Punjab

ਪੰਜਾਬ ਦੀ ਮੁੱਖ ਸਕੱਤਰ ਦਿੱਲੀ ਤਲਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੋਸਟ ਮੈਟਰਿਕ ਸਕਾਲਰਸ਼ਿਪ ਮੁੱਦੇ ‘ਤੇ ਐੱਸਸੀ ਕਮਿਸ਼ਨ ਨੇ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੂੰ 17 ਜੂਨ ਨੂੰ ਦਿੱਲੀ ਤਲਬ ਕੀਤਾ ਹੈ। ਸਮਾਜਿਕ ਨਿਆਂ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਅਤੇ ਉੱਚ ਸਿੱਖਿਆ ਦੇ ਪ੍ਰਿੰਸੀਪਲ ਸਕੱਤਰ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ। ਇਨ੍ਹਾਂ ਨੂੰ ਤਾਜ਼ਾ ਐਕਸ਼ਨ ਟੇਕਨ ਰਿਪੋਰਟ ਲੈ ਕੇ ਆਉਣ ਲਈ ਕਿਹਾ ਗਿਆ ਹੈ। ਪੋਸਟ ਮੈਟਰਿਕ ਸਕਾਲਰਸ਼ਿਪ ਸਬੰਧੀ ਸਾਰੀਆਂ ਫਾਇਲਾਂ ਅਤੇ ਕੇਸ ਡਾਇਰੀ ਵੀ ਮੰਗੀ ਗਈ ਹੈ। ਐੱਸਸੀ ਕਮਿਸ਼ਨ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਤਿੰਨ ਵਾਰ ਨੋਟਿਸ ਭੇਜਿਆ ਗਿਆ ਸੀ ਪਰ ਪੰਜਾਬ ਸਰਕਾਰ ਨੇ ਕੋਈ ਵੀ ਜਵਾਬ ਨਹੀਂ ਦਿੱਤਾ ਸੀ, ਜਿਸ ਕਰਕੇ ਅਸੀਂ ਇਹ ਫੈਸਲਾ ਕੀਤਾ ਹੈ।

ਪੰਜਾਬ ਭਰ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਪੇਸ਼ ਆ ਰਹੀ ਸਮੱਸਿਆਵਾਂ ਦੇ ਯੋਗ ਹੱਲ ਲਈ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੁਆਰਾ ਪੰਜਾਬ ਸਰਕਾਰ ਨੂੰ ਤਿੰਨ ਵੱਖ-ਵੱਖ ਨੋਟਿਸ ਭੇਜੇ ਗਏ ਸਨ। ਪਰ 10 ਜੂਨ ਤੱਕ ਕੋਈ ਵੀ ਜਵਾਬ ਨਾ ਆਉਣ ‘ਤੇ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਦੇ ਨਾਲ ਤਿੰਨ ਅਫਸਰਾਂ ਨੂੰ 17 ਜੂਨ ਨੂੰ ਦਿੱਲੀ ਤਲਬ ਕੀਤਾ ਗਿਆ ਹੈ।

ਕਦੋਂ ਭੇਜੇ ਗਏ ਸਨ ਨੋਟਿਸ ?

ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਤਿੰਨ ਨੋਟਿਸ ਜਾਰੀ ਕੀਤੇ ਸਨ, ਜਿਸ ਵਿੱਚ 25 ਮਈ ਨੂੰ ਜਾਰੀ ਕੀਤੇ ਗਏ 15 ਦਿਨ ਦੇ ਨੋਟਿਸ ਦਾ ਹੁਣ ਤੱਕ ਕੋਈ ਜਵਾਬ ਨਹੀਂ ਆਇਆ। 7 ਜੂਨ ਅਤੇ 10 ਜੂਨ ਨੂੰ ਤੁਰੰਤ ਜਵਾਬ ਦੇਣ ਲਈ ਜਾਰੀ ਕੀਤੇ ਨੋਟਿਸਾਂ ਦਾ ਵੀ ਕੋਈ ਜਵਾਬ ਪੰਜਾਬ ਸਰਕਾਰ ਨੇ ਹੁਣ ਤੱਕ ਨਹੀਂ ਦਿੱਤਾ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।

ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਦੀ ਮੁੱਖ ਸਕੱਤਰ, ਅਸਮਾਜਿਕ ਨਿਆਂ,  ਅਧਿਕਾਰਿਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਧਾਨ ਸਕੱਤਰ ਅਤੇ ਹਾਈਅਰ ਐਜੂਕੇਸ਼ਨ ਦੇ ਪ੍ਰਧਾਨ ਸਕੱਤਰ ਨੂੰ ਨੋਟਿਸ ਜਾਰੀ ਕਰਕੇ ਵਿਅਕਤੀਗਤ ਤੌਰ ’ਤੇ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ 17 ਜੂਨ ਨੂੰ ਲੈਟੇਸਟ ਐਕਸ਼ਨ ਟੇਕਨ ਰਿਪੋਰਟ ਲੈ ਕੇ ਆਉਣ ਨੂੰ ਕਿਹਾ ਹੈ। ਇਸਦੇ ਨਾਲ ਕਮਿਸ਼ਨ ਨੇ ਇੰਨ੍ਹਾਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਬੰਧੀ ਸਾਰੀ ਫਾਇਲਾਂ, ਕੇਸ ਡਾਇਰੀ ਆਦਿ ਵੀ ਲੈ ਕੇ ਆਉਣ ਨੂੰ ਕਿਹਾ ਹੈ।

ਵਿਜੇ ਸਾਂਪਲਾ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਪੰਜਾਬ ਸਰਕਾਰ ਦੇ ਸੀਨੀਅਰ ਆਈ.ਏ.ਐੱਸ ਅਧਿਕਾਰੀ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੁਆਰਾ ਜਾਰੀ ਨੋਟਿਸਾਂ ਨੂੰ ਨਜ਼ਰਅੰਦਾਜ ਕਰ ਰਹੇ ਹਨ। ਸਾਂਪਲਾ ਨੇ ਕਿਹਾ ਕਿ ਭਾਰਤ ਦੇ ਅਨੁਸੂਚਿਤ ਵਰਗ ਨੂੰ ਦੇਸ਼ ਦੇ ਸੰਵਿਧਾਨ ਦੁਆਰਾ ਦਿੱਤੇ ਗਏ ਅਧਿਕਾਰਾਂ ਨੂੰ ਪੱਕਾ ਕਰਨਾ ਕਮਿਸ਼ਨ ਦੇ ਚੇਅਰਮੈਨ ਦੇ ਨਾਤੇ ਪਹਿਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ ਕੋਈ ਗਲਤੀ ਨਹੀਂ ਕੀਤੀ ਹੈ ਤਾਂ ਉਨ੍ਹਾਂ ਦੇ ਅਫਸਰ ਵਾਰ-ਵਾਰ ਨੋਟਿਸ ਦੇਣ ਦੇ ਬਾਵਜੂਦ ਵੀ ਜਵਾਬ ਦੇਣ ਤੋਂ ਕਿਉਂ ਭੱਜ ਰਹੇ ਹਨ?