ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰੀ ਵਿਭਾਗਾਂ ‘ਚ ਕੰਮ ਤੇਜ਼ ਕਰਨ ਤੇ ਮੁਲਾਜ਼ਮਾਂ ‘ਤੇ ਕੰਮ ਦਾ ਬੋਝ ਘਟਾਉਣ ਲਈ 16 ਹਜ਼ਾਰ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਇਸ ਦੀ ਪੁਸ਼ਟੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਵਿਭਾਗਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਕੋਸ਼ਿਸ਼ ਤੱਕ ਨਹੀਂ ਕੀਤੀ। ਇਸ ਕਾਰਨ ਕੰਮਕਾਜ ਕਾਫੀ ਪ੍ਰਭਾਵਿਤ ਹੋਇਆ ਹੈ। ਹੁਣ ਭਰਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਸੂਬਾ ਸਰਕਾਰ ਵੱਲੋਂ ਸਾਰੇ ਵਿਭਾਗੀ ਮੁਖੀਆਂ ਨੂੰ ਖਾਲੀ ਅਸਾਮੀਆਂ ਦੀ ਰਿਪੋਰਟ ਮੁੱਖ ਮੰਤਰੀ ਦਫ਼ਤਰ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਾਰੀਆਂ ਰਿਪੋਰਟਾਂ ਮਿਲਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਇਸ ਤੋਂ ਬਾਅਦ ਸ਼੍ਰੇਣੀ-3 ਅਤੇ ਸ਼੍ਰੇਣੀ-4 ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਅਸਾਮੀਆਂ ‘ਤੇ ਭਰਤੀ ਕੀਤੀ ਜਾਵੇਗੀ।
ਇਸ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਵਿਭਾਗਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਕੋਸ਼ਿਸ਼ ਤੱਕ ਨਹੀਂ ਕੀਤੀ। ਇਸ ਕਾਰਨ ਕੰਮਕਾਜ ਕਾਫੀ ਪ੍ਰਭਾਵਿਤ ਹੋਇਆ ਹੈ। ਹੁਣ ਭਰਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕਰਕੇ ਫੈਸਲਾ ਕੀਤਾ ਹੈ ਕਿ ਲੰਬੇ ਸਮੇਂ ਤੋਂ ਖਾਲੀ ਪਈਆਂ ਅਸਾਮੀਆਂ ਨੂੰ ਖਤਮ ਨਹੀਂ ਕੀਤਾ ਜਾਵੇਗਾ, ਕਿਉਂਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਸਾਰੀਆਂ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ।
ਪੰਜਾਬ ਸਰਕਾਰ ਨੇ ਪਿਛਲੇ ਡੇਢ ਸਾਲ ਵਿੱਚ 30 ਹਜ਼ਾਰ ਲੋਕਾਂ ਨੂੰ ਨੌਕਰੀਆਂ ਦੇਣ ਦਾ ਦਾਅਵਾ ਕੀਤਾ ਹੈ। ਪੰਜਾਬ ਸਰਕਾਰ ਆਪਣੇ ਕਾਰਜਕਾਲ ਦੇ ਦੂਜੇ ਸਾਲ ਇਸ ਅੰਕੜੇ ਨੂੰ 50 ਹਜ਼ਾਰ ਤੱਕ ਲੈ ਜਾਣਾ ਚਾਹੁੰਦੀ ਹੈ।