ਚੰਡੀਗੜ੍ਹ (15 ਅਪ੍ਰੈਲ, 2026): ਪੰਜਾਬ ਵਿੱਚ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਅਤੇ ਮੰਡੀਆਂ ਵਿੱਚ ਖ਼ਰੀਦ ਸ਼ੁਰੂ ਨਾ ਹੋਣ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਨੇ ਵੱਡੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ (SKM), ਕਿਸਾਨ ਮਜ਼ਦੂਰ ਮੋਰਚਾ ਅਤੇ ਆਜ਼ਾਦ ਕਿਸਾਨ ਮੋਰਚਾ ਨਾਲ ਸਬੰਧਤ ਦਰਜਨਾਂ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਫ਼ੈਸਲਾ ਕੀਤਾ ਹੈ ਕਿ ਜੇਕਰ ਸਰਕਾਰ ਨੇ ਤੁਰੰਤ ਖ਼ਰੀਦ ਸ਼ੁਰੂ ਨਾ ਕੀਤੀ ਤਾਂ 17 ਅਪ੍ਰੈਲ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੂਰੇ ਪੰਜਾਬ ਵਿੱਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।
ਖਰੀਦ ਨਿਯਮਾਂ ਵਿੱਚ ਢਿੱਲ ਦੀ ਮੰਗ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਮਨਜੀਤ ਸਿੰਘ ਧਨੇਰ ਨੇ ਦੱਸਿਆ ਕਿ ਖ਼ਰਾਬ ਮੌਸਮ ਕਾਰਨ ਕਣਕ ਦੀ ਗੁਣਵੱਤਾ ’ਤੇ ਅਸਰ ਪਿਆ ਹੈ, ਪਰ ਕੇਂਦਰ ਅਤੇ ਪੰਜਾਬ ਸਰਕਾਰ ਇਸ ਪ੍ਰਤੀ ਗੰਭੀਰ ਨਹੀਂ ਹਨ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਖ਼ਰੀਦ ਨਿਯਮਾਂ ਵਿੱਚ ਢਿੱਲ ਦਿੱਤੀ ਜਾਵੇ ਅਤੇ ਕਣਕ ’ਤੇ ਕਿਸੇ ਵੀ ਤਰ੍ਹਾਂ ਦਾ ਰੇਟ ਕੱਟ (Value Cut) ਨਾ ਲਗਾਇਆ ਜਾਵੇ।
ਉਨ੍ਹਾਂ ਇਲਜ਼ਾਮ ਲਾਇਆ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਹੈ ਅਤੇ ਕਿਸਾਨਾਂ ਲਈ ਪੀਣ ਵਾਲੇ ਪਾਣੀ ਜਾਂ ਛਾਂ ਵਰਗੀਆਂ ਬੁਨਿਆਦੀ ਸਹੂਲਤਾਂ ਦਾ ਵੀ ਪ੍ਰਬੰਧ ਨਹੀਂ ਹੈ।
ਇਸ ਐਕਸ਼ਨ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਸਭਰਾ), ਬੀਕੇਯੂ ਏਕਤਾ ਆਜ਼ਾਦ (ਲੌਂਗੋਵਾਲ), ਬੀਕੇਯੂ ਕ੍ਰਾਂਤੀਕਾਰੀ (ਜ਼ੀਰਾ), ਬੀਕੇਯੂ ਏਕਤਾ ਡਕੌਂਦਾ (ਧਨੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਡਾ. ਦਰਸ਼ਨ ਪਾਲ) ਸਮੇਤ ਕਈ ਹੋਰ ਪ੍ਰਮੁੱਖ ਜਥੇਬੰਦੀਆਂ ਸ਼ਾਮਿਲ ਹੋਣਗੀਆਂ। ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਰੇਲ ਜਾਮ ਤੋਂ ਬਾਅਦ ਵੀ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

