Punjab

ਪੰਜਾਬ ‘ਚ ਝੂਠੇ ਪਰਚੇ ਕਰਵਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਹੁਣ ਝੂਠੇ ਪਰਚੇ ਦਰਜ ਕਰਵਾਉਣ ਵਾਲਿਆਂ ਖਿਲਾਫ਼ ਪੰਜਾਬ ਸਰਕਾਰ ਵੱਡਾ ਐਕਸ਼ਨ ਲੈਣ ਜਾ ਰਹੀ ਹੈ। ਸਿਆਸੀ ਦਬਾਅ, ਨਿੱਜੀ ਰੰਜਿਸ਼ ਜਾਂ ਕਿਸੇ ਹੋਰ ਕਾਰਨ ਦਰਜ ਕੀਤੇ ਗਏ ਝੂਠੇ ਕੇਸਾਂ ਨੂੰ ਰੱਦ ਕਰਨ ਲਈ ਸਰਕਾਰ ਵਿਸ਼ੇਸ਼ ਕਮਿਸ਼ਨ ਬਣਾਏਗੀ। ਇਸ ਤਹਿਤ ਪਿਛਲੇ 10 ਸਾਲਾਂ ਦੌਰਾਨ ਦਰਜ ਹੋਏ ਸ਼ੱਕੀ ਮਾਮਲਿਆਂ ਦੀ ਜਾਂਚ ਕਰਵਾਈ ਜਾਵੇਗੀ। ਜੇਕਰ ਲੋੜ ਪਈ ਤਾਂ 15 ਸਾਲ ਦੇ ਕੇਸ ਦੀ ਵੀ ਜਾਂਚ ਕੀਤੀ ਜਾ ਸਕਦੀ ਹੈ। ਲੋੜੀਂਦੀ ਜਾਂਚ ਤੋਂ ਬਾਅਦ ਕਮਿਸ਼ਨ ਨੂੰ ਕੇਸ ਖਾਰਜ ਕਰਨ ਦਾ ਅਧਿਕਾਰ ਹੋਵੇਗਾ। ਕਮਿਸ਼ਨ ਜਾਂਚ ਲਈ ਕਿਸੇ ਵੀ ਵਿਭਾਗ ਤੋਂ ਰਿਕਾਰਡ ਤਲਬ ਕਰ ਸਕਦਾ ਹੈ। ਜਾਣਕਾਰੀ ਮੁਤਾਬਕ ਕਮਿਸ਼ਨ ਦੀ ਸਥਾਪਨਾ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।

ਮੁੱਖ ਮੰਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ ਮੁਤਾਬਕ ਸਰਕਾਰ ਕਿਸੇ ਵੀ ਵਿਅਕਤੀ ਨਾਲ ਧੱਕਾ-ਮੁੱਕੀ ਕਰਨ ‘ਤੇ ਸਖ਼ਤ ਕਦਮ ਚੁੱਕਣ ਜਾ ਰਹੀ ਹੈ। ਪਿਛਲੀਆਂ ਸਰਕਾਰਾਂ ਦੌਰਾਨ ਦਰਜ ਹੋਈਆਂ ਝੂਠੀਆਂ ਐੱਫਆਈਆਰਜ਼ ਦਾ ਸਾਹਮਣਾ ਕਰ ਰਹੇ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਪੰਜਾਬ ਸਰਕਾਰ ਦੀ ਤਰਜੀਹ ਹੈ। ਹਜ਼ਾਰਾਂ ਪੀੜਤ ਝੂਠੇ ਕੇਸਾਂ ਤੋਂ ਰਾਹਤ ਦਿਵਾਉਣ ਲਈ ਮੁੱਖ ਮੰਤਰੀ ਦਫ਼ਤਰ ਅੱਗੇ ਗੁਹਾਰ ਲਗਾ ਰਹੇ ਹਨ।

ਕਮਿਸ਼ਨ ਦੇ ਗਠਨ ਤੋਂ ਬਾਅਦ ਜ਼ਿਲ੍ਹਾ ਪੱਧਰ ‘ਤੇ ਵੀ ਟੀਮਾਂ ਦਾ ਗਠਨ ਕੀਤਾ ਜਾਵੇਗਾ। ਇਨ੍ਹਾਂ ਟੀਮਾਂ ਦੀ ਅਗਵਾਈ ਜ਼ਿਲ੍ਹਿਆਂ ਦੇ ਐੱਸਐੱਸਪੀ ਜਾਂ ਉਨ੍ਹਾਂ ਵੱਲੋਂ ਨਿਯੁਕਤ ਅਧਿਕਾਰੀ ਕਰਨਗੇ। ਪੀੜਤ ਵਿਅਕਤੀ ਆਪਣੀਆਂ ਸ਼ਿਕਾਇਤਾਂ ਜ਼ਿਲ੍ਹਾ ਪੱਧਰ ‘ਤੇ ਬਣਾਈਆਂ ਗਈਆਂ ਟੀਮਾਂ ਨੂੰ ਜਾਂ ਸਿੱਧੇ ਕਮਿਸ਼ਨ ਨੂੰ ਭੇਜ ਸਕਦੇ ਹਨ। ਕਮਿਸ਼ਨ ਉਨ੍ਹਾਂ ਮਾਮਲਿਆਂ ਦੀ ਵੀ ਜਾਂਚ ਕਰੇਗਾ, ਜਿਨ੍ਹਾਂ ਵਿੱਚ ਅਦਾਲਤਾਂ ਨੇ ਸਟੇਅ ਦਿੱਤੀ ਹੋਈ ਹੈ।

ਪੰਜਾਬ ਵਿੱਚ ਪਿਛਲੇ ਕਾਫੀ ਸਮੇਂ ਤੋਂ ਪੁਲਿਸ ‘ਤੇ ਝੂਠੇ ਕੇਸ ਦਰਜ ਕਰਨ ਦੇ ਦੋਸ਼ ਲੱਗਦੇ ਆ ਰਹੇ ਹਨ। ਸਰਕਾਰ ਬਦਲਣ ‘ਤੇ ਸੱਤਾਧਾਰੀ ਪਾਰਟੀਆਂ ਨਾਲ ਜੁੜੇ ਆਗੂ ਆਪਣੇ ਪ੍ਰਭਾਵ ਦੀ ਵਰਤੋਂ ਕਰ ਕੇ ਵਿਰੋਧੀਆਂ ਖ਼ਿਲਾਫ਼ ਝੂਠੇ ਕੇਸ ਦਰਜ ਕਰਵਾਉਂਦੀਆਂ ਹਨ। ਲੋਕਾਂ ਨੂੰ ਬਿਨ੍ਹਾਂ ਕਿਸੇ ਜੁਰਮ ਦੇ ਦਹਾਕਿਆਂ ਤੱਕ ਪਰੇਸ਼ਾਨ ਹੋਣਾ ਪੈਂਦਾ ਹੈ। ਜਿਸ ਤੋਂ ਬਾਅਦ ਹੁਣ ਸਰਕਾਰ ਵੱਲੋਂ ਕਮਿਸ਼ਨ ਦੇ ਗਠਨ ਦੀ ਪ੍ਰਕਿਰਿਆ ਸ਼ੁਰੂ ਕਰਨ ਤੋਂ ਬਾਅਦ ਇਸ ਦੀ ਜਾਂਚ ਏਡੀਜੀਪੀ ਪੱਧਰ ਦੇ ਅਧਿਕਾਰੀ ਨੂੰ ਸੌਂਪਣ ਦਾ ਫੈਸਲਾ ਕੀਤਾ ਗਿਆ ਹੈ। ਕਮਿਸ਼ਨ ਦੀ ਕਮਾਨ ਸੇਵਾਮੁਕਤ ਜਸਟਿਸ ਨੂੰ ਵੀ ਸੌਂਪੀ ਜਾ ਸਕਦੀ ਹੈ। ਜਿਨ੍ਹਾਂ ਕੇਸਾਂ ਵਿੱਚ ਚਲਾਨ ਪਹਿਲਾਂ ਹੀ ਪੇਸ਼ ਕੀਤੇ ਜਾ ਚੁੱਕੇ ਹਨ, ਉਨ੍ਹਾਂ ਨੂੰ ਵੀ ਕਮਿਸ਼ਨ ਵੱਲੋਂ ਬਣਦੀ ਜਾਂਚ ਅਤੇ ਕਾਨੂੰਨੀ ਰਾਇ ਲੈਣ ਤੋਂ ਬਾਅਦ ਰੱਦ ਕਰ ਦਿੱਤਾ ਜਾਵੇਗਾ।