ਚੰਡੀਗੜ੍ਹ (ਪੁਨੀਤ ਕੌਰ) : ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਲਿਜਾਣ ਵਾਲੇ ਵਾਹਨਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਇੱਕ ਵੱਡਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਲੈ ਕੇ ਜਾਣ ਵਾਲੇ ਵਾਹਨਾਂ ਨੂੰ ਟੈਕਸ ਤੋਂ ਛੋਟ ਦੇ ਦਿੱਤੀ ਹੈ। ਇਸਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਕਿ ਪੰਜਾਬ ਵਿੱਚ ਜਿੰਨੀਆਂ ਵੀ ਗੱਡੀਆਂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਜਾਂਦੀਆਂ ਹਨ, ਜਿਨ੍ਹਾਂ ਨੂੰ ਪਾਲਕੀ ਸਾਹਿਬ ਵਾਲੀ ਗੱਡੀ ਕਿਹਾ ਜਾਂਦਾ ਹੈ, ਦਾ ਹਰ ਕਿਸਮ ਦਾ ਟੈਕਸ ਮੁਆਫ਼ ਕੀਤਾ ਗਿਆ ਹੈ।
ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਇੱਕ ਅੰਦਾਜ਼ੇ ਮੁਤਾਬਕ ਸੂਬੇ ਭਰ ਵਿੱਚ ਹਜ਼ਾਰਾਂ ਵਾਹਨਾਂ ਨੂੰ ਟੈਕਸ ਤੋਂ ਛੋਟ ਮਿਲੇਗੀ ਕਿਉਂਕਿ ਪੰਜਾਬ ਦੇ ਹਰ ਸ਼ਹਿਰ ਅਤੇ ਪਿੰਡਾਂ ਵਿੱਚ ਗੁਰਦੁਆਰਾ ਸਾਹਿਬਾਨ ਸੁਸ਼ੋਭਿਤ ਹਨ। ਜਿੱਥੇ ਵੀ ਗੁਰਦੁਆਰਾ ਸਾਹਿਬਾਨ ਸੁਸ਼ੋਭਿਤ ਹਨ, ਉੱਥੇ ਕਿਸੇ ਨਾ ਕਿਸੇ ਦਿਹਾੜੇ ਮੌਕੇ ਨਗਰ ਕੀਰਤਨ ਸਜਾਏ ਜਾਂਦੇ ਹਨ ਅਤੇ ਨਗਰ ਕੀਰਤਨ ਦੀ ਅਗਵਾਈ ਕਰਨ ਵਾਲੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਲਿਜਾਣ ਵਾਲੇ ਵਾਹਨ, ਜਿਸਨੂੰ ਪਾਲਕੀ ਸਾਹਿਬ ਕਿਹਾ ਜਾਂਦਾ ਹੈ, ਵਿੱਚ ਲਿਜਾਇਆ ਜਾਂਦਾ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਜ਼ਾਹਿਰ ਜਿਹੀ ਗੱਲ ਹੈ ਕਿ ਸਿੱਖ ਕੌਮ ਵਿੱਚ ਖੁਸ਼ੀ ਦੀ ਲਹਿਰ ਫੈਲ ਜਾਵੇਗੀ।