Punjab

ਮਾਨ ਸਰਕਾਰ ਦੇ ਕਾਰਜਕਾਲ ‘ਚ ਝੋਨੇ ਦੀ ਸਰਕਾਰੀ ਖ਼ਰੀਦ ਅੱਜ ਤੋਂ ਸ਼ੁਰੂ , ਜਾਣੋ ਜਾਣਕਾਰੀ

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ’ਚ ਝੋਨੇ ਦੀ ਪਹਿਲੀ ਸਰਕਾਰੀ ਖ਼ਰੀਦ ਅੱਜ ਤੋਂ ਸ਼ੁਰੂ ਹੋਣ ਜਾ ਰਹੀ ਹੈ। ਨਵੀਂ ਸਰਕਾਰ ਲਈ ਝੋਨੇ ਦੀ ਖ਼ਰੀਦ ਇੱਕ ਪ੍ਰੀਖਿਆ ਹੋਵੇਗੀ ਅਤੇ ਚੁਣੌਤੀਆਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਇਹ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਖਰੀਫ ਸੀਜਨ 2022-23 ਦੌਰਾਨ ਸਮੂਹ ਖਰੀਦ ਏਜੰਸੀਆਂ ਵੱਲੋਂ ਭਾਰਤ ਸਰਕਾਰ ਵੱਲੋਂ ਨਿਰਧਾਰਤ ਕੀਤੇ ਗਏ ਘੱਟੋ ਘਟ ਸਮਰਥਨ ਮੂਲ ਰੁ. 2060/- ਪ੍ਰਤੀ ਕੁਇੰਟਲ ਝੋਨਾ ਗ੍ਰੇਡ-ਏ ਅਤੇ ਰੁ. 2040/- ਪ੍ਰਤੀ ਕੁਇੰਟਲ ਝੋਨਾ ਕਾਮਨ ਵਰਾਇਟੀ, ਤੇ ਖਰੀਦ ਕੀਤੀ ਜਾਵੇਗੀ। ਝੋਨੇ ਦੀ ਖਰੀਦ ਮਿਤੀ 01.10.2022 ਤੋਂ ਸ਼ੁਰੂ ਹੋਵੇਗੀ ਜੋ ਕਿ ਮਿਤੀ 30.11.2022 ਤੱਕ ਚੱਲੇਗੀ। ਭਾਰਤ ਸਰਕਾਰ ਵੱਲੋਂ ਸਰਕਾਰੀ ਖਰੀਦ ਏਜੰਸੀਆਂ ਲਈ ਕੁੱਲ 184.45 ਲੱਖ ਮੀ.ਟਨ ਝੋਨੇ ਦੀ ਖਰੀਦ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ ਜਦੋਂ ਕਿ ਰਾਜ ਸਰਕਾਰ ਵੱਲੋਂ ਕੁੱਲ 191 ਲੱਖ ਮੀ.ਟਨ ਝੋਨੇ ਦੀ ਖਰੀਦ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਝੋਨੇ ਦੀ ਖ਼ਰੀਦ ਲਈ 36,999 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ ਜਾਰੀ ਕਰ ਦਿੱਤੀ ਹੈ ਜਦਕਿ ਕੈਸ਼ ਕਰੈਡਿਟ ਲਿਮਟ ਦੀ ਬਾਕੀ ਰਕਮ 7,500 ਰੁਪਏ ਨਵੰਬਰ ਮਹੀਨੇ ਵਿਚ ਜਾਰੀ ਹੋਵੇਗੀ।

ਵੇਰਵਿਆਂ ਅਨੁਸਾਰ ਪੰਜਾਬ ਸਰਕਾਰ ਨੂੰ ਸੂਬੇ ਵਿੱਚ ਐਤਕੀਂ ਬੰਪਰ ਫ਼ਸਲ ਹੋਣ ਦੀ ਉਮੀਦ ਹੈ ਅਤੇ ਕਰੀਬ 200 ਲੱਖ ਮੀਟਰਿਕ ਟਨ ਦੀ ਪੈਦਾਵਾਰ ਦਾ ਅਨੁਮਾਨ ਲਾਇਆ ਜਾ ਰਿਹਾ ਹੈ। ਹਾਲਾਂਕਿ ਐਤਕੀਂ ਬੇਮੌਸਮੇ ਮੀਂਹ ਅਤੇ ਝੋਨੇ ਦੀ ਫ਼ਸਲ ’ਤੇ ਚੀਨੀ ਵਾਇਰਸ ਦੇ ਹਮਲੇ ਕਰਕੇ ਝਾੜ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ ਪਰ ਖੇਤੀ ਮਾਹਿਰਾਂ ਨੇ ਇੱਕ ਫ਼ੀਸਦ ਤੋਂ ਵੱਧ ਝਾੜ ਘਟਣ ਦਾ ਖਦਸ਼ਾ ਜਤਾਇਆ ਹੈ। ਖੇਤੀ ਮਹਿਕਮੇ ਦੇ ਵੇਰਵਿਆਂ ਮੁਤਾਬਿਕ ਪੰਜਾਬ ਵਿਚ ਬੇਮੌਸਮੇ ਮੀਂਹ ਕਰਕੇ ਹਾਲ ’ਚ ਹੀ ਝੋਨੇ ਹੇਠ ਲਗਪਗ 3.50 ਲੱਖ ਏਕੜ ਰਕਬਾ ਪ੍ਰਭਾਵਿਤ ਹੋਇਆ ਹੈ।

ਪੰਜਾਬ ਮੰਡੀ ਬੋਰਡ ਵੱਲੋਂ ਖ਼ਰੀਦ ਕੇਂਦਰਾਂ ਵਿਚ ਸਭ ਇੰਤਜ਼ਾਮਾਂ ਨੂੰ ਅੰਤਿਮ ਛੋਹਾਂ ਦੇ ਦਿੱਤੀਆਂ ਗਈਆਂ ਹਨ। ਖ਼ੁਰਾਕ ਤੇ ਸਪਲਾਈ ਮਹਿਕਮੇ ਦਾ ਦਾਅਵਾ ਹੈ ਕਿ ਚੌਲ ਮਿੱਲਾਂ ਦੀ ਅਲਾਟਮੈਂਟ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਵਾਸਤੇ ਪਹਿਲਾਂ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਸੂਬੇ ਵਿਚ ਤਿੰਨ ਥਾਵਾਂ ’ਤੇ ਮੀਟਿੰਗਾਂ ਕਰਨੀਆਂ ਸਨ ਪਰ ਮਗਰੋਂ ਇਹ ਮੀਟਿੰਗਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

ਕੇਂਦਰ ਸਰਕਾਰ ਨੇ ਇਸ ਵਾਰ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ 2040 ਰੁਪਏ ਪ੍ਰਤੀ ਕੁਇੰਟਲ ਮਿਥਿਆ ਹੈ। ਖੇਤੀ ਮਹਿਕਮੇ ਦੇ ਡਾਇਰੈਕਟਰ ਗੁਰਬਿੰਦਰ ਸਿੰਘ ਦਾ ਕਹਿਣਾ ਸੀ ਕਿ ਐਤਕੀਂ ਮੀਂਹ ਕਰਕੇ ਝੋਨੇ ਦੀ ਕਟਾਈ ਦਾ ਕੰਮ ਹਫ਼ਤਾ ਪਛੜ ਕੇ ਚੱਲਣ ਦੀ ਸੰਭਾਵਨਾ ਹੈ ਅਤੇ 31 ਲੱਖ ਹੈਕਟੇਅਰ ਰਕਬੇ ਵਿੱਚ ਇਸ ਵਾਰ ਝੋਨੇ ਦੀ ਬਿਜਾਂਦ ਹੋਈ ਹੈ। ਉਨ੍ਹਾਂ ਦੱਸਿਆ ਕਿ ਬਾਰਸ਼ ਕਰਕੇ ਝਾੜ ’ਤੇ ਬਹੁਤਾ ਅਸਰ ਨਹੀਂ ਪਵੇਗਾ। ਪਤਾ ਲੱਗਾ ਹੈ ਕਿ ਖੰਨਾ, ਰਾਜਪੁਰਾ ਅਤੇ ਸੰਗਰੂਰ ਦੇ ਕੁੱਝ ਖ਼ਰੀਦ ਕੇਂਦਰਾਂ ਵਿਚ ਫ਼ਸਲ ਦੀ ਆਮਦ ਵੀ ਸ਼ੁਰੂ ਹੋ ਗਈ ਹੈ। ਸਰਕਾਰੀ ਖ਼ਰੀਦ ਭਲਕੇ ਤੋਂ ਸ਼ੁਰੂ ਹੋਵੇਗੀ। ਦੂਜੇ ਪਾਸੇ ਕਿਸਾਨਾਂ ਨੂੰ ਡਰ ਹੈ ਕਿ ਮੌਸਮ ਦੀ ਮਾਰ ਪੈਣ ਕਰਕੇ ਫ਼ਸਲ ਵਿੱਚ ਨਮੀ ਦੀ ਮਾਤਰਾ ਵਧ ਸਕਦੀ ਹੈ ਜਿਸ ਨੂੰ ਲੈ ਕੇ ਭਾਰਤੀ ਖ਼ੁਰਾਕ ਨਿਗਮ ਅੜਿੱਕੇ ਖੜ੍ਹੇ ਕਰ ਸਕਦਾ ਹੈ।

ਸੂਬੇ ’ਚ ਅਨਾਜ ਭੰਡਾਰ ਲਈ ਜਗ੍ਹਾ ਦੀ ਘਾਟ ਨਹੀਂ: ਐੱਫਸੀਆਈ

ਐਤਕੀਂ ਸੂਬੇ ਵਿਚ ਅਨਾਜ ਭੰਡਾਰਨ ਲਈ ਜਗ੍ਹਾ ਦੀ ਕੋਈ ਕਮੀ ਨਜ਼ਰ ਨਹੀਂ ਆ ਰਹੀ ਹੈ। ਭਾਰਤੀ ਖ਼ੁਰਾਕ ਨਿਗਮ (ਐੱਫਸੀਆਈ) ਦੇ ਖੇਤਰੀ ਜਨਰਲ ਮੈਨੇਜਰ ਹੇਮੰਤ ਕੁਮਾਰ ਜੈਨ ਦਾ ਕਹਿਣਾ ਸੀ ਕਿ ਕੇਂਦਰੀ ਏਜੰਸੀ ਕੋਲ ਪੰਜਾਬ ਵਿਚ 127 ਲੱਖ ਮੀਟਰਿਕ ਟਨ ਕਵਰਡ ਸਪੇਸ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਕੇਂਦਰੀ ਏਜੰਸੀ ਕੋਲ 58.29 ਲੱਖ ਐੱਮ.ਟੀ. ਚੌਲ ਅਤੇ 16.95 ਲੱਖ ਐੱਮ.ਟੀ. ਕਣਕ ਦਾ ਭੰਡਾਰ ਹੈ। ਉਨ੍ਹਾਂ ਕਿਹਾ ਕਿ ਅਨਾਜ ਭੰਡਾਰਨ ਲਈ ਜਗ੍ਹਾ ਦੀ ਕੋਈ ਕਮੀ ਨਹੀਂ ਹੈ।