ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਉਨ੍ਹਾਂ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇ ਦਿੱਤੀ ਹੈ, ਜਿਨ੍ਹਾਂ ਤਹਿਤ ਸਰਕਾਰੀ ਬਦਲੀਆਂ, ਪੋਸਟਿੰਗਾਂ, ਅਨੁਕੂਲ ਨੀਤੀਆਂ ਅਤੇ ਟੈਂਡਰਾਂ ਵਿੱਚ ਰਿਸ਼ਵਤ ਦੇ ਦੋਸ਼ਾਂ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ ਸੀ। ਆਪ ਸਰਕਾਰ ਨੇ ਬਿਨਾਂ ਦੇਰੀ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਹਾਈਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ।
ਹਾਈਕੋਰਟ ਨੇ ਸੀਬੀਆਈ ਨੂੰ ਐੱਫਆਈਆਰ ਦਰਜ ਕਰਕੇ ਤੁਰੰਤ ਜਾਂਚ ਸ਼ੁਰੂ ਕਰਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਸੌਂਪਣ ਦੇ ਆਦੇਸ਼ ਦਿੱਤੇ ਸਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਮਰਿੰਦਰ ਸਰਕਾਰ ਨੇ ਨਵੰਬਰ 2020 ਵਿੱਚ ਸੀਬੀਆਈ ਨੂੰ ਦਿੱਤੀ ਆਮ ਸਹਿਮਤੀ ਵਾਪਸ ਲੈ ਲਈ ਸੀ, ਇਸ ਲਈ ਸੀਬੀਆਈ ਕੋਲ ਇਸ ਮਾਮਲੇ ਵਿੱਚ ਜਾਂਚ ਦਾ ਅਧਿਕਾਰ ਖੇਤਰ ਨਹੀਂ ਹੈ।
ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਕਿਹਾ ਸੀ ਕਿ ਮਾਮਲੇ ਵਿੱਚ ਮੁੱਖ ਮੰਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ, ਸਿਆਸੀ ਆਗੂਆਂ ਅਤੇ ਉੱਚ ਅਹੁਦੇਦਾਰਾਂ ਦਾ ਜ਼ਿਕਰ ਹੋਣ ਕਰਕੇ ਪੰਜਾਬ ਪੁਲੀਸ ਨਿਰਪੱਖ ਜਾਂਚ ਨਹੀਂ ਕਰ ਸਕਦੀ, ਇਸ ਲਈ ਮਾਮਲਾ ਸੀਬੀਆਈ ਹਵਾਲੇ ਕੀਤਾ ਗਿਆ। ਇਹ ਆਦੇਸ਼ ਈਡੀ ਵੱਲੋਂ ਪੀਐੱਮਐੱਲਏ ਦੀ ਧਾਰਾ 66(2) ਤਹਿਤ ਸਾਂਝੀ ਜਾਣਕਾਰੀ ’ਤੇ ਆਧਾਰਿਤ ਸਨ।


