ ਪੱਤਰ ਵਿੱਚ ਕਈ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ ਹੈ।
  • ਫ਼ੌਜ ਦਾ ਕਹਿਣਾ ਹੈ ਕਿ ਸਥਾਨਕ ਪ੍ਰਸ਼ਾਸਨ ਨੂੰ ਅਗਨੀਪਥ ਯੋਜਨਾ ਦੇ ਤਹਿਤ ਭਰਤੀ ਰੈਲੀ ਦੇ ਆਯੋਜਨ ਲਈ ਕੁਝ ਜ਼ਰੂਰੀ ਸੁਵਿਧਾਵਾਂ ਪ੍ਰਦਾਨ ਕਰਨੀਆਂ ਪੈਣਗੀਆਂ, ਜਿਵੇਂ ਕਿ ਅਮਨ-ਕਾਨੂੰਨ ਬਣਾਈ ਰੱਖਣ ਲਈ ਲੋੜੀਂਦੀ ਪੁਲਿਸ ਫੋਰਸ, ਭੀੜ ਨੂੰ ਕੰਟਰੋਲ ਕਰਨ ਦੀ ਪ੍ਰਣਾਲੀ, ਉਮੀਦਵਾਰਾਂ ਨੂੰ ਕਾਬੂ ਕਰਨਾ ਆਦਿ।
  • ਭਰਤੀ ਰੈਲੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਮੈਡੀਕਲ ਸਹੂਲਤਾਂ ਜ਼ਰੂਰੀ ਹਨ।
  • ਰੈਲੀ ਵਾਲੀ ਥਾਂ ‘ਤੇ ਮੈਡੀਕਲ ਟੀਮ ਸਮੇਤ ਐਂਬੂਲੈਂਸ ਦਾ ਪ੍ਰਬੰਧ ਜ਼ਰੂਰੀ ਹੈ।
  • ਇਸ ਦੇ ਨਾਲ ਹੀ ਭਰਤੀ ਰੈਲੀ ਦੌਰਾਨ ਰੋਜ਼ਾਨਾ 3 ਤੋਂ 4 ਹਜ਼ਾਰ ਲੋਕਾਂ ਲਈ ਖਾਣੇ ਦਾ ਵੀ ਪ੍ਰਬੰਧ ਕੀਤਾ ਜਾਵੇ।