ਨਵੀਂ ਦਿੱਲੀ : ਪੰਜਾਬ ਸਰਕਾਰ ਨੇ ‘ਪ੍ਰਧਾਨ ਮੰਤਰੀ ਮੈਗਾ ਇੰਟੈਗ੍ਰੇਟਿਡ ਟੈਕਸਟਾਈਲ ਰੀਜਨ ਤੇ ਐਪੇਰਲ ਪਾਰਕਜ਼ ਸਕੀਮ’ ਅਧੀਨ ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ 1000 ਏਕੜ ਜ਼ਮੀਨ ਭਾਰਤ ਸਰਕਾਰ ਨੂੰ ਦੇਣ ਦੀ ਪੇਸ਼ਕਸ਼ ਕੀਤੀ ਹੈ।ਇਸ ਸਬੰਧ ਵਿੱਚ ਮੁੱਖ ਮੰਤਰੀ ਮਾਨ ਨੇ ਕੇਂਦਰੀ ਮੰਤਰੀ ਪਿਊਸ਼ ਗੋਇਲ ਨੂੰ ਚਿੱਠੀ ਲਿਖੀ ਹੈ ਤੇ ਇਹ ਪੇਸ਼ਕਸ਼ ਕੀਤੀ ਹੈ । ਜ਼ਿਕਰਯੋਗ ਹੈ ਕਿ ਇਹ ਪ੍ਰੋਜੈਕਟ ਪਹਿਲਾਂ ਮੱਤੇਵਾੜਾ ਵਿੱਚ ਲੱਗਣਾ ਸੀ ਪਰ ਵਿਰੋਧ ਦੇ ਚਲਦਿਆਂ ਮੁੱਖ ਮੰਤਰੀ ਮਾਨ ਨੇ ਮੱਤੇਵਾੜਾ ‘ਚ ਇੰਡਸਟਰੀ ਨਾ ਲੱਗਣ ਦਾ ਐਲਾਨ ਕੀਤਾ ਸੀ ਤੇ ਇਸ ਪ੍ਰੋਜੈਕਟ ਨੂੰ ਹੋਰ ਪਾਸੇ ਲਗਾਉਣ ਦੀ ਗੱਲ ਕਹੀ ਸੀ।

ਭਗਵੰਤ ਮਾਨ,ਮੁੱਖ ਮੰਤਰੀ ਪੰਜਾਬ

ਕੇਂਦਰੀ ਕੱਪੜਾ ਮੰਤਰੀ ਪਿਊਸ਼ ਗੋਇਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ’ਤੇ ਇਸ ਪ੍ਰੋਜੈਕਟ ਨੂੰ ਸਥਾਪਤ ਕਰਨ ਦੀ ਇੱਛਾ ਪ੍ਰਗਟਾਈ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਪੰਜਾਬ, ਦੇਸ਼ ਦੀ ‘ਟੈਕਸਟਾਇਲ ਹੱਬ’ ਵਜੋਂ ਉਭਰੇਗਾ ਤੇ ਕਈ ਬੇਰੁਜ਼ਗਾਰਾਂ ਨੂੰ ਰੁਜ਼ਾਗਰ ਮਿਲੇਗਾ। ਇਹ ਸਕੀਮ ਜਿੱਥੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਵਿੱਚ ਸਹਾਈ ਹੋਵੇਗੀ, ਉਥੇ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤ ਸਰਕਾਰ ਨੇ ਦੇਸ਼ ਭਰ ਵਿੱਚ ਸੱਤ ‘ਪ੍ਰਧਾਨ ਮੰਤਰੀ ਮੈਗਾ ਇੰਟੈਗਰੇਟਿਡ ਟੈਕਸਟਾਈਲ ਖੇਤਰ ਅਤੇ ਐਪੇਰਲ ਪਾਰਕ’ ਸਥਾਪਤ ਕਰਨ ਦੀ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਹੈ ਤੇ ਇਸ ਮੈਗਾ ਪਾਰਕ ਦੀ ਸਥਾਪਨਾ ਕਰਦੇ ਸਮੇਂ ਕੇਂਦਰ ਅਤੇ ਸੂਬੇ ਦੇ ਪ੍ਰਦੂਸ਼ਣ ਕੰਟਰੋਲ ਬੋਰਡਾਂ ਦੁਆਰਾ ਨਿਰਧਾਰਤ ਸਾਰੀਆਂ ਵਾਤਾਵਰਣ ਪ੍ਰਵਾਨਗੀਆਂ ਅਤੇ ਮਾਪਦੰਡਾਂ ਦਾ ਪਾਲਣ ਕੀਤਾ ਜਾਵੇਗਾ।

ਪਿਊਸ਼ ਗੋਇਲ,ਕੇਂਦਰੀ ਕੱਪੜਾ ਮੰਤਰੀ

ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਬੁਨਿਆਦੀ ਲੋੜਾਂ ਵਿੱਚੋਂ ਇੱਕ ਇਹ ਹੈ ਕਿ ਇਸ ਪ੍ਰਾਜੈਕਟ ਲਈ ਇਛੁੱਕ ਸੂਬਾ ਸਰਕਾਰ ਕੋਲ 1000 ਏਕੜ ਜ਼ਮੀਨ ਦਾ ਰਕਬਾ ਇਕ ਥਾਂ ਮੌਜੂਦਾ ਹੋਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਪ੍ਰਾਜੈਕਟ ਲਈ ਫਤਿਹਗੜ੍ਹ ਸਾਹਿਬ ਵਿੱਚ ਪਹਿਲਾਂ ਹੀ ਜ਼ਮੀਨ ਦੇ ਲੋੜੀਂਦੇ ਰਕਬੇ ਦੀ ਇਕ ਥਾਂ ਨੂੰ ਚੁਣ ਲਈ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਸਥਾਪਤ ਕਰਨ ਲਈ ਸਾਰੀਆਂ ਲੋੜੀਂਦੀਆਂ ਜ਼ਰੂਰਤਾਂ ਨੂੰ ਛੇਤੀ ਪੂਰਾ ਕੀਤਾ ਜਾਵੇਗਾ। ਇਹ ਵੀ ਕਿਹਾ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਕੇਂਦਰੀ ਮੰਤਰੀ ਪਿਉਸ਼ ਗੋਇਲ ਨਾਲ ਪੰਜਾਬ ਦੇ ਮੁੱਖ ਮੰਤਰੀ ਮੀਟਿੰਗ ਵੀ ਕਰ ਸਕਦੇ ਹਨ।