ਅੱਜ 29 ਜੂਨ ਨੂੰ ਪੰਜਾਬ ਦੇ ਲਗਭਗ 92 ਸਿੱਖ ਮੰਤਰੀ ਅਤੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਰਹੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਤੋਂ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਪਾਸ ਕੀਤੇ ਗਏ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਬਾਰੇ ਜਵਾਬ ਮੰਗੇ ਗਏ ਹਨ। ਇਸ ਐਕਟ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਵੱਲੋਂ 15 ਜੂਨ ਨੂੰ ਆਦੇਸ਼ ਜਾਰੀ ਕੀਤਾ ਗਿਆ ਸੀ।
ਆਪ ਦੇ ਸਾਰੇ ਸਿੱਖ ਵਿਧਾਇਕ ਅਤੇ ਮੰਤਰੀ ਨੰਗੇ ਪੈਰੀਂ ਅਕਾਲ ਤਖ਼ਤ ਪਹੁੰਚੇ, ਜਦਕਿ ਕਾਂਗਰਸੀ ਵਿਧਾਇਕ ਲਿਖਤੀ ਸਪੱਸ਼ਟੀਕਰਨ ਲੈ ਕੇ ਹਾਜ਼ਰ ਹੋਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਐਲਾਨ ਕੀਤਾ ਸੀ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਉਨ੍ਹਾਂ ਦੀ ਪਾਰਟੀ ਦੇ ਆਗੂ ਆਪਣਾ ਪੱਖ ਰੱਖਣਗੇ।
ਇਸੇ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ 2008 ਦੇ ਕਾਨੂੰਨ ਵਿੱਚ ਲੰਬੇ ਸਮੇਂ ਤੋਂ ਖਾਲਸਾ ਪੰਥ ਦੀ ਸਹਿਮਤੀ ਤੋਂ ਬਿਨਾਂ ਅਤੇ ਸਿੱਖ ਸੰਸਥਾਵਾਂ ਨੂੰ ਬਾਈਪਾਸ ਕਰਕੇ ਸੋਧਾਂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਨੇ ਗੁਰੂ ਅਤੇ ਸਿੱਖਾਂ ਵਿਚਕਾਰ ਦਖ਼ਲ ਦਿੱਤਾ ਹੈ ਅਤੇ ਅਕਾਲ ਤਖ਼ਤ ਸਾਹਿਬ ਦੇ ਅਧਿਕਾਰ ਵਿੱਚ ਵੀ ਖਲਲ ਪਾਇਆ ਹੈ। ਇਸ ਲਈ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੂੰ ਤਲਬ ਕੀਤਾ ਗਿਆ ਹੈ।
ਪੰਜ ਸਿੰਘ ਸਾਹਿਬਾਨ ਵੱਲੋਂ ਪੰਜ ਗੈਰ-ਸਿੱਖ ਮੰਤਰੀਆਂ ਤੋਂ ਵੀ ਲਿਖਤੀ ਸਪੱਸ਼ਟੀਕਰਨ ਮੰਗਿਆ ਗਿਆ ਹੈ। ਥਾਂ ਦੀ ਘਾਟ ਕਾਰਨ ਅਕਾਲ ਤਖ਼ਤ ਸਕੱਤਰੇਤ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਖੁੱਲ੍ਹੇ ਮਾਹੌਲ ਵਿੱਚ ਵਿਚਾਰ-ਵਟਾਂਦਰਾ ਹੋਵੇਗਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਵਾਦਿਤ ਵੀਡੀਓ ਦਾ ਮਾਮਲਾ ਵੀ ਉਠਾਇਆ ਜਾ ਸਕਦਾ ਹੈ, ਹਾਲਾਂਕਿ ਉਨ੍ਹਾਂ ਨੂੰ ਇਸ ਐਕਟ ਲਈ ਨਿੱਜੀ ਤੌਰ ’ਤੇ ਤਲਬ ਨਹੀਂ ਕੀਤਾ ਗਿਆ ਸੀ।

