‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪਿੰਡ ਝੱਲੀਆਂ ਦੇ ਟੋਲ ਪਲਾਜ਼ੇ ਉੱਤੇ ਕਿਸਾਨਾਂ ਵੱਲੋਂ ਲਾਏ ਗਏ ਧਰਨੇ ਵਿੱਚ ਸ਼ਾਮਿਲ ਹੋਏ। ਦਰਅਸਲ, ਚੰਨੀ ਦਾ ਕਾਫ਼ਲਾ ਅੱਜ ਰੋਪੜ-ਚਮਕੌਰ ਸਾਹਿਬ ਰੋਡ ਤੋਂ ਗੁਜ਼ਰ ਰਿਹਾ ਸੀ ਤਾਂ ਉਨ੍ਹਾਂ ਨੂੰ ਧਰਨੇ ਵਾਲੀ ਥਾਂ ‘ਤੇ ਰੁਕਣ ਲਈ ਕਿਹਾ ਗਿਆ। ਚੰਨੀ ਨੇ ਧਰਨੇ ਵਾਲੀ ਥਾਂ ਉੱਤੇ ਜਾ ਕੇ ਕਿਸਾਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਖੇਤੀ ਕਾਨੂੰਨਾਂ ਦੇ ਖਿਲਾਫ਼ ਚੱਲ ਰਹੇ ਸੰਘਰਸ਼ ਨੂੰ ਡਟਵੀਂ ਹਮਾਇਤ ਦਿੱਤੀ। ਚੰਨੀ ਨੇ ਕਿਸਾਨਾਂ ਨੂੰ ਕਿਹਾ ਕਿ ਖੇਤੀ ਕਾਨੂੰਨਾਂ ਦੇ ਖਿਲਾਫ਼ ਕੇਂਦਰ ਵਿਰੁੱਧ ਲੜਾਈ ਵਿੱਚ ਪੰਜਾਬ ਸਰਕਾਰ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ। ਮੁੱਖ ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਕਿਸਾਨਾਂ ਦੇ ਹਿੱਤ ਸਾਨੂੰ ਸਭ ਤੋਂ ਪਿਆਰੇ ਹਨ ਅਤੇ ਅਸੀਂ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨਾਂ ਦੀ ਲੜਾਈ ਵਿੱਚ ਡਟੇ ਰਹਾਂਗੇ।