‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੱਲ੍ਹ ਤੋਂ ਸੋਸ਼ਲ ਮੀਡੀਆ ‘ਤੇ ਇੱਕ ਨੰਬਰ ਖੂਬ ਵਾਇਰਲ ਹੋ ਰਿਹਾ ਹੈ, ਜਿਸਨੂੰ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਦੱਸਿਆ ਜਾ ਰਿਹਾ ਹੈ। ਪਰ ਅੱਜ ਆਮ ਆਦਮੀ ਪਾਰਟੀ ਬਰਨਾਲਾ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਇਹ ਨੰਬਰ ਜਾਅਲੀ ਹੈ। ਆਮ ਆਦਮੀ ਪਾਰਟੀ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਸੋਸ਼ਲ ਮੀਡੀਆ ਉੱਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਮੈਸਜ ਨੂੰ ਫੈਲਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ, ਜੋ ਸਰਾਸਰ ਗਲਤ ਹੈ। ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਕੋਈ ਵੀ ਅਧਿਕਾਰਤ ਤੌਰ ਉੱਤੇ ਕੋਈ ਬਿਆਨ ਨਹੀਂ ਆਇਆ ਹੈ।
ਦਰਅਸਲ, ਕੱਲ੍ਹ ਤੋਂ ਸੋਸ਼ਲ ਮੀਡੀਆ ਉੱਤੇ ਇੱਕ ਖ਼ਬਰ ਖ਼ੂਬ ਵਾਇਰਲ ਹੋ ਰਹੀ ਸੀ ਕਿ ਸਿੱਖਿਆ ਮੰਤਰੀ ਨੇ ਸ਼ਿਕਾਇਤ ਹੈਲਪ ਲਾਈਨ ਨੰਬਰ ਜਾਰੀ ਕੀਤੇ ਹਨ। ਇਸ ਨੰਬਰ ਉੱਤੇ ਮਾਪਿਆਂ ਨੂੰ ਪ੍ਰਾਈਵੇਟ ਸਕੂਲਾਂ ਨਾਲ ਸੰਬੰਧਤ ਸ਼ਿਕਾਇਤਾਂ ਦਰਜ ਕਰਵਾਉਣ ਲਈ ਸੰਪਰਕ ਕਰਨ ਲਈ ਕਿਹਾ ਗਿਆ। ਇਨ੍ਹਾਂ ਨੰਬਰਾਂ ਵਿੱਚ ਸਿੱਖਿਆ ਮੰਤਰੀ ਦਾ ਨੰਬਰ 9554000001 ਅਤੇ ਉਨ੍ਹਾਂ ਦੇ ਪੀਏ ਦੇ ਨੰਬਰ 9814406050, 9872223401 ਦਿੱਤੇ ਗਏ ਸਨ। ਪਰ ‘ਦ ਖ਼ਾਲਸ ਟੀਵੀ ਨੇ ਜਦੋਂ ਇਨ੍ਹਾਂ ਨੰਬਰਾਂ ਉੱਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਦੋ ਨੰਬਰ ਬੰਦ ਆਏ ਅਤੇ ਇੱਕ ਨੰਬਰ ਉੱਤੇ ਫ਼ੋਨ ਕੱਟਿਆ ਗਿਆ।