‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਟਿਕਰੀ ਬਾਰਡਰ ‘ਤੇ ਅੱਜ ਸਵੇਰੇ ਵਾਪਰੇ ਦਰਦਨਾਕ ਹਾਦਸੇ ਵਿੱਚ ਤਿੰਨ ਕਿਸਾਨ ਬੀਬੀਆਂ ਦੀ ਮੌ ਤ ਹੋਣ ‘ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਚੰਨੀ ਨੇ ਮ੍ਰਿ ਤਕ ਔਰਤਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ ਅਤੇ ਜ਼ਖਮੀ ਹੋਈਆਂ ਔਰਤਾਂ ਦਾ ਪੰਜਾਬ ਸਰਕਾਰ ਵੱਲੋਂ ਮੁਫਤ ਇਲਾਜ਼ ਕਰਵਾਉਣ ਦਾ ਐਲਾਨ ਕੀਤਾ ਹੈ।
ਦਰਅਸਲ, ਅੱਜ ਸਵੇਰੇ 6 ਵਜੇ ਟਿਕਰੀ ਬਾਰਡਰ ‘ਤੇ ਇੱਕ ਤੇਜ਼ ਰਫ਼ਤਾਰ ਟਰੱਕ ਵੱਲੋਂ ਸੱਤ ਕਿਸਾਨ ਬੀਬੀਆਂ ਅਤੇ ਇੱਕ 35 ਸਾਲਾ ਨੌਜਵਾਨ ਨੂੰ ਬੁਰੀ ਤਰ੍ਹਾਂ ਦਰੜਿਆ ਗਿਆ। ਹਾਦਸੇ ਵਿੱਚ ਮਾਨਸਾ ਦੇ ਪਿੰਡ ਖੀਵਾ ਦਿਆਲਾ ਕਲਾਂ ਦੀਆਂ ਰਹਿਣ ਵਾਲ਼ੀਆਂ ਤਿੰਨ ਸੰਘਰਸ਼ੀ ਕਿਸਾਨ ਬੀਬੀਆਂ ਦੀ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਹੋ ਗਈਆਂ। ਹਾਦਸੇ ‘ਚ 2 ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇੱਕ ਔਰਤ ਨੇ ਹਸਪਤਾਲ ਵਿੱਚ ਦਮ ਤੋੜਿਆ। ਦੋ ਔਰਤਾਂ ਜ਼ਖਮੀ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇੱਕ ਔਰਤ ਨੂੰ ਪੀਜੀਆਈ ਰੋਹਤਕ ਦਾਖਲ ਕੀਤਾ ਗਿਆ ਹੈ ਅਤੇ ਇੱਕ ਔਰਤ ਦਾ ਇਲਾਜ ਬਹਾਦਰਗੜ੍ਹ ਦੇ ਹਸਪਤਾਲ ਵਿੱਚ ਹੀ ਕੀਤਾ ਜਾ ਰਿਹਾ ਹੈ। ਬਾਕੀ ਦੋ ਔਰਤਾਂ ਅਤੇ ਨੌਜਵਾਨ ਸਹੀ ਸਲਾਮਤ ਹਨ ਵਾਪਸ ਕਿਸਾਨ ਅੰਦੋਲਨ ਵਿੱਚ ਡਟ ਗਏ ਹਨ।