The Khalas Tv Blog India “ਪੰਜਾਬ ਦੇਸ਼ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਹੈ” ਮੁੱਖ ਮੰਤਰੀ ਪੰਜਾਬ ਦਾ ਦਾਅਵਾ
India Punjab

“ਪੰਜਾਬ ਦੇਸ਼ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਹੈ” ਮੁੱਖ ਮੰਤਰੀ ਪੰਜਾਬ ਦਾ ਦਾਅਵਾ

ਬੰਬਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਬੰਬਈ ਦੌਰੇ ਦੇ ਦੌਰਾਨ ਅੱਜ ਬੰਬਈ ਸਟਾਕ ਐਕਸਚੇਂਜ ਦਾ ਦੌਰਾ ਕੀਤਾ ਹੈ । ਇਸ ਦੌਰਾਨ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਹੈ ਤੇ ਦਾਅਵਾ ਕੀਤਾ ਹੈ ਕਿ ਪੰਜਾਬ ਦੇਸ਼ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਹੈ।

ਮੁੱਖ ਮੰਤਰੀ ਪੰਜਾਬ ਨੇ ਅੱਜ ਇੱਥੇ ਸਭ ਤੋਂ ਪਹਿਲਾਂ ਘੰਟੀ ਵਜਾਉਣ ਯਾਨੀ ਕਿ ਮਾਰਕੀਟ ਖੁੱਲ੍ਹਣ ਦਾ ਸੰਕੇਤ ਦੇਣ ਦੀ ਰਸਮ ਅਦਾ ਕੀਤੀ ਤੇ ਮਗਰੋਂ ਪੱਤਰਕਾਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਪੰਜਾਬ ਇੱਕ ਅਜਿਹੀ ਥਾਂ ਹੈ,ਜਿਥੇ ਕਾਰੋਬਾਰ ਲਈ ਅਥਾਹ ਮੌਕੇ ਹਨ।

ਉਹਨਾਂ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਤੇ ਕਿਹਾ ਕਿ ਪੰਜਾਬ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ ਤੇ ਪੰਜਾਬ ਵਿੱਚ ਨਿਵੇਸ਼ ਕਰਨ ਨਾਲ ਲਾਭ ਹੋਵੇਗਾ ਕਿਉਂਕਿ ਪੰਜਾਬ ਵਿੱਚ ਸੰਪੂਰਨ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ, ਜਿਸ ਨੇ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਖ਼ੁਸ਼ਹਾਲੀ ਲਈ ਵਧੀਆ ਮਾਹੌਲ ਬਣਾਇਆ ਹੋਇਆ ਹੈ।

ਇਸ ਤੋਂ ਇਲਾਵਾ ਸੂਬੇ ਵਿੱਚ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਵਧੀਆ ਬੁਨਿਆਦੀ ਢਾਂਚੇ, ਢੁਕਵੀਂ ਬਿਜਲੀ ਸਪਲਾਈ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਬਿਹਤਰੀਨ ਉਦਯੋਗਿਕ ਤੇ ਕੰਮਕਾਜੀ ਸੱਭਿਆਚਾਰ ਨਾਲ ਭਰਪੂਰ ਅਨੁਕੂਲ ਮਾਹੌਲ ਵੀ ਹੈ ,ਜਿਸ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਣਾ ਚਾਹੀਦਾ ਹੈ। ਸਨਅਤਕਾਰਾਂ ਦਾ ਪੰਜਾਬ ਵਿੱਚ ਸਵਾਗਤ ਕਰਦਿਆਂ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਨਵੀਆਂ ਖੋਜਾਂ ਲਈ ਹਮੇਸ਼ਾ ਤਿਆਰ ਹੈ।

ਉਹਨਾਂ ਸਨਅਤਕਾਰਾਂ ਨੂੰ ਅਗਲੇ ਮਹੀਨੇ,23-24 ਫਰਵਰੀ ਨੂੰ ਮੁਹਾਲੀ ਵਿਖੇ ਹੋਣ ਵਾਲੇ ਪੰਜਾਬ ਨਿਵੇਸ਼ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੱਦਾ ਵੀ ਦਿੱਤਾ ਤੇ ਕਿਹਾ ਕਿ ਸੂਬੇ ਦੇ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਵਾਲਾ ਇਹ ਸੰਮੇਲਨ ਮੀਲ ਦਾ ਪੱਥਰ ਸਾਬਤ ਹੋਵੇਗਾ ਤੇ ਇਸ ਵੱਡੇ ਸਮਾਗਮ ਦੇ ਪ੍ਰਬੰਧਾਂ ਸੰਬੰਧੀ ਤਿਆਰੀਆਂ ਪਹਿਲਾਂ ਹੀ ਕਰ ਲਈਆਂ ਗਈਆਂ ਹਨ।

Exit mobile version