Punjab

ਪੰਜਾਬ ਨੂੰ ਮਿਲੇ 50 ਨਵੇਂ ਡਾਕਟਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ 50 ਮੈਡੀਕਲ ਅਫ਼ਸਰਾਂ (ਸਪੈਸ਼ਲਿਸਟਾਂ) ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਜਾਣਕਾਰੀ ਮੁਤਾਬਕ ਇਨ੍ਹਾਂ ਵਿੱਚ 12 ਮੈਡੀਸਨ ਸਪੈਸ਼ਲਿਸਟ, 21 ਅਨੈਸਥੀਸੀਆ ਸਪੈਸ਼ਲਿਸਟ, 13 ਬਾਲ ਰੋਗ ਮਾਹਿਰ, 4 ਛਾਤੀ ਅਤੇ ਟੀ.ਬੀ. ਦੇ ਮਾਹਿਰ ਸ਼ਾਮਲ ਹਨ। ਬਲਬੀਰ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਾਰੀਆਂ ਨਿਯੁਕਤੀਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਮੈਰਿਟ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਘਰ-ਘਰ ਰੋਜ਼ਗਾਰ’ ਯੋਜਨਾ ਤਹਿਤ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਪੰਜਾਬ ਦੇ ਬੇਰੁਜ਼ਗਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਰੋਨਾਵਾਇਰਸ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਦਾ ਅਮਲਾ ਆਪਣੀਆਂ ਡਿਊਟੀਆਂ ਪੂਰੀ ਜ਼ਿੰਮੇਵਾਰੀ ਨਾਲ ਨਿਭਾ ਰਿਹਾ ਹੈ ਅਤੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ।