ਮੁਹਾਲੀ : ਪੰਜਾਬ ਸਰਕਾਰ ( Punjab government ) ਨੇ ਆਪਣੇ ਫੇਸਬੁੱਕ ਪੇਜ ਉੱਤੇ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ( Amritpal Singh ) ਬਾਰੇ ਕੀਤੀ ਜਾ ਰਹੀ ਕਾਰਵਾਈ ਬਾਰੇ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਨੇ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਵਾਰਿਸ ਪੰਜਾਬ ਦੇ ਕਾਰਕੁੰਨਾਂ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖੀ ਹੈ ਅਤੇ ਸੂਬੇ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀਆਂ ਨੂੰ ਠੱਲ੍ਹ ਪਾਉਣ ਲਈ ਗ੍ਰਿਫਤਾਰੀਆਂ ਵੀ ਕੀਤੀਆਂ ਹਨ। ਅੰਮ੍ਰਿਤਪਾਲ ਸਿੰਘ ਭਗੌੜਾ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।
ਦਰਅਸਲ, ਇਹ ਪਾਬੰਦੀ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫੜ੍ਹਨ ਲਈ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਲੈ ਕੇ ਵਧਾਈ ਗਈ ਹੈ। ਇੱਕ ਪਾਸੇ ਜਿੱਥੇ ਸਰਕਾਰ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਨੌਜਵਾਨ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫਰਾਰ ਦੱਸ ਰਹੀ ਹੈ, ਉੱਥੇ ਹੀ ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਦੇ ਡਰਾਈਵਰ ਅਤੇ ਉਸਦੇ ਚਾਚੇ ਨੇ ਪੰਜਾਬ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਡਰਾਈਵਰ ਹਰਪ੍ਰੀਤ ਅਤੇ ਚਾਚਾ ਹਰਜੀਤ ਸਿੰਘ ਨੇ ਮਹਿਤਪੁਰ ਵਿੱਚ ਪੁਲੀਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਹਰਜੀਤ ਸਿੰਘ ਅੰਮ੍ਰਿਤਪਾਲ ਦੇ ਸਲਾਹਕਾਰ ਸਨ।
ਐਤਵਾਰ ਨੂੰ ਸੂਬੇ ਭਰ ਵਿੱਚ 34 ਹੋਰ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ ਅਤੇ ਇਸ ਮੁਤਾਬਕ, ਹੁਣ ਤੱਕ ਕੁੱਲ 112 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।ਪੁਲਿਸ ਮੁਤਾਬਕ, ਅਮ੍ਰਿਤਪਾਲ ਸਿੰਘ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ ਅਤੇ ਭਾਲ ਜਾਰੀ ਹੈ