Punjab

ਹੜਤਾਲ ‘ਤੇ ਗਏ ਕਰਮਚਾਰੀਆਂ ਨੂੰ ਹੜਤਾਲ ਪਈ ਮਹਿੰਗੀ, ਪੰਜਾਬ ਸਰਕਾਰ ਨੇ ਵਾਪਸ ਲਈ ਨੌਕਰੀ

‘ਦ ਖ਼ਾਲਸ ਬਿਊਰੋ :- ਰਾਸ਼ਟਰੀ ਸਿਹਤ ਮਿਸ਼ਨ (ਐੱਨਐੱਚਐੱਮ) ਦੇ ਮਿਸ਼ਨ ਡਾਇਰੈਕਟਰ ਨੇ ਐੱਨਐੱਚਐੱਮ ਦੇ ਮੁਲਾਜ਼ਮਾਂ ਨੂੰ ਨੌਕਰੀਆਂ ਤੋਂ ਕੱਢਣ ਦੇ ਹੁਕਮ ਦੇ ਦਿੱਤੇ ਹਨ। ਉਨ੍ਹਾਂ ਨੇ ਪੰਜਾਬ ਦੇ ਸਾਰੇ ਸਿਵਲ ਸਰਜਨਾਂ ਨੂੰ ਇਹ ਹੁਕਮ ਭੇਜਦਿਆਂ ਕਿਹਾ ਹੈ ਕਿ ਇਨ੍ਹਾਂ ਦੀ ਥਾਂ ਇੱਕ ਹਜ਼ਾਰ ਰੁਪਏ ਰੋਜ਼ਾਨਾ ਦੇ ਖ਼ਰਚੇ ’ਤੇ ਨਵੇਂ ਵਾਲੰਟੀਅਰ ਰੱਖੇ ਜਾਣ।

ਜਾਣਕਾਰੀ ਮੁਤਾਬਕ ਵਿਭਾਗ ਨੇ ਹੜਤਾਲ ’ਤੇ ਗਏ ਮੁਲਾਜ਼ਮਾਂ ਨੂੰ 4 ਮਈ ਅਤੇ 8 ਮਈ ਨੂੰ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਸੀ। ਵਿਭਾਗ ਨੇ 9 ਮਈ ਨੂੰ ਆਖ਼ਰੀ ਚਿਤਾਵਨੀ ਦਿੱਤੀ ਸੀ ਕਿ ਕਰੋਨਾ ਦੇ ਹਾਲਾਤ ਨੂੰ ਦੇਖਦਿਆਂ ਮੁਲਾਜ਼ਮ 10 ਮਈ ਨੂੰ ਸਵੇਰੇ 10 ਵਜੇ ਤੱਕ ਡਿਊਟੀ ਜੁਆਇਨ ਕਰ ਲੈਣ, ਪਰ ਫਿਰ ਵੀ ਬਹੁਤ ਸਾਰੇ ਮੁਲਾਜ਼ਮ ਹੜਤਾਲ ’ਤੇ ਹੀ ਬੈਠੇ ਰਹੇ। ਇਸ ਤੋਂ ਬਾਅਦ ਦੇਰ ਸ਼ਾਮ ਮਿਸ਼ਨ ਦੇ ਡਾਇਰੈਕਟਰ ਨੇ ਹੜਤਾਲ ’ਤੇ ਚੱਲ ਰਹੇ ਸਾਰੇ ਹੀ ਮੁਲਾਜ਼ਮਾਂ ਦੀਆਂ ਸੇਵਾਵਾਂ ਖਤਮ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਐੱਨਐੱਚਐੱਮ ਯੂਨੀਅਨ ਦੀ ਸੂਬਾ ਮੀਤ ਪ੍ਰਧਾਨ ਕਿਰਨਜੀਤ ਕੌਰ ਨੇ ਕਿਹਾ ਕਿ ਸਰਕਾਰ ਸਿੱਧੇ ਤੌਰ ’ਤੇ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੁਲਾਜ਼ਮ ਕਰੋਨਾ ਦੌਰ ਵਿੱਚ ਅੱਗੇ ਵੱਧ ਕੇ ਕੰਮ ਕਰ ਰਹੇ ਹਨ। ਸਰਕਾਰ ਕੋਈ ਵੀ ਹੁਕਮ ਜਾਰੀ ਕਰੇ, ਪਰ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।