Punjab

ਪਰਾਲੀ ਦਾ ਮਸਲਾ : ਦਿੱਲੀ ‘ਚ ਮੀਟਿੰਗ ਕਰਨ ਤੋਂ ਬਾਅਦ ਖੇਤੀਬਾੜੀ ਮੰਤਰੀ ਦਾ ਵੱਡਾ ਐਲਾਨ

Punjab Agriculture Minister Kuldeep Singh Dhaliwal

ਚੰਡੀਗੜ੍ਹ : ਦਿੱਲੀ ਦੇ ਵਿਕਾਸ ਮੰਤਰੀ ਗੋਪਾਲ ਰਾਏ ਨੇ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਦੇ ਮੁੱਦੇ ਨੂੰ ਹੱਲ ਕਰਨ ਲਈ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ(Kuldeep Singh Dhaliwal ) ਅਤੇ ਭਾਰਤੀ ਖੇਤੀ ਖੋਜ ਸੰਸਥਾ (PUSA) ਦੇ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ, ਦਿੱਲੀ ਵਿੱਚ ਪਰਾਲੀ ਨੂੰ ਗਾਲ਼ਣ ਲਈ ਬਾਇਓ ਡੀ-ਕੰਪੋਜ਼ਰ ਦੀ ਸਫ਼ਲਤਾਪੂਰਵਕ ਵਰਤੋਂ ਦੇ ਮੱਦੇਨਜ਼ਰ ਇਹ ਫੈਸਲਾ ਕੀਤਾ ਗਿਆ ਕਿ ਪੰਜਾਬ ਵਿੱਚ ਵੀ ਪਾਇਲਟ ਪ੍ਰੋਜੈਕਟ ਵਜੋਂ, ਕੁਝ ਖੇਤਰਾਂ ਵਿੱਚ ਮੁਫਤ ਬਾਇਓ ਡੀ-ਕੰਪੋਜ਼ਰ ਦਾ ਛਿੜਕਾਅ ਕੀਤਾ ਜਾਵੇਗਾ ਅਤੇ ਇਸਦੇ ਨਤਜਿਆਂ ਦੇ ਮੁਲਾਂਕਣ ਤੋਂ ਬਾਅਦ ਬਾਇਓ ਡੀ-ਕੰਪੋਜ਼ਰ ਦੇ ਛਿੜਕਾਅ ਬਾਰੇ ਅਗਲਾ ਫੈਸਲਾ ਲਿਆ ਜਾਵੇਗਾ।

ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਭਾਰਤੀ ਖੇਤੀ ਖੋਜ ਸੰਸਥਾਨ (ਪੂਸਾ) ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਪੰਜਾਬ ਵਿੱਚ ਪਾਇਲਟ ਪ੍ਰੋਜੈਕਟ ਵਜੋਂ ਬਾਇਓ ਡੀ-ਕੰਪੋਜ਼ਰ ਦਾ ਮੁਫ਼ਤ ਛਿੜਕਾਅ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕਣ ਅਤੇ ਸਮਾਂ ਰਹਿੰਦਿਆਂ ਸਾਰੀ ਤਿਆਰੀ ਕਰ ਲੈਣ। ਭਾਰਤੀ ਖੇਤੀ ਖੋਜ ਸੰਸਥਾ (ਪੂਸਾ) ਦੀ ਦੇਖ-ਰੇਖ ਹੇਠ ਪੰਜਾਬ ਵਿੱਚ ਪਾਇਲਟ ਪ੍ਰੋਜੈਕਟ ਵਜੋਂ ਕੁਝ ਖੇਤਰਾਂ ਵਿੱਚ ਮੁਫ਼ਤ ਬਾਇਓ ਡੀ-ਕੰਪੋਜ਼ਰ ਦਾ ਛਿੜਕਾਅ ਕੀਤਾ ਜਾਵੇਗਾ। ਪੰਜਾਬ ਵਿੱਚ ਪਹਿਲੀ ਵਾਰ ਸਰਕਾਰ ਵੱਲੋਂ ਇਹ ਮੁਹਿੰਮ ਚਲਾਈ ਜਾ ਰਹੀ ਹੈ, ਇਸ ਲਈ ਇਹ ਕੁਝ ਖੇਤਰਾਂ ਵਿੱਚ ਪਾਇਲਟ ਪ੍ਰੋਜੈਕਟ ਦੇ ਆਧਾਰ ‘ਤੇ ਕੀਤੀ ਜਾਵੇਗੀ ਅਤੇ ਇਸ ਦੇ ਮੁਲਾਂਕਣ ਤੋਂ ਬਾਅਦ ਅੱਗੇ ਫੈਸਲਾ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿਸਾਨਾਂ ਲਈ ਬਾਇਓ ਡੀ-ਕੰਪੋਜ਼ਰ ਦੇ ਛਿੜਕਾਅ ਸਬੰਧੀ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇਗੀ।

ਵਿਕਾਸ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਹੀ ਝੋਨੇ ਦੀ ਖੇਤੀ ਹੁੰਦੀ ਹੈ। ਪਿਛਲੇ ਸਾਲ, ਸਰਕਾਰ ਦੁਆਰਾ ਬਾਇਓ ਡੀ-ਕੰਪੋਜ਼ਰ ਦਾ ਮੁਫਤ ਛਿੜਕਾਅ ਕੀਤਾ ਗਿਆ ਸੀ ਤਾਂ ਜੋ ਦਿੱਲੀ ਵਿੱਚ ਪਰਾਲੀ ਸਾੜਨ ਨਾਲ ਪ੍ਰਦੂਸ਼ਣ ਨਾ ਹੋਵੇ। ਜਿਸ ਦਾ ਬਹੁਤ ਹੀ ਸਾਕਾਰਾਤਮਕ ਨਤੀਜਾ ਨਿਕਲਿਆ, ਪਰਾਲੀ ਗਲ ਗਈ ਅਤੇ ਖੇਤ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋਇਆ। ਇਸ ਸਾਲ ਵੀ ਦਿੱਲੀ ਦੇ ਅੰਦਰ ਬਾਸਮਤੀ ਅਤੇ ਗੈਰ-ਬਾਸਮਤੀ ਝੋਨੇ ਦੇ ਖੇਤਾਂ ‘ਤੇ ਸਰਕਾਰ ਵੱਲੋਂ ਛਿੜਕਾਅ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨਾਂ ਦੇ ਸਾਹਮਣੇ ਇੱਕ ਸਮੱਸਿਆ ਇਹ ਹੈ ਕਿ ਝੋਨੇ ਦੀ ਫ਼ਸਲ ਦੀ ਕਟਾਈ ਅਤੇ ਕਣਕ ਦੀ ਬਿਜਾਈ ਵਿੱਚ ਸਮਾਂ ਘੱਟ ਰਹਿ ਜਾਂਦਾ ਹੈ। ਇਸ ਲਈ ਦਿੱਲੀ ਸਰਕਾਰ ਨੇ ਸਮੇਂ ਸਿਰ ਇਸ ਕੰਮ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਕੋਈ ਦੇਰੀ ਨਾ ਹੋਵੇ ਅਤੇ ਕਿਸਾਨਾਂ ਨੂੰ ਵਧੀਆ ਨਤੀਜੇ ਮਿਲ ਸਕਣ।

ਵਿਕਾਸ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਬਾਇਓ ਡੀ-ਕੰਪੋਜ਼ਰ ਦੇ ਛਿੜਕਾਅ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ, ਕਿਉਂਕਿ ਪਰਾਲੀ ਨੂੰ ਜੈਵਿਕ ਖਾਦ ਵਿੱਚ ਬਦਲ ਦਿੱਤਾ ਜਾਂਦਾ ਹੈ। ਇਸ ਦੇ ਨਾਲ ਹੀ ਇਹ ਖਾਦ ਦੀ ਖਪਤ ਨੂੰ ਵੀ ਘਟਾਉਂਦਾ ਹੈ। ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਦਾ ਨੁਕਸਾਨ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਇਹ ਲਾਭਦਾਇਕ ਬੈਕਟੀਰੀਆ ਅਤੇ ਫੰਜਾਈ ਨੂੰ ਵੀ ਨਸ਼ਟ ਕਰਦਾ ਹੈ।ਬਾਇਓ ਡੀ-ਕੰਪੋਜ਼ਰ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਇੱਕ ਕੁਸ਼ਲ, ਪ੍ਰਭਾਵਸ਼ਾਲੀ, ਸਸਤੀ ਅਤੇ ਵਾਤਾਵਰਣ-ਅਨੁਕੂਲ ਤਕਨੀਕ ਹੈ।