Punjab

ਪੰਜਾਬ ਨੂੰ ਮਿਲਿਆ ਰੈਗੂਲਰ DG, ਗੌਰਵ ਯਾਦਵ ਬਣੇ ਪੰਜਾਬ ਦੇ ਪੱਕੇ DGP

ਪੰਜਾਬ ਸਰਕਾਰ ਨੇ ਅੱਜ 1992 ਬੈਚ ਦੇ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀਜੀਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਫ਼ੈਸਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ 13 ਅਕਤੂਬਰ ਨੂੰ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ਲਿਆ ਗਿਆ ਹੈ।

ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਸਨ। ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਡੀਜੀਪੀ ਦੀ ਨਿਯੁਕਤੀ ਲਈ ਤਿੰਨ ਅਧਿਕਾਰੀਆਂ ਦਾ ਪੈਨਲ ਭੇਜਿਆ ਗਿਆ ਸੀ, ਜਿਸ ਵਿੱਚ ਗੌਰਵ ਯਾਦਵ ਤੋਂ ਇਲਾਵਾ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਸਨ। ਪੈਨਲ ਮਿਲਣ ਤੋਂ ਬਾਅਦ ਵੀ ਰੈਗੂਲਰ ਡੀਜੀਪੀ ਦੀ ਨਿਯੁਕਤੀ ਲਟਕੀ ਰਹੀ ਸੀ।

ਐਡਵੋਕੇਟ ਨਿਖਿਲ ਥਮਨ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਲੰਮੇ ਸਮੇਂ ਤੱਕ ਕਾਰਜਕਾਰੀ ਡੀਜੀਪੀ ਰੱਖਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਨਿਯੁਕਤ ਕਰਨ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ।

ਅਦਾਲਤ ਨੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ 13 ਅਕਤੂਬਰ ਤੱਕ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਗੌਰਵ ਯਾਦਵ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ। ਲਗਭਗ ਚਾਰ ਸਾਲ ਬਾਅਦ ਪੰਜਾਬ ਨੂੰ ਰੈਗੂਲਰ ਡੀਜੀਪੀ ਮਿਲਿਆ ਹੈ। ਸਰਕਾਰ ’ਤੇ ਇਸ ਨਿਯੁਕਤੀ ਲਈ ਲਗਾਤਾਰ ਦਬਾਅ ਬਣਿਆ ਹੋਇਆ ਸੀ ਅਤੇ ਹੁਣ ਇਹ ਮਾਮਲਾ ਨਿਪਟਾ ਲਿਆ ਗਿਆ ਹੈ।