Punjab

ਪੰਜਾਬ ਵੱਲੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਦਿੱਤੀ ਨਿੱਘੀ ਵਿਦਾਇਗੀ

ਪੰਜਾਬ ਰਾਜ ਭਵਨ (Punjab Raj Bhavan) ਵਿਖੇ ਆਪਣਾ ਵਿਦਾਇਗੀ ਭਾਸ਼ਣ ਦਿੰਦਿਆਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ (Banvari Lal Purohit) ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸੂਬੇ ਨੂੰ ਖੁਸ਼ਹਾਲ ਬਣਾਉਣ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਇਹ ਯਤਨ ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਮੂਹਿਕ ਰੂਪ ਵਿੱਚ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਦਾ ਖ਼ਾਤਮਾ ਕਰਨਾ ਸਮੇਂ ਦੀ ਲੋੜ ਹੈ।

ਰਾਜਪਾਲ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਦਿਲ ਬਹੁਤ ਵੱਡਾ ਹੈ ਅਤੇ ਉਹ ਨਸ਼ਿਆਂ ਖਿਲਾਫ ਜੰਗ ਜਰੂਰ ਜਿੱਤਣਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਤਰੱਕੀ ਦੇ ਮੌਕਿਆਂ ਦੀਆਂ ਬਹੁਤ ਸੰਵਾਵਨਾਵਾਂ ਹਨ ਅਤੇ ਵਿਕਾਸ ਲਈ ਬਹੁਤ ਖੇਤਰ ਮੌਜੂਦ ਹਨ। ਰਾਜਪਾਲ ਨੇ ਇਹ ਵੀ ਕਿਹਾ ਕਿ ਹਾਲ ਹੀ ਵਿੱਚ ਨੀਤੀ ਆਯੋਗ ਦੀ ਮੀਟਿੰਗ ਦੌਰਾਨ, ਉਨ੍ਹਾਂ ਯੂ.ਟੀ. ਲਈ ਵਿਸ਼ੇਸ਼ ਤੌਰ ‘ਤੇ ਇੱਕ ਮੈਡੀਕਲ ਕਾਲਜ ਸਥਾਪਤ ਕਰਨ ਅਤੇ ਬਾਹਰੀ ਰਿੰਗ ਰੋਡ ਸਮੇਤ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਸਬੰਧੀ ਮੁੱਦਾ ਉਠਾਇਆ।

ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਤਿੰਨ ਸਾਲਾਂ ਲਈ ਬਿਹਤਰ ਢੰਗ ਨਾਲ ਸੇਵਾਵਾਂ ਨਿਭਾਉਣ ਵਿੱਚ ਸਹਿਯੋਗ ਦੇਣ ਲਈ ਪੰਜਾਬ ਸਰਕਾਰ ਅਤੇ ਯੂ.ਟੀ. ਪ੍ਰਸ਼ਾਸਨ ਚੰਡੀਗੜ੍ਹ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਯਾਦਾਂ, ਖਾਸ ਕਰਕੇ ਪੰਜਾਬੀ ਸੱਭਿਆਚਾਰ ਅਤੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹਮੇਸ਼ਾ ਉਨ੍ਹਾਂ ਦੇ ਦਿਲ ਵਿੱਚ ਆਬਾਦ ਰਹਿਣਗੀਆਂ।

ਇਹ ਵੀ ਪੜ੍ਹੋ  –  ਅਕਾਲੀ ਦਲ ਨੇ ਬਾਗੀ ਧੜੇ ਤੇ ਕੀਤੀ ਕਾਰਵਾਈ, ਇਹ ਲੀਡਰ ਕੱਢੇ ਬਾਹਰ