The Khalas Tv Blog Punjab ਪੰਜਾਬ ਸਰਕਾਰ ਨੇ ਦੋ ਹੋਰ ਟੋਲ ਪਲਾਜ਼ੇ ਕੀਤੇ ਬੰਦ! ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਨੇ ਕੀਤਾ ਖ਼ੁਲਾਸਾ
Punjab

ਪੰਜਾਬ ਸਰਕਾਰ ਨੇ ਦੋ ਹੋਰ ਟੋਲ ਪਲਾਜ਼ੇ ਕੀਤੇ ਬੰਦ! ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਨੇ ਕੀਤਾ ਖ਼ੁਲਾਸਾ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਰਾਜ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ ’ਤੇ ਬਣੇ ਦੋ ਟੋਲ ਪਲਾਜ਼ੇ 5 ਅਗਸਤ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੇ ਗਏ ਹਨ। ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਹ ਜਾਣਕਾਰੀ ਦਿੱਤੀ ਹੈ।

ਪ੍ਰੈਸ ਬਿਆਨ ਜਾਰੀ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪਟਿਆਲਾ-ਨਾਭਾ-ਮਲੇਰਕੋਟਲਾ ’ਤੇ ਮੋਹਰਾਣਾ ਅਤੇ ਕਲਿਆਣ ਸਥਿਤ ਟੋਲ ਪਲਾਜ਼ਿਆਂ ’ਤੇ ਰੋਡ ਯੂਜ਼ਰ ਫੀਸ ਦੀ ਵਸੂਲੀ ਬੀਤੀ ਰਾਤ ਬੰਦ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਨਾਂ ਟੋਲ ਪਲਾਜ਼ਿਆਂ ਤੋਂ ਪ੍ਰਤੀ ਮਹੀਨਾ ਕੁੱਲ 87 ਲੱਖ ਰੁਪਏ ਪ੍ਰਾਪਤ ਹੁੰਦੇ ਸਨ।

ਉਨ੍ਹਾਂ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਧ ਰਹੀ ਮਹਿੰਗਾਈ ਦੌਰਾਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਯਤਨਾਂ ਦਾ ਹਿੱਸਾ ਹੈ। ਇਨ੍ਹਾਂ ਦੋ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਸੂਬੇ ਭਰ ਵਿੱਚ ਬੰਦ ਪਏ ਟੋਲ ਪਲਾਜ਼ਿਆਂ ਦੀ ਕੁੱਲ ਗਿਣਤੀ 18 ਹੋ ਗਈ ਹੈ, ਜਿਸ ਨਾਲ ਇਨ੍ਹਾਂ ਮਾਰਗਾਂ ’ਤੇ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਰੋਜ਼ਾਨਾ 61.67 ਲੱਖ ਰੁਪਏ ਦੀ ਬਚਤ ਹੁੰਦੀ ਹੈ।

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਟੋਲ ਉਗਰਾਹੀ ਨੂੰ ਰੋਕਣਾ ਪੰਜਾਬ ਦੇ ਲੋਕਾਂ ਲਈ ਆਰਥਿਕ ਰਾਹਤ, ਨਾਗਰਿਕਾਂ ’ਤੇ ਵਿੱਤੀ ਬੋਝ ਨੂੰ ਘੱਟ ਕਰਨ ਅਤੇ ਇਨ੍ਹਾਂ ਸੜਕਾਂ ’ਤੇ ਨਿਰਵਿਘਨ ਅਤੇ ਆਸਾਨ ਆਵਾਜਾਈ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਮਾਰਗਾਂ ਦੇ ਕੁੱਲ 590 ਕਿਲੋਮੀਟਰ ਤੋਂ ਟੋਲ ਨੂੰ ਸਮਾਪਤ ਕਰ ਦਿੱਤਾ ਹੈ।

Exit mobile version