The Khalas Tv Blog Punjab ਪੰਜਾਬ ਦੇ ਸ਼ਹਿਰਾਂ ਵਿੱਚ ਸਫ਼ਾਈ ਲਈ ਵਿੱਢੀ ਜਾਵੇਗੀ ਵਿਸ਼ੇਸ਼ ਮੁਹਿੰਮ! ਸ਼ਹਿਰਾਂ ’ਚੋਂ ਕੂੜੇ ਦੇ ਢੇਰ ਹਟਾਉਣ ਦੇ ਹੁਕਮ
Punjab

ਪੰਜਾਬ ਦੇ ਸ਼ਹਿਰਾਂ ਵਿੱਚ ਸਫ਼ਾਈ ਲਈ ਵਿੱਢੀ ਜਾਵੇਗੀ ਵਿਸ਼ੇਸ਼ ਮੁਹਿੰਮ! ਸ਼ਹਿਰਾਂ ’ਚੋਂ ਕੂੜੇ ਦੇ ਢੇਰ ਹਟਾਉਣ ਦੇ ਹੁਕਮ

ਚੰਡੀਗੜ੍ਹ: ਪੰਜਾਬ ਨੂੰ ਸਾਫ-ਸੁਥਰਾ ਅਤੇ ਕੂੜਾ ਰਹਿਤ ਬਣਾਉਣ ਅਤੇ ਸ਼ੁੱਧ ਵਾਤਾਵਰਣ ਰੱਖਣ ਦੀ ਵਚਨਬੱਧਤਾ ਤਹਿਤ ਅੱਜ ਸੂਬੇ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸ਼ਹਿਰਾਂ ਤੇ ਕਸਬਿਆਂ ਵਿੱਚ ਇਸ ਸਬੰਧੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਦੀ ਸਫ਼ਾਈ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਹੈ ਅਤੇ ਸਾਡੇ ਸ਼ਹਿਰ ਵਾਸੀਆਂ ਨੂੰ ਸਾਫ ਚੌਗਿਰਦਾ ਮੁਹੱਈਆ ਕਰਵਾਉਣ ਲਈ ਉਪਰਾਲੇ ਤੇਜ਼ ਕਰਨੇ ਚਾਹੀਦੇ ਹਨ।

ਮੁੱਖ ਸਕੱਤਰ ਵਰਮਾ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸਮੂਹ ਡਿਪਟੀ ਕਮਿਸ਼ਨਰਾਂ, ਨਗਰ ਨਿਗਮ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰਾਂ (ਸ਼ਹਿਰੀ ਵਿਕਾਸ) ਅਤੇ ਨਗਰ ਕੌਂਸਲ ਤੇ ਪੰਚਾਇਤਾਂ ਦੇ ਕਾਰਜਸਾਧਕ ਅਫਸਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸ਼ਹਿਰਾਂ ਵਿੱਚ ਕੂੜਿਆਂ ਦੇ ਢੇਰ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਆਪਕ ਯੋਜਨਾ ਬਣਾਉਂਦਿਆਂ ਇਸ ਦਾ ਪ੍ਰਭਾਵਸ਼ਾਲੀ ਤਰੀਕੇ ਨਾਲ ਤੁਰੰਤ ਪ੍ਰਬੰਧਨ ਕੀਤਾ ਜਾਵੇ। ਇਸ ਵਿਸ਼ੇਸ਼ ਮੁਹਿੰਮ ਤਹਿਤ ਨਵੇਂ ਉਪਰਾਲੇ ਕਰਦਿਆਂ ਲੰਬੇ ਸਮੇਂ ਤੋਂ ਇਕੱਠੇ ਹੋਏ ਕੂੜੇ ਨੂੰ ਚੁਕਾਉਣ ਦਾ ਇੰਤਜ਼ਾਮ ਕੀਤਾ ਜਾਵੇ। ਵਰਮਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸਫਾਈ ਅਭਿਆਨ ਦਾ ਨਿਰੰਤਰ ਜਾਇਜ਼ਾ ਲੈਣ।

ਇਸ ਤੋਂ ਇਲਾਵਾ ਜਿੱਥੇ ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣ ਲਈ ਜਗ੍ਹਾਂ ਨਹੀਂ ਹੈ, ਉਥੇ ਡਿਪਟੀ ਕਮਿਸ਼ਨਰਾਂ ਨੂੰ ਜਗ੍ਹਾਂ ਉਪਲੱਬਧ ਕਰਵਾਉਣ ਲਈ ਕਿਹਾ ਗਿਆ ਹੈ। ਇਸੇ ਤਰ੍ਹਾਂ ਜਿੱਥੇ ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣ ਦਾ ਕੰਮ ਚੱਲ ਰਿਹਾ ਹੈ, ਉਥੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਮੀਟਿੰਗ ਵਿੱਚ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਮਾਲਵਿੰਦਰ ਸਿੰਘ ਜੱਗੀ ਤੇ ਸਥਾਨਕ ਸਰਕਾਰਾਂ ਦੇ ਡਾਇਰੈਕਟਰ ਦੀਪਤੀ ਉੱਪਲ ਵੀ ਹਾਜ਼ਰ ਸਨ।

Exit mobile version