The Khalas Tv Blog India ਝੋਨੇ ਦੇ ਸੀਜ਼ਨ ਨੂੰ ਲੈ ਕੇ ਐਕਸ਼ਨ ਮੋਡ ’ਚ CM! ਮੰਤਰੀਆਂ ਤੇ ਅਫ਼ਸਰਾਂ ਨਾਲ ਕੀਤੀ ਮੀਟਿੰਗ! ਕੇਂਦਰ ਨੂੰ ਵੀ ਲਿਖੀ ਚਿੱਠੀ
India Khetibadi Punjab

ਝੋਨੇ ਦੇ ਸੀਜ਼ਨ ਨੂੰ ਲੈ ਕੇ ਐਕਸ਼ਨ ਮੋਡ ’ਚ CM! ਮੰਤਰੀਆਂ ਤੇ ਅਫ਼ਸਰਾਂ ਨਾਲ ਕੀਤੀ ਮੀਟਿੰਗ! ਕੇਂਦਰ ਨੂੰ ਵੀ ਲਿਖੀ ਚਿੱਠੀ

ਬਿਉਰੋ ਰਿਪੋਰਟ (ਚੰਡੀਗੜ੍ਹ): ਪੰਜਾਬ ਵਿੱਚ ਝੋਨੇ ਦੀ ਖ਼ਰੀਦ ਦੇ ਸੀਜ਼ਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਲੈ ਕੇ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਨੂੰ ਮੰਡੀਆਂ ਦਾ ਦੌਰਾ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਵੱਲੋਂ ਅਫ਼ਸਰਾਂ ਨੂੰ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਖ਼ਰੀਦ ਤੇ ਲਿਫ਼ਟਿੰਗ ਦੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਮਜ਼ਦੂਰਾਂ ਨੂੰ ਲਾਭ ਪਹੁੰਚਾਉਣ ਲਈ ਮੰਡੀ ਲੇਬਰ ਚਾਰਜਿਸ ਵਿੱਚ ਵੀ ਵਾਧਾ ਕੀਤਾ ਹੈ।

ਇਸ ਦੌਰਾਨ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਨੂੰ ਵੀ ਚਿੱਠੀ ਲਿਖੀ ਗਈ ਹੈ ਜਿਸ ਵਿੱਚ ਉਨ੍ਹਾਂ ਕੇਂਦਰ ਤੋਂ ਸ਼ੈਲਰ ਮਾਲਕਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਦੀ ਵੀ ਮੰਗ ਕੀਤੀ ਗਈ ਹੈ। ਸੀਐਮ ਮਾਨ ਨੇ ਇਸ ਦੇ ਬਾਰੇ ਵੀ ਆਪਣੇ ਸੋਸ਼ਲ ਮੀਡੀਆ ’ਤੇ ਪੋਸਟ ਸ਼ੇਅਰ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਈਸ ਮਿਲਰਜ਼ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਦੇ ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਮੰਤਰੀ ਜੀ ਨੂੰ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਕੇਂਦਰ ਨੂੰ ਫੌਰੀ ਹੱਲ ਕੱਢਣ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਲਿਖਿਆ ਕਿ ਮੈਨੂੰ ਉਮੀਦ ਹੈ ਕਿ ਕੇਂਦਰ ਸਰਕਾਰ ਵੱਲੋਂ ਰਾਈਸ ਮਿੱਲਰਾਂ ਦੇ ਮਸਲੇ ਸੁਲਝਾਉਣ ਲਈ ਤੁਰੰਤ ਠੋਸ ਕਦਮ ਚੁੱਕੇ ਜਾਣਗੇ, ਤਾਂਕਿ ਖਰੀਦ ਕਾਰਜਾਂ ਨੂੰ ਨਿਰਵਿਘਨ ਅਤੇ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ’ਤੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਡੀਸੀ ਸ਼ਾਮਲ ਹੋਏ। ਦੁਪਹਿਰ ਬਾਅਦ ਹੋਈ ਇਸ ਮੀਟਿੰਗ ਦੀ ਜਾਣਕਾਰੀ ਸੀਐਮ ਮਾਨ ਨੇ ਆਪਣੇ ਸੋਸ਼ਲ ਮੀਡੀਆ ਤੋਂ ਖੁਦ ਸਾਂਝੀ ਕੀਤੀ।

ਇਸ ਤੋਂ ਇੱਕ ਦਿਨ ਪਹਿਲਾਂ ਯਾਨੀ ਕੱਲ੍ਹ ਸੋਮਵਾਰ ਨੂੰ ਵੀ ਸੀਐਮ ਮਾਨ ਨੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਵੀ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਸੀ। ਇਸ ਮੀਟਿੰਗ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਸਾਰੇ ਡੀਸੀਜ਼ ਨੂੰ ਆਦੇਸ਼ ਦਿੱਤਾ ਗਿਆ ਕਿ ਉਹ ਕਿਸਾਨਾਂ ਨੂੰ ਜਾਗਰੂਕ ਕਰਨ। ਮੀਟਿੰਗ ਵਿੱਚ ਇਹ ਵੀ ਕਿਹਾ ਗਿਆ ਕਿ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਏਗਾ, ਜਿਸ ਲਈ ‘ਉਨੱਤ ਕਿਸਾਨ’ ਐਪ ਲਾਂਚ ਕੀਤੀ ਗਈ ਹੈ।

Exit mobile version